ਅਮਨਪ੍ਰਰੀਤ ਸਿੰਘ ਚੌਹਾਨ, ਲੁਧਿਆਣਾ

ਮਿੰਨੀ ਸਕੱਤਰੇਤ ਵਿਖੇ ਬਣੇ ਡੀਸੀ ਕੰਪਲੈਕਸ ਦੇ ਬਾਹਰ ਪੁੱਜੇ ਕਿਰਤੀ ਕਿਸਾਨ ਯੂਨੀਅਨ ਦੇ ਅਹੁਦੇਦਾਰਾਂ ਤੇ ਵਰਕਰਾਂ ਨੇ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਨੇ ਜਾਣ 'ਤੇ ਰੋਸ ਮੁਜ਼ਾਹਰਾ ਕਰਦਿਆਂ ਨਾਅਰੇਬਾਜ਼ੀ ਵੀ ਕੀਤੀ। ਯੂਨੀਅਨ ਦੇ ਅਹੁਦੇਦਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਜਣ ਲਈ ਡੀਸੀ ਪ੍ਰਦੀਪ ਕੁਮਾਰ ਅਗਰਵਾਲ ਨੂੰ ਮੰਗ ਪੱਤਰ ਸੌਂਪਿਆ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾ ਅਤੇ ਜਿਲ੍ਹਾ ਸਕੱਤਰ ਸਾਧੂ ਸਿੰਘ ਅੱਚਰਵਾਲ ਨੇ ਦੱਸਿਆ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣਨ 'ਤੇ ਕਿਸਾਨਾਂ ਦੇ ਪੂਰੇ ਕਰਜ਼ੇ ਮਾਫ਼ ਕੀਤੇ ਜਾਣਗੇ, ਪਰ ਪੰਜਾਬ ਦੀ ਸੱਤਾ 'ਤੇ ਕਾਬਜ਼ ਹੋਣ ਮਗਰੋਂ 5 ਏਕੜ ਤਕ ਮਾਲਕੀ ਵਾਲੇ ਕਿਸਾਨਾਂ ਦੇ ਦੋ ਲੱਖ ਰੁਪਏ ਤਕ ਦੇ ਕਰਜ਼ੇ ਹੀ ਰਹਿ ਗਏ। ਉਨ੍ਹਾਂ ਕਿਹਾ ਕਿ ਇਸ ਦੋ ਲੱਖ ਦੀ ਕਰਜ਼ਾ ਮਾਫ਼ੀ ਤੋਂ ਵੱਡੀ ਗਿਣਤੀ ਕਿਸਾਨ ਅਜੇ ਤਕ ਬਾਹਰ ਹਨ ਤੇ ਕਈਆਂ ਦੇ ਸੁਸਾਇਟੀਆਂ ਦੇ ਸਿਰਫ 30 ਹਜ਼ਾਰ ਤੋਂ ਇਕ ਲੱਖ ਰੁਪਏ ਤਕ ਦੀ ਹੀ ਕਰਜ਼ਾ ਮਾਫੀ ਹੋਈ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਦੀ ਕੈਪਟਨ ਅਗਵਾਈ ਵਾਲੀ ਸਰਕਾਰ ਨੇ ਕਿਸਾਨਾਂ ਨਾਲ ਵਾਅਦਾ ਖ਼ਿਲਾਫ਼ੀ ਕੀਤੀ ਹੈ, ਜਿਸ ਕਾਰਨ ਕਿਸਾਨਾਂ 'ਚ ਸਰਕਾਰ ਖ਼ਿਲਾਫ਼ ਰੋਸ ਹੈ।

ਆਗੂਆਂ ਨੇ ਕਿਹਾ ਕਿ ਖੇਤ ਮਜ਼ਦੂਰਾਂ ਤੇ ਬੇ-ਜ਼ਮੀਨੇ ਕਸ਼ਤਕਾਰ ਕਿਸਾਨਾਂ ਦੇ ਅਜੇ 9 ਹਜ਼ਾਰ ਰੁਪਏ ਤਕ ਦੇ ਕਰਜ਼ੇ ਵੀ ਮਾਫ਼ ਨਹੀਂ ਹੋਏ ਹਨ। ਪਿਛਲੇ ਲੰਬੇ ਸਮੇਂ ਤੋਂ ਕੁਦਰਤੀ ਆਫ਼ਤਾਂ ਕਾਰਨ ਫਸਲਾਂ ਦੇ ਨੁਕਸਾਨ ਦਾ ਵੀ ਕੋਈ ਮੁਆਵਜ਼ਾ ਨਹੀਂ ਮਿਲਿਆ ਤੇ ਇਸ ਵਾਰ ਪਾਣੀ ਨਾਲ ਕਿਸਾਨਾਂ ਦੇ ਨੁਕਸਾਨ ਦੀ ਗਿਰਦਾਵਰੀ ਨਹੀਂ ਕੀਤੀ ਗਈ। ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਦੇ ਨਾਲ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੇ ਕਰਜ਼ਾ ਮਾਫ਼ੀ ਲਈ ਮੂੰਹ ਤਕ ਨਹੀਂ ਖੋਲ੍ਹ ਰਹੀ, ਸਿਰਫ਼ ਸਾਲ 2022 ਤਕ ਕਿਸਾਨਾਂ ਦੀ ਆਮਦਨ ਦੁੱਗਣੀ ਹੋਣ ਦੀ ਹੀ ਕੋਰੀ ਗੱਲ ਕਰ ਰਹੀ ਹੈ, ਜਿਸ ਕਰਕੇ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਕੈਪਟਨ ਸਰਕਾਰ ਕਿਸਾਨ ਵਿਰੋਧੀ ਸਾਬਤ ਹੋਈਆਂ ਹਨ। ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ 5 ਏਕੜ ਤਕ ਦੇ ਕਿਸਾਨੀ ਦੇ ਦੋ ਲੱਖ ਰੁਪਏ ਦੇ ਕਰਜ਼ੇ ਤੁਰੰਤ ਮਾਫ ਕੀਤੇ ਜਾਣ, ਫ਼ਸਲਾਂ ਦੇ ਨੁਕਸਾਨ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇ ਜੋ ਪਿਛਲੇ ਲੰਮੇ ਸਮਾਂ ਤੋਂ ਨਹੀਂ ਮਿਲਿਆ, ਖੇਤੀ ਮੋਟਰਾਂ ਦੇ ਲੋਡ ਬਿਲਕੁਲ ਮੁਫਤ ਵਧਾਏ ਜਾਣ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਕਿਸਾਨ ਵੱਡੇ ਸੰਘਰਸ਼ ਲਈ ਮਜਬੂਰ ਹੋਣਗੇ।

ਇਸ ਮੌਕੇ ਜ਼ਿਲ੍ਹਾ ਸਕੱਤਰ ਜਗਰੂਪ ਸਿੰਘ, ਗੁਰਚਰਨ ਸਿੰਘ ਅੱਚਰਵਾਲ, ਕਰਨੈਲ ਸਿੰਘ ਬੁਰਜ ਕਵਾਲਾ, ਬਲਵਿੰਦਰ ਸਿੰਘ ਕੋਠੇ ਪੌਣਾ, ਅਵਤਾਰ ਸਿੰਘ ਰਸੂਲਪੁਰ, ਬਲਾਕ ਆਗੂ ਸਰਬਜੀਤ ਸਿੰਘ, ਗੁਰਚਰਨ ਸਿੰਘ ਰਸੂਲਪੁਰ, ਮਨੋਹਰ ਸਿੰਘ, ਬਲਵਿੰਦਰ ਸਿੰਘ, ਨਿਰਮਲ ਸਿੰਘ, ਗੁਰਚਰਨ ਸਿੰਘ ਬੋਪਾਰਾਏ, ਨਰੈਣ ਸਿੰਘ ਧੂਰਕੋਟ ਆਦਿ ਨੇ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕੀਤਾ।