ਰੰਜਿਸ਼ ਕਾਰਨ ਦੋ ਭਰਾਵਾਂ ’ਤੇ ਜਾਨਲੇਵਾ ਹਮਲਾ
ਪੁਰਾਣੀ ਰੰਜਿਸ਼ ਦੇ ਚਲਦੇ ਦੋ ਭਰਾਵਾਂ ’ਤੇ ਜਾਨਲੇਵਾ ਹਮਲਾ
Publish Date: Fri, 20 Mar 2026 07:24 PM (IST)
Updated Date: Fri, 20 Mar 2026 07:25 PM (IST)

- ਤੇਜ਼ਧਾਰ ਹਥਿਆਰਾਂ ਦੀ ਵਰਤੋਂ ਕਰ ਕੇ ਮਾਰੀਆਂ ਸੱਟਾਂ - ਨੌਜਵਾਨ ਦੀ ਸ਼ਿਕਾਇਤ ’ਤੇ ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ : ਸ਼ਿਮਲਾਪੁਰੀ ਇਲਾਕੇ ਦੀ ਡੋਗਰੇ ਵਾਲੀ ਗਲੀ ਵਿੱਚ ਪੁਰਾਣੀ ਰੰਜਿਸ਼ ਕਾਰਨ ਕੁੱਝ ਹਮਲਾਵਰਾਂ ਨੇ ਦੋ ਸਕੇ ਭਰਾਵਾਂ ’ਤੇ ਜਾਨਲੇਵਾ ਹਮਲਾ ਕਰ ਦਿੱਤਾ। ਇਸ ਝਗੜੇ ਵਿੱਚ ਤੇਜ਼ਧਾਰ ਹਥਿਆਰਾਂ ਦੀ ਖੁੱਲ੍ਹ ਕੇ ਵਰਤੋਂ ਕੀਤੀ ਗਈ। ਸੱਟਾਂ ਮਾਰਨ ਤੋਂ ਬਾਅਦ ਮੁਲਜ਼ਮ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ। ਇਸ ਮਾਮਲੇ ਸਬੰਧੀ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਪ੍ਰੀਤ ਨਗਰ ਦੇ ਰਹਿਣ ਵਾਲੇ ਸੰਦੀਪ ਕੁਮਾਰ ਨੇ ਦੱਸਿਆ ਕਿ ਕੁੱਝ ਵਿਅਕਤੀਆਂ ਨਾਲ ਉਸ ਦੀ ਪੁਰਾਣੀ ਰੰਜਿਸ਼ ਚਲਦੀ ਆ ਰਹੀ ਹੈ। ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਭਰਾ ਸੁਨੀਲ ਕੁਮਾਰ ਨਾਲ ਡੋਗਰੇ ਵਾਲੀ ਗਲੀ ’ਚੋਂ ਲੰਘ ਰਿਹਾ ਸੀ। ਇਸੇ ਦੌਰਾਨ ਮੁਲਜ਼ਮਾਂ ਨੇ ਪੁਰਾਣੀ ਰੰਜਿਸ਼ ਕਾਰਨ ਦੋਵਾਂ ਭਰਾਵਾਂ ’ਤੇ ਜਾਨਲੇਵਾ ਹਮਲਾ ਕਰ ਦਿੱਤਾ। ਸ਼ਿਕਾਇਤਕਰਤਾ ਨੇ ਦੱਸਿਆ ਕਿ ਹਮਲਾਵਰਾਂ ਦੇ ਕੋਲ ਤਲਵਾਰਾਂ ਤੇ ਲੋਹੇ ਦਾ ਕੜਾ ਸੀ। ਮੁਲਜ਼ਮਾਂ ਨੇ ਤਾਬੜ ਤੋੜ ਵਾਰ ਕਰ ਕੇ ਉਨ੍ਹਾਂ ਨੂੰ ਫੱਟੜ ਕੀਤਾ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ। ਉਧਰੋਂ ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸੰਦੀਪ ਕੁਮਾਰ ਦੀ ਸ਼ਿਕਾਇਤ ’ਤੇ ਦਵਿੰਦਰ ਸਿੰਘ ਉਰਫ ਭੋਲਾ, ਜਸਕਰਨ ਸਿੰਘ, ਲੱਕੀ, ਜਸਵੀਰ ਸਿੰਘ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।