ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਧਰਨਾ ਦੇਣ ਦਾ ਫੈਸਲਾ
ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਧਰਨਾ ਦੇਣ ਦਾ ਫੈਸਲਾ
Publish Date: Tue, 31 Mar 2026 06:03 PM (IST)
Updated Date: Tue, 31 Mar 2026 06:07 PM (IST)

ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ ਸਥਾਨਕ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਲੁਧਿਆਣਾ ਵਿਖੇ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਡਾ. ਗੁਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਪਰ ਕਿਸਾਨਾਂ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਦਾ ਨਿਆਂ ਪੂਰਨ ਹੱਲ ਕਰਨ ਦੀ ਮੰਗ ਲੈ ਕੇ 6 ਅਪ੍ਰੈਲ ਨੂੰ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦੇ ਦਫਤਰ ਅੱਗੇ ਧਰਨਾ ਦੇਣ ਦਾ ਫੈਸਲਾ ਕੀਤਾ ਗਿਆ। ਮੀਟਿੰਗ ਦੌਰਾਨ ਡਾ. ਗੁਰਵਿੰਦਰ ਸਿੰਘ ਨੇ ਕਿਹਾ ਕਿ ਬਿਜਲੀ ਸੋਧ ਬਿੱਲ ਤੇ ਬੀਜ ਬਿੱਲ ਰੱਦ ਕਰਨ, ਮੁਕਤ ਵਪਾਰ ਸਮਝੌਤਾ ਰੱਦ ਕਰਨ, ਚਾਰ ਲੇਬਰ ਕੋਡ ਵਾਪਸ ਲੈਣ, ਮਨਰੇਗਾ ਕਾਨੂੰਨ ਬਹਾਲ ਕਰਨ, ਮਜ਼ਦੂਰਾਂ ਕਿਸਾਨਾਂ ਦੇ ਸਮੂਚੇ ਕਰਜ਼ੇ ਮੁਆਫ਼ ਕਰਨ, ਪੰਜਾਬ ਦੇ ਪਾਣੀਆਂ ਦੇ ਮਸਲੇ ਹੱਲ ਕਰਵਾਉਣ ਲਈ ਹੀ ਧਰਨਾ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਸਮੇਤ ਭਰਾਤਰੀ ਜਥੇਬੰਦੀਆਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੀਆਂ। ਮੀਟਿੰਗ ਵਿਚ ਮਤਾ ਪਾਸ ਕਰ ਕੇ 1 ਅਪ੍ਰੈਲ ਨੂੰ ਟਰੇਡ ਯੂਨੀਅਨਾਂ ਵੱਲੋਂ ਮਨਾਏ ਜਾ ਰਹੇ ਕਾਲਾ ਦਿਵਸ ਦੀ ਹਮਾਇਤ ਕੀਤੀ ਗਈ। ਕਾਲਾ ਦਿਵਸ ਨੂੰ ਕਾਮਯਾਬ ਕਰਨ ਲਈ ਕਿਸਾਨ ਜਥੇਬੰਦੀਆਂ ਵੱਲੋ ਪੂਰਨ ਸਹਿਯੋਗ ਕੀਤਾ ਜਾਵੇਗਾ। ਅੱਜ ਦੀ ਮੀਟਿੰਗ ਵਿਚ ਜਮਹੂਰੀ ਕਿਸਾਨ ਸਭਾ ਪੰਜਾਬ, ਆਲ ਇੰਡੀਆ ਕਿਸਾਨ ਸਭਾ (1936), ਭਾਰਤੀ ਕਿਸਾਨ ਯੂਨੀਅਨ ਏਕਤਾ(ਉਗਰਾਹਾਂ), ਆਲ ਇੰਡੀਆ ਕਿਸਾਨ ਸਭਾ (ਹੱਨਨ ਮੁੱਲਾ), ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਡਕੋਦਾ (ਧਨੇਰ), ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਆਗੂਆਂ ਰਘਵੀਰ ਸਿੰਘ ਬੈਨੀਪਾਲ, ਚਮਕੌਰ ਸਿੰਘ ਬਰਮੀ, ਬਲਦੇਵ ਸਿੰਘ ਲਤਾਲਾ, ਸੁਦਾਗਰ ਸਿੰਘ ਘੁਡਾਣੀ, ਸਾਧੂ ਸਿੰਘ ਅੱਚਰਵਾਲ, ਰਜਿੰਦਰ ਸਿੰਘ, ਕਰਮਜੀਤ ਸਿੰਘ ਜਸਪਾਲ ਬਾਂਗਰ, ਪਵਨਦੀਪ ਸਿੰਘ ਮੇਹਲੋ ਆਦਿ ਨੇ ਸ਼ਮੂਲੀਅਤ ਕੀਤੀ।