ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦੀ ਵੱਡੀ ਘੇਰਾਬੰਦੀ, 15 ਥਾਵਾਂ ’ਤੇ ਕਾਸੋ 19 ਮੁਲਜ਼ਮ ਗ੍ਰਿਫ਼ਤਾਰ 1 ਨੰਬਰ ਦੀ ਲੀਡ:ਨਸ਼ਾ ਤਸਕਰਾਂ ਖ਼ਿਲਾਫ਼ ਲੁਧਿਆਣਾ ਪੁਲਿਸ ਦੀ ਵੱਡੀ ਘੇਰਾਬੰਦੀ, 15 ਥਾਵਾਂ ’ਤੇ ਕਾਸੋ 19 ਮੁਲਜ਼ਮ ਗ੍ਰਿਫ਼ਤਾਰ
Publish Date: Sat, 10 Oct 2026 08:21 PM (IST)
Updated Date: Sun, 11 Oct 2026 04:06 AM (IST)
25 ਗਜ਼ਟਿਡ ਅਧਿਕਾਰੀਆਂ ਦੀ ਅਗਵਾਈ ਹੇਠ 500 ਪੁਲਿਸ ਮੁਲਾਜ਼ਮਾਂ ਨੇ ਚਲਾਇਆ ਸਰਚ ਆਪ੍ਰੇਸ਼ਨ, ਹੈਰੋਇਨ, ਆਈਸ, ਗਾਂਜਾ ਤੇ ਭੁੱਕੀ ਬਰਾਮਦ -ਨਸ਼ਾ ਛੱਡਣ ਦੇ ਚਾਹਵਾਨ 23 ਵਿਅਕਤੀਆਂ ਨੂੰ ਇਲਾਜ ਨਾਲ ਜੋੜਿਆ ਸੁਸ਼ੀਲ ਕੁਮਾਰ ਸ਼ਸ਼ੀ, ਗੌਰਵ ਕੁਮਾਰ ਸਲੂਜਾ, ਪੰਜਾਬੀ ਜਾਗਰਣ, ਲੁਧਿਆਣਾ : ਲੁਧਿਆਣਾ ਵਿੱਚ ਨਸ਼ਾ ਤਸਕਰਾਂ ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਤੇਜ਼ ਕਰਦਿਆਂ ਪੁਲਿਸ ਕਮਿਸ਼ਨਰੇਟ ਵੱਲੋਂ ਸ਼ਹਿਰ ਦੇ 15 ਨਸ਼ਾ ਪ੍ਰਭਾਵਿਤ ਹੌਟਸਪੌਟ ਇਲਾਕਿਆਂ ਵਿੱਚ ਇਕੋ ਸਮੇਂ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਸਵੇਰੇ 6 ਵਜੇ ਸ਼ੁਰੂ ਹੋਏ ਇਸ ਵਿਸ਼ੇਸ਼ ਆਪ੍ਰੇਸ਼ਨ ਦੌਰਾਨ 465 ਵਿਅਕਤੀਆਂ ਤੇ 158 ਵਾਹਨਾਂ ਦੀ ਜਾਂਚ ਕੀਤੀ ਗਈ। ਪੁਲਿਸ ਨੇ 15 ਮੁਕੱਦਮੇ ਦਰਜ ਕਰ ਕੇ 19 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਵੱਖ-ਵੱਖ ਕਿਸਮਾਂ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ। ਇਸ ਮੁਹਿੰਮ ਦੀ ਖ਼ਾਸ ਗੱਲ ਇਹ ਰਹੀ ਕਿ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਦੇ ਨਾਲ-ਨਾਲ ਨਸ਼ੇ ਦੀ ਲਤ ਨਾਲ ਜੂਝ ਰਹੇ ਵਿਅਕਤੀਆਂ ਨੂੰ ਇਲਾਜ ਤੇ ਮੁੜ ਵਸੇਬੇ ਨਾਲ ਜੋੜਨ ਲਈ ਵੀ ਕਦਮ ਚੁੱਕੇ। ਚਾਰ ਜ਼ੋਨਾਂ ਦੇ 15 ਹੌਟਸਪੌਟਾਂ ’ਤੇ ਇੱਕੋ ਸਮੇਂ ਕਾਰਵਾਈ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਨਿੱਜੀ ਨਿਗਰਾਨੀ ਹੇਠ ਚਲਾਈ ਗਈ ਇਹ ਮੁਹਿੰਮ ਸੂਬਾ ਪੱਧਰੀ ਨਸ਼ਾ ਵਿਰੋਧੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਦਾ ਹਿੱਸਾ ਸੀ। ਸ਼ਹਿਰ ਦੇ ਚਾਰਾਂ ਜ਼ੋਨਾਂ ਵਿੱਚ ਪੈਂਦੇ 15 ਨਸ਼ਾ ਪ੍ਰਭਾਵਿਤ ਇਲਾਕਿਆਂ ਨੂੰ ਇਸ ਕਾਰਵਾਈ ਲਈ ਚੁਣਿਆ ਗਿਆ ਸੀ, ਜੋ 11 ਪੁਲਿਸ ਥਾਣਿਆਂ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਹਨ। ਆਪ੍ਰੇਸ਼ਨ ਲਈ ਹਰੇਕ ਹੌਟਸਪੌਟ ’ਤੇ ਇੱਕ ਨੋਡਲ ਅਧਿਕਾਰੀ ਤਾਇਨਾਤ ਕੀਤਾ ਗਿਆ। ਪੰਜ ਡੀਸੀਪੀਜ਼ ਅਤੇ ਸੱਤ ਏਡੀਸੀਪੀਜ਼ ਦੀ ਨਿਗਰਾਨੀ ਹੇਠ ਕੁੱਲ 25 ਗਜ਼ਟਿਡ ਅਧਿਕਾਰੀਆਂ ਨੇ ਮੈਦਾਨ ਵਿੱਚ ਮੋਰਚਾ ਸੰਭਾਲਿਆ। ਇਨ੍ਹਾਂ ਦੇ ਨਾਲ 40 ਥਾਣਾ ਮੁਖੀ ਅਤੇ ਹੋਰ ਇੰਚਾਰਜਾਂ ਸਮੇਤ ਲਗਭਗ 500 ਪੁਲਿਸ ਮੁਲਾਜ਼ਮ ਤਾਇਨਾਤ ਰਹੇ। ਬਾਹਰ ਜਾਣ ਵਾਲੇ ਰਸਤਿਆਂ ਦੀ ਘੇਰਾਬੰਦੀ, ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਜਾਂਚ ਪੁਲਿਸ ਟੀਮਾਂ ਨੇ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਚੁਣੇ ਗਏ ਹੌਟਸਪੌਟ ਇਲਾਕਿਆਂ ਦੇ ਦਾਖ਼ਲੇ ਅਤੇ ਬਾਹਰ ਜਾਣ ਵਾਲੇ ਰਸਤਿਆਂ ਨੂੰ ਸੀਲ ਕਰ ਦਿੱਤਾ। ਇਸ ਤੋਂ ਬਾਅਦ ਨਸ਼ਾ ਤਸਕਰੀ ਵਿੱਚ ਸ਼ਾਮਲ ਹੋਣ ਦੀ ਸੂਚੀ ਵਿੱਚ ਦਰਜ ਵਿਅਕਤੀਆਂ ਅਤੇ ਸਪਲਾਇਰਾਂ ਦੇ ਟਿਕਾਣਿਆਂ ’ਤੇ ਨਿਸ਼ਾਨਾ ਬਣਾ ਕੇ ਛਾਪੇ ਮਾਰੇ ਗਏ। ਇਸ ਦੇ ਨਾਲ ਹੀ ਨਸ਼ੇ ਦੀ ਖਪਤ ਲਈ ਜਾਣੇ ਜਾਂਦੇ ਥਾਵਾਂ ਦੀ ਤਲਾਸ਼ੀ ਲਈ ਗਈ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਜਾਂਚ ਕੀਤੀ ਗਈ। ਪੁਲਿਸ ਦੀ ਇਸ ਕਾਰਵਾਈ ਦੌਰਾਨ ਕੁੱਲ 465 ਵਿਅਕਤੀਆਂ ਤੇ 158 ਵਾਹਨਾਂ ਦੀ ਜਾਂਚ ਕੀਤੀ ਗਈ। ਕਾਰਵਾਈ ਦੇ ਨਤੀਜੇ ਵਜੋਂ 15 ਮੁਕੱਦਮੇ ਦਰਜ ਕੀਤੇ ਗਏ ਤੇ 19 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਸੂਚੀਬੱਧ ਨਸ਼ਾ ਤਸਕਰ ਅਤੇ ਸਪਲਾਇਰ ਵੀ ਸ਼ਾਮਲ ਹਨ। ਹੈਰੋਇਨ, ਆਈਸ, ਗਾਂਜਾ ਤੇ ਭੁੱਕੀ ਬਰਾਮਦ ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਵੱਲੋਂ ਵੱਖ-ਵੱਖ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ। ਇਨ੍ਹਾਂ ਵਿੱਚ 143 ਗ੍ਰਾਮ ਹੈਰੋਇਨ, 61 ਗ੍ਰਾਮ ਆਈਸ, 10 ਕਿਲੋਗ੍ਰਾਮ ਗਾਂਜਾ ਅਤੇ 3 ਕਿਲੋਗ੍ਰਾਮ ਭੁੱਕੀ ਸ਼ਾਮਲ ਹੈ। ਪੁਲਿਸ ਨੇ ਨਸ਼ਿਆਂ ਦੀ ਸਪਲਾਈ ਅਤੇ ਵਿਕਰੀ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਦਿਆਂ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦਾ ਸੰਕੇਤ ਦਿੱਤਾ ਹੈ। ਨਸ਼ਾ ਛੁਡਾਉਣ ਲਈ ਵੀ ਉਪਰਾਲੇ, 23 ਵਿਅਕਤੀਆਂ ਨੂੰ ਇਲਾਜ ਨਾਲ ਜੋੜਿਆ। ਇਸ ਮੁਹਿੰਮ ਦਾ ਮਕਸਦ ਸਿਰਫ਼ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨਾ ਹੀ ਨਹੀਂ ਸੀ, ਸਗੋਂ ਨਸ਼ੇ ਦੀ ਲਤ ਨਾਲ ਜੂਝ ਰਹੇ ਵਿਅਕਤੀਆਂ ਨੂੰ ਇਲਾਜ ਮੁਹੱਈਆ ਕਰਵਾਉਣਾ ਵੀ ਸੀ। ਇਸ ਤਹਿਤ ਸਿਹਤ ਵਿਭਾਗ ਅਤੇ ਭਾਈਚਾਰੇ ਦੇ ਮੈਂਬਰਾਂ ਦੇ ਸਹਿਯੋਗ ਨਾਲ ਨਸ਼ੇ ਦੀ ਲਤ ਵਾਲੇ ਵਿਅਕਤੀਆਂ ਦੀ ਪਛਾਣ ਕੀਤੀ ਗਈ ਅਤੇ ਉਨ੍ਹਾਂ ਦੀ ਸਹਿਮਤੀ ਨਾਲ ਇਲਾਜ ਲਈ ਪ੍ਰੇਰਿਤ ਕੀਤਾ ਗਿਆ। ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, 15 ਵਿਅਕਤੀਆਂ ਨੂੰ ਓਓਏਟੀ ਕੇਂਦਰਾਂ ਰਾਹੀਂ ਇਲਾਜ ਦੀ ਸਹਾਇਤਾ ਦਿੱਤੀ ਗਈ, ਜਦਕਿ ਅੱਠ ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਭੇਜਿਆ ਗਿਆ। ਇਸ ਤਰ੍ਹਾਂ ਕੁੱਲ 23 ਵਿਅਕਤੀਆਂ ਨੂੰ ਇਲਾਜ ਦੀ ਪ੍ਰਕਿਰਿਆ ਨਾਲ ਜੋੜਿਆ ਗਿਆ। ਜਾਗਰੂਕਤਾ ਮੀਟਿੰਗਾਂ, ਖੇਡ ਗਤੀਵਿਧੀਆਂ ਤੇ ਮੈਡੀਕਲ ਸਟੋਰਾਂ ਦੀ ਜਾਂਚ ਨਸ਼ਾ ਪ੍ਰਭਾਵਿਤ ਇਲਾਕਿਆਂ ’ਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਮੀਟਿੰਗਾਂ ਅਤੇ ਖੇਡ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਇਸ ਤੋਂ ਇਲਾਵਾ, ਜ਼ਿਲ੍ਹਾ ਪੁਲਿਸ ਦੀ ਟ੍ਰੈਫਿਕ ਅਤੇ ਸਾਂਝ ਟੀਮਾਂ ਵੱਲੋਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਲਈ ਨਸ਼ਾ ਵਿਰੋਧੀ ਜਾਗਰੂਕਤਾ ਸੈਸ਼ਨ ਕਰਵਾਏ ਗਏ। ਕਾਰਵਾਈ ਦੌਰਾਨ ਡਰੱਗ ਇੰਸਪੈਕਟਰ ਦੇ ਸਹਿਯੋਗ ਨਾਲ ਮੈਡੀਕਲ ਸਟੋਰਾਂ ਦੀ ਜਾਂਚ ਵੀ ਕੀਤੀ ਗਈ। ਇਸ ਤਰ੍ਹਾਂ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਸਖ਼ਤ ਕਾਰਵਾਈ ਦੇ ਨਾਲ-ਨਾਲ ਜਾਗਰੂਕਤਾ, ਰੋਕਥਾਮ ਅਤੇ ਇਲਾਜ ਦੇ ਪਹਿਲੂਆਂ ਨੂੰ ਵੀ ਮੁਹਿੰਮ ’ਚ ਸ਼ਾਮਲ ਕੀਤਾ। ਨਸ਼ਾ ਤਸਕਰਾਂ ਨੂੰ ਸਖ਼ਤ ਕਾਰਵਾਈ ਦੀ ਚਿਤਾਵਨੀ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਨਸ਼ਿਆਂ ਵਿਰੁੱਧ ਲੁਧਿਆਣਾ ਪੁਲਿਸ ਦੇ ਪੱਕੇ ਇਰਾਦੇ ਨੂੰ ਦੁਹਰਾਉਂਦਿਆਂ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਨੂੰ ਚਿਤਾਵਨੀ ਦਿੱਤੀ ਕਿ ਕਾਨੂੰਨ ਤਹਿਤ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨਸ਼ੇ ਦੀ ਲਤ ਨਾਲ ਜੂਝ ਰਹੇ ਲੋਕਾਂ ਨੂੰ ਇਲਾਜ ਅਤੇ ਮੁੜ ਵਸੇਬੇ ਲਈ ਅੱਗੇ ਆਉਣ ਦੀ ਅਪੀਲ ਕੀਤੀ ਅਤੇ ਇਸ ਕੰਮ ਵਿੱਚ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਪੁਲਿਸ ਵੱਲੋਂ ਮਦਦ ਦੇਣ ਦੀ ਗੱਲ ਕਹੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਕੋਲ ਨਸ਼ਾ ਤਸਕਰੀ ਸਬੰਧੀ ਕੋਈ ਜਾਣਕਾਰੀ ਹੈ ਤਾਂ ਉਹ ‘ਸੇਫ਼ ਪੰਜਾਬ’ ਨਸ਼ਾ ਵਿਰੋਧੀ ਹੈਲਪਲਾਈਨ ਨੰਬਰ 97791-00200 ’ਤੇ ਸਾਂਝੀ ਕਰਨ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ।