ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਲੁਧਿਆਣਾ ਦੇ ਨਿਊ ਵਿਸ਼ਵਕਰਮਾ ਨਗਰ ਇਲਾਕੇ 'ਚੋਂ 24 ਸਾਲਾ ਲੜਕੀ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿਚ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਲੜਕੀ ਦੇ ਪਿਤਾ ਦੇ ਬਿਆਨਾਂ 'ਤੇ ਗੁਆਂਢ ਵਿਚ ਰਹਿਣ ਵਾਲੇ ਨੌਜਵਾਨ ਸਚਿਨ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਮੋਤੀ ਨਗਰ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਲੜਕੀ ਦੇ ਪਿਤਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਦੀ ਬੇਟੀ ਸ਼ੱਕੀ ਹਾਲਾਤ 'ਚ ਲਾਪਤਾ ਹੋ ਗਈ ਸੀ। ਲੜਕੀ ਦੀਆਂ ਸਹੇਲੀਆਂ ਅਤੇ ਰਿਸ਼ਤੇਦਾਰਾਂ ਕੋਲੋਂ ਪੁੱਛਗਿੱਛ ਕਰਨ ਦੇ ਬਾਵਜੂਦ ਵੀ ਉਸ ਸਬੰਧੀ ਕੋਈ ਜਾਣਕਾਰੀ ਨਾ ਮਿਲੀ। ਇਸ ਦੌਰਾਨ ਉਨ੍ਹਾਂ ਨੂੰ ਪਤਾ ਲੱਗਾ ਕਿ ਗੁਆਂਢ 'ਚ ਰਹਿਣ ਵਾਲਾ ਸਚਿਨ ਕੁਮਾਰ ਉਨ੍ਹਾਂ ਦੀ ਬੇਟੀ ਨੂੰ ਅਗਵਾ ਕਰ ਕੇ ਲੈ ਗਿਆ ਹੈ। ਜਾਂਚ ਅਧਿਕਾਰੀ ਸੁਲੱਖਣ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।