ਵਿੱਤ ਤੇ ਸਿਹਤ ਮੰਤਰੀ ਨੂੰ ਮਿਲਿਆ ਵਫ਼ਦ
ਵਿੱਤ ਅਤੇ ਸਿਹਤ ਮੰਤਰੀ ਨੂੰ ਮਿਲਿਆ ਵਫ਼ਦ
Publish Date: Fri, 17 Apr 2026 06:11 PM (IST)
Updated Date: Fri, 17 Apr 2026 06:15 PM (IST)

ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ ਲੁਧਿਆਣਾ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ 295 ਦੇ ਸਰਪ੍ਰਸਤ ਡਾ. ਸੁਰਜੀਤ ਸਿੰਘ ਲੁਧਿਆਣਾ ਨੇ ਦੱਸਿਆ ਜਥੇਬੰਦੀ ਦਾ ਇਕ ਸੂਬਾਈ ਵਫ਼ਦ ਸੂਬਾ ਪ੍ਰਧਾਨ ਡਾ. ਧੰਨਾ ਮੱਲ ਗੋਇਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਸੱਦੇ ਤੇ ਕੈਬਨਿਟ ਸਬ ਕਮੇਟੀ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਡਾ.ਬਲਵੀਰ ਸਿੰਘ ਨੂੰ ਮਿਲਿਆ। ਵਫ਼ਦ ਵਿਚ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਤੋਂ ਇਲਾਵਾ ਚੇਅਰਮੈਨ ਐਚਐਸ ਰਾਣੂ, ਸਰਪ੍ਰਸਤ ਸੁਰਜੀਤ ਸਿੰਘ ਲੁਧਿਆਣਾ ਅਤੇ ਜ਼ਿਲ੍ਹਾ ਮੋਹਾਲੀ ਦੇ ਪ੍ਰਧਾਨ ਬਲਵੀਰ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਕੁਮਾਰ ਰਾਹੁਲ ਅਤੇ ਵਿਸ਼ੇਸ਼ ਸਕੱਤਰ ਫਾਇਨਾਂਸ ਅਜੇ ਅਰੋੜਾ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਮੀਟਿੰਗ ਬਹੁਤ ਸਦਭਾਵਨਾ ਅਤੇ ਸੁਖਾਵੇਂ ਮਾਹੌਲ ਚ ਹੋਈ। ਇਸ ਮੌਕੇ ਐਸੋਸੀਏਸ਼ਨ ਵੱਲੋਂ ਆਪਣੀਆਂ ਮੰਗਾਂ ਪੇਸ਼ ਕੀਤੀਆਂ ਗਈਆਂ, ਜਿਸ ਪਿੱਛੋਂ ਮੰਗਾਂ ਉਪਰ ਗੰਭੀਰਤਾ ਨਾਲ ਵਿਚਾਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਵੱਲੋਂ ਇਸ ਸਬੰਧੀ ਸਾਰਥਿਕ ਹੁੰਗਾਰਾ ਭਰਦਿਆਂ ਜਲਦੀ ਹੀ ਸ਼ਾਰਟ ਟਰਮ ਕੋਰਸ ਸ਼ੁਰੂ ਕਰਨ ਦੀ ਯੋਜਨਾ ਨੂੰ ਪੂਰਾ ਕਰਨ ਲਈ ਹਾਜ਼ਰ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਤਾਂ ਜੋ ਪੰਜਾਬ ਚ ਸੇਵਾਵਾਂ ਨਿਭਾਅ ਰਹੇ ਡੇਢ ਲੱਖ ਹੈਲਥ ਕੇਅਰ ਪ੍ਰੋਵਾਈਡਰਾਂ ਦੇ ਰੁਜ਼ਗਾਰ ਨੂੰ ਕੋਈ ਆਂਚ ਨਾ ਆਵੇ ਅਤੇ ਉਨ੍ਹਾਂ ਦਾ ਮਾਣ ਸਨਮਾਨ ਵੀ ਬਰਕਰਾਰ ਰਹਿ ਸਕੇ। ਮੰਤਰੀਆਂ ਨੇ ਕਿਹਾ ਕਿ ਲੋਕਾਂ ਨੂੰ ਮੁਢੱਲੀਆਂ ਸਿਹਤ ਸੇਵਾਵਾਂ ਦੇ ਰਹੇ ਪ੍ਰਾਇਮਰੀ ਹੈਲਥ ਕੇਅਰ ਪ੍ਰੋਵਾਈਡਰਾਂ ਨੂੰ ਸ਼ਾਰਟ ਟਰਮ ਟ੍ਰੇਨਿੰਗ ਦੇ ਕੇ ਸਿਹਤ ਸੇਵਾਵਾਂ ਦੇ ਖੇਤਰ ਚ ਪਾਏ ਜਾ ਰਹੇ ਯੋਗਦਾਨ ਨੂੰ ਬਾਦਸਤੂਰ ਜਾਰੀ ਰੱਖਿਆ ਜਾਵੇਗਾ।