- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਹਿਮ ਖ਼ਬਰ-ਸਾਹਨੇਵਾਲ ਦੇ ਲੋਹੇ ਦੇ ਪੁਲ ਦੀ ਖ਼ਤਰਨਾਕ ਢਲਾਣ ਬਣੀ ਹਾਦਸਿਆਂ ਦਾ ਕਾਰਨ

-ਬੱਚਿਆਂ ਤੇ ਰਾਹਗੀਰਾਂ ਦੀ ਸੁਰੱਖਿਆ ਸਬੰਧੀ ਲੋਕਾਂ ਵੱਲੋਂ ਢਲਾਣ ਦੀ ਦਿਸ਼ਾ ਬਦਲਣ ਦੀ ਮੰਗ
ਫ਼ੋਟੋ ਨੰਬਰ-46
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਸਾਹਨੇਵਾਲ
ਸ਼ਹਿਰ ਸਾਹਨੇਵਾਲ ਪਿਛਲੇ ਲੰਮੇ ਸਮੇਂ ਤੋਂ ਕਈ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਭਾਵੇਂ ਮੁੱਖ ਚੌਕ ਵਿੱਚ ਰੋਜ਼ਾਨਾ ਲੱਗਣ ਵਾਲੇ ਵੱਡੇ ਟ੍ਰੈਫਿਕ ਜਾਮ ਹੋਣ ਜਾਂ ਗੰਦਗੀ ਦੀ ਸਮੱਸਿਆ, ਸ਼ਹਿਰ ਵਾਸੀਆਂ ਨੂੰ ਇਨ੍ਹਾਂ ਮੁਸ਼ਕਲਾਂ ਤੋਂ ਅਜੇ ਤੱਕ ਕੋਈ ਪੱਕੀ ਰਾਹਤ ਨਹੀਂ ਮਿਲ ਸਕੀ। ਲੋਕਾਂ ਅਨੁਸਾਰ ਸਮੇਂ-ਸਮੇਂ ’ਤੇ ਇਨ੍ਹਾਂ ਸਮੱਸਿਆਵਾਂ ਨੂੰ ਚੁੱਕਿਆ ਜਾਂਦਾ ਰਿਹਾ ਹੈ ਪਰ ਹੱਲ ਲਈ ਠੋਸ ਕਦਮ ਨਜ਼ਰ ਨਹੀਂ ਆ ਰਹੇ। ਇਸੇ ਦੌਰਾਨ ਸਾਹਨੇਵਾਲ ਜੀਟੀ ਰੋਡ ’ਤੇ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਨੇੜੇ ਬਣਿਆ ਲੋਹੇ ਦਾ ਪੁਲ ਵੀ ਲੋਕਾਂ ਲਈ ਵੱਡੀ ਚਿੰਤਾ ਦਾ ਕਾਰਨ ਬਣਿਆ ਹੋਇਆ ਹੈ। ਪੁਲ ਤੋਂ ਜੀਟੀ ਰੋਡ ਵੱਲ ਉਤਰਦੀ ਢਲਾਣ ਕਾਰਨ ਖ਼ਾਸ ਕਰਕੇ ਸਕੂਲੀ ਬੱਚਿਆਂ ਅਤੇ ਆਮ ਰਾਹਗੀਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਮੁਤਾਬਕ ਪੁਲ ਤੋਂ ਹੇਠਾਂ ਉਤਰਦੇ ਸਮੇਂ ਵਾਹਨਾਂ ਦੀ ਰਫ਼ਤਾਰ ਤੇਜ਼ ਹੋ ਜਾਂਦੀ ਹੈ, ਜਿਸ ਕਾਰਨ ਕਈ ਵਾਰ ਲੋਕਾਂ ਦੇ ਡਿੱਗਣ ਅਤੇ ਹਾਦਸੇ ਵਾਪਰਨ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਜੀਟੀ ਰੋਡ ’ਤੇ ਤੇਜ਼ ਰਫ਼ਤਾਰ ਨਾਲ ਆਉਣ-ਜਾਣ ਵਾਲੇ ਵਾਹਨਾਂ ਕਾਰਨ ਪੁਲ ਦੀ ਢਲਾਣ ਤੋਂ ਉਤਰਨਾ ਅਤੇ ਚੜ੍ਹਨਾ ਹੋਰ ਵੀ ਜੋਖ਼ਿਮ ਭਰਿਆ ਬਣ ਜਾਂਦਾ ਹੈ। ਸਭ ਤੋਂ ਵੱਧ ਖ਼ਤਰਾ ਸਕੂਲ ਜਾਣ ਵਾਲੇ ਬੱਚਿਆਂ ਲਈ ਬਣਿਆ ਰਹਿੰਦਾ ਹੈ।
ਇਸ ਸਮੱਸਿਆ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਅਤੇ ਆਮ ਲੋਕਾਂ ਦੀਆਂ ਮੀਟਿੰਗਾਂ ਵਿੱਚ ਵੀ ਕਈ ਵਾਰ ਚਰਚਾ ਹੋ ਚੁੱਕੀ ਹੈ। ਇਸ ਦੇ ਬਾਵਜੂਦ ਲੋਕਾਂ ਦਾ ਦੋਸ਼ ਹੈ ਕਿ ਅਜੇ ਤੱਕ ਇਸ ਸਮੱਸਿਆ ਦਾ ਕੋਈ ਢੁਕਵਾਂ ਹੱਲ ਨਹੀਂ ਕੀਤਾ ਗਿਆ। ਸਥਾਨਕ ਲੋਕਾਂ ਅਤੇ ਬੱਚਿਆਂ ਦੇ ਮਾਪਿਆਂ ਨੇ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲ ਦੀ ਢਲਾਣ ਦੀ ਦਿਸ਼ਾ ਵਿੱਚ ਲੋੜੀਂਦੀ ਤਬਦੀਲੀ ਕੀਤੀ ਜਾਵੇ, ਤਾਂ ਜੋ ਵਾਹਨਾਂ ਦੀ ਰਫ਼ਤਾਰ ਨੂੰ ਕਾਬੂ ਕੀਤਾ ਜਾ ਸਕੇ ਅਤੇ ਕਿਸੇ ਵੱਡੇ ਹਾਦਸੇ ਤੋਂ ਬਚਾਅ ਹੋਵੇ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਭਵਿੱਖ ਵਿੱਚ ਕਿਸੇ ਵੱਡੇ ਜਾਨੀ ਨੁਕਸਾਨ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਇਆ ਜਾਵੇ ਅਤੇ ਪੁਲ ਦੀ ਢਲਾਣ ਸਬੰਧੀ ਤਕਨੀਕੀ ਹੱਲ ਤੁਰੰਤ ਲਾਗੂ ਕੀਤਾ ਜਾਵੇ। ਸ਼ਹਿਰ ਵਾਸੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਖ਼ਤਰਨਾਕ ਢਲਾਣ ਦਾ ਪੱਕਾ ਹੱਲ ਕਰਕੇ ਲੋਕਾਂ ਤੇ ਖ਼ਾਸ ਕਰਕੇ ਸਕੂਲੀ ਬੱਚਿਆਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।