ਪ੍ਰਸ਼ਾਸਨ ਦੇ ਭਰੋਸੇ ਡੇਅਰੀ ਮਾਲਕਾਂ ਨੇ ਮੁਲਤਵੀ ਕੀਤਾ ਸੰਘਰਸ਼
ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਡੇਅਰੀ ਮਾਲਕਾਂ ਨੇ ਮੁਲਤਵੀ ਕੀਤਾ ਸੰਘਰਸ਼
Publish Date: Wed, 20 May 2026 10:31 PM (IST)
Updated Date: Thu, 21 May 2026 04:10 AM (IST)

ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ ਹੈਬੋਵਾਲ ਡੇਅਰੀ ਕੰਪਲੈਕਸ ਵਿੱਚ ਪਿਛਲੇ ਛੇ ਮਹੀਨਿਆਂ ਤੋਂ ਚੱਲ ਰਹੀ ਪਾਣੀ ਭਰਨ ਅਤੇ ਸੀਵਰੇਜ ਜਾਮ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਡੇਅਰੀ ਮਾਲਕਾਂ ਵੱਲੋਂ ਹੰਬਰਾ ਰੋਡ ਜਾਮ ਕਰਨ ਦੀ ਦਿੱਤੀ ਚੇਤਾਵਨੀ ਫਿਲਹਾਲ ਟੱਲ ਗਈ ਹੈ। ਨਗਰ ਨਿਗਮ ਪ੍ਰਸ਼ਾਸਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੇਅਰੀ ਮਾਲਕਾਂ ਦੀਆਂ ਮੰਗਾਂ ਮੰਨਦੇ ਹੋਏ ਦੋ ਦਿਨਾਂ ਦੇ ਅੰਦਰ ਸਮੱਸਿਆ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ, ਜਿਸ ਤੋਂ ਬਾਅਦ ਡੇਅਰੀ ਐਸੋਸੀਏਸ਼ਨ ਨੇ ਆਪਣਾ ਪ੍ਰਸਤਾਵਿਤ ਧਰਨਾ ਅਤੇ ਰੋਡ ਜਾਮ ਮੁਲਤਵੀ ਕਰ ਦਿੱਤਾ। ਹੰਬੜਾ ਰੋਡ ਡੇਅਰੀ ਕੰਪਲੈਕਸ ਦੇ ਪ੍ਰਧਾਨ ਕੁਲਦੀਪ ਸਿੰਘ ਲਾਹੌਰੀਆ ਨੇ ਦੱਸਿਆ ਕਿ ਡੇਅਰੀ ਮਾਲਕ ਪਿਛਲੇ ਛੇ ਮਹੀਨਿਆਂ ਤੋਂ ਗੰਦੇ ਪਾਣੀ ਅਤੇ ਬੰਦ ਸੀਵਰੇਜ ਕਾਰਨ ਨਰਕ ਸਮਾਨ ਹਾਲਾਤਾਂ ਵਿੱਚ ਜੀਵਨ ਬਿਤਾ ਰਹੇ ਹਨ। ਉਨ੍ਹਾਂ ਕਿਹਾ ਕਿ ਕਈ ਵਾਰ ਨਗਰ ਨਿਗਮ ਅਤੇ ਸੰਬੰਧਤ ਵਿਭਾਗਾਂ ਨੂੰ ਸਮੱਸਿਆ ਬਾਰੇ ਜਾਣੂ ਕਰਵਾਉਣ ਦੇ ਬਾਵਜੂਦ ਕੋਈ ਪੱਕਾ ਹੱਲ ਨਹੀਂ ਕੀਤਾ ਗਿਆ। ਇਸ ਕਾਰਨ ਪੂਰੇ ਡੇਅਰੀ ਕੰਪਲੈਕਸ ਵਿੱਚ ਗੰਦਗੀ ਫੈਲੀ ਹੋਈ ਹੈ ਅਤੇ ਲੱਖਾਂ ਰੁਪਏ ਮੁੱਲ ਦੀਆਂ ਗਾਵਾਂ ਅਤੇ ਮੱਝਾਂ ਦੂਸ਼ਿਤ ਪਾਣੀ ਵਿੱਚ ਖੜ੍ਹੀਆਂ ਰਹਿਣ ਲਈ ਮਜਬੂਰ ਹਨ। ਉਨ੍ਹਾਂ ਦੱਸਿਆ ਕਿ ਖਿਲਾੜੀ ਕੰਪਨੀ ਵੱਲੋਂ ਚਲਾਇਆ ਜਾ ਰਿਹਾ ਈਟੀਪੀ ਪਲਾਂਟ ਵੀ ਠੀਕ ਤਰੀਕੇ ਨਾਲ ਕੰਮ ਨਹੀਂ ਕਰ ਰਿਹਾ, ਜਿਸ ਕਾਰਨ ਗੰਦੇ ਪਾਣੀ ਦੀ ਨਿਕਾਸੀ ਪ੍ਰਭਾਵਿਤ ਹੋ ਰਹੀ ਹੈ। ਪ੍ਰਸ਼ਾਸਨਿਕ ਸਹਾਇਤਾ ਨਾ ਮਿਲਣ ਕਰਕੇ ਡੇਅਰੀ ਮਾਲਕ ਆਪਣੇ ਪੱਧਰ ‘ਤੇ ਪਾਣੀ ਦੀ ਨਿਕਾਸੀ ਲਈ ਜੁਗਾੜ ਕਰ ਰਹੇ ਹਨ, ਪਰ ਇਹ ਕੋਸ਼ਿਸ਼ਾਂ ਨਾਕਾਫੀ ਸਾਬਤ ਹੋ ਰਹੀਆਂ ਹਨ। ਬੁੱਧਵਾਰ ਨੂੰ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਨਾਲ ਹੋਈ ਮੀਟਿੰਗ ਦੌਰਾਨ ਡੇਅਰੀ ਐਸੋਸੀਏਸ਼ਨ ਦੇ ਆਗੂਆਂ ਨੇ ਆਪਣੀਆਂ ਸਮੱਸਿਆਵਾਂ ਵਿਸਥਾਰ ਨਾਲ ਰੱਖੀਆਂ। ਮੀਟਿੰਗ ਦੌਰਾਨ ਪ੍ਰਸ਼ਾਸਨ ਵੱਲੋਂ ਭਰੋਸਾ ਦਿੱਤਾ ਗਿਆ ਕਿ ਡੇਅਰੀ ਕੰਪਲੈਕਸ ਦੀਆਂ ਮੁੱਖ ਸਮੱਸਿਆਵਾਂ ਦਾ ਹੱਲ ਦੋ ਦਿਨਾਂ ਦੇ ਅੰਦਰ ਸ਼ੁਰੂ ਕਰ ਦਿੱਤਾ ਜਾਵੇਗਾ। ਕੁਲਦੀਪ ਸਿੰਘ ਲਾਹੌਰੀਆ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਲੁਧਿਆਣਾ ਦੌਰੇ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਵਿਰੋਧ ਪ੍ਰਦਰਸ਼ਨ ਦੀ ਆਗਿਆ ਨਾ ਦੇਣ ਦੀ ਗੱਲ ਕਹੀ ਸੀ ਅਤੇ ਸਮੱਸਿਆ ਦੇ ਨਿਪਟਾਰੇ ਲਈ ਕੁਝ ਸਮਾਂ ਮੰਗਿਆ ਸੀ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਪ੍ਰਸ਼ਾਸਨ ਨੇ ਬਿਨ੍ਹਾਂ ਕਿਸੇ ਟਕਰਾਅ ਦੇ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਹੱਲ ਦਾ ਭਰੋਸਾ ਦਿੱਤਾ, ਜਿਸ ਕਾਰਨ ਫਿਲਹਾਲ ਸੰਘਰਸ਼ ਨੂੰ ਮੁਲਤਵੀ ਕੀਤਾ ਗਿਆ ਹੈ।