ਰਾਤ ਦੇ ਹਨੇਰੇ ਵਿੱਚ ਡਿਲੀਵਰੀ ਬੁਆਏ ’ਤੇ ਹਮਲਾ ਕਰਕੇ ਲੁੱਟੀ ਨਕਦੀ ਤੇ ਮੋਬਾਇਲ

-ਤੇਜ਼ਧਾਰ ਹਥਿਆਰਾਂ ਨਾਲ ਸੱਟਾਂ ਮਾਰ ਕੇ ਕੀਤਾ ਲਹੂ ਲੁਹਾਨ
-ਮੌਕੇ ’ਤੇ ਪਹੁੰਚੀ ਪੁਲਿਸ ਨੇ ਕੀਤੀ ਪੜਤਾਲ ਸ਼ੁਰੂ
---
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ
ਬੀਤੀ ਦੇਰ ਰਾਤ ਨੂੰ ਡਿਲੀਵਰੀ ਦੇਣ ਜਾ ਰਹੇ ਇੱਕ ਨੌਜਵਾਨ ਨੂੰ ਨਿਸ਼ਾਨਾ ਬਣਾਉਂਦਿਆਂ ਬਦਮਾਸ਼ਾਂ ਨੇ ਉਸ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਅਤੇ ਉਸ ਕੋਲੋਂ ਨਕਦੀ ਤੇ ਮੋਬਾਇਲ ਫੋਨ ਲੁੱਟ ਲਿਆ। ਤਿੰਨ ਬਦਮਾਸ਼ਾਂ ਵੱਲੋਂ ਇਸ ਖੌਫਨਾਕ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਜਿਸ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਐਕਟਿਵਾ/ਮੋਟਰਸਾਈਕਲ ਤੇ ਸਵਾਰ ਹਮਲਾਵਰਾਂ ਨੇ ਪਹਿਲਾਂ ਨੌਜਵਾਨ ਨੂੰ ਰਸਤੇ ਵਿੱਚ ਘੇਰਿਆ, ਫਿਰ ਤੇਜ਼ਧਾਰ ਹਥਿਆਰਾਂ ਨਾਲ ਉਸ ‘ਤੇ ਹਮਲਾ ਕਰਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ। ਫੱਟੜ ਹੋਏ ਨੌਜਵਾਨ ਦੀ ਪਛਾਣ ਗਗਨਪਾਲ ਵਜੋਂ ਹੋਈ ਹੈ। ਉਹ ਪਿਛਲੇ ਕਈ ਸਾਲਾਂ ਤੋਂ ਡਿਲੀਵਰੀ ਬੁਆਏ ਵਜੋਂ ਕੰਮ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਹੈ। ਪਰਿਵਾਰ ਦੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਣ ਲਈ ਉਹ ਦਿਨ-ਰਾਤ ਮਿਹਨਤ ਕਰਦਾ ਹੈ। ਕੁਝ ਦਿਨ ਪਹਿਲਾਂ ਹੀ ਉਸ ਨੇ ਆਪਣੇ ਕੰਮ ਲਈ ਇੱਕ ਨਵਾਂ ਮੋਬਾਈਲ ਫੋਨ ਕਿਸ਼ਤਾਂ ‘ਤੇ ਖਰੀਦਿਆ ਸੀ ਅਤੇ ਉਸ ਦੀ ਪਹਿਲੀ ਕਿਸ਼ਤ ਵੀ ਜਮ੍ਹਾ ਕਰਵਾ ਚੁੱਕਾ ਸੀ। ਪਰ ਬਦਮਾਸ਼ਾਂ ਨੇ ਉਸ ਦੀ ਮਿਹਨਤ ਦੀ ਕਮਾਈ ਨੂੰ ਕੁਝ ਹੀ ਪਲਾਂ ਵਿੱਚ ਲੁੱਟ ਲਿਆ।
ਪੀੜਤ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਕਰੀਬ 11:15 ਵਜੇ ਉਹ ਸ਼ਿਵਪੁਰੀ ਇਲਾਕੇ ਤੋਂ ਜਲੰਧਰ ਬਾਈਪਾਸ ਵੱਲ ਜਾ ਰਿਹਾ ਸੀ। ਰਾਤ ਦਾ ਸਮਾਂ ਹੋਣ ਕਾਰਨ ਸੜਕ ‘ਤੇ ਆਵਾਜਾਈ ਘੱਟ ਸੀ। ਇਸੇ ਦੌਰਾਨ ਤਿੰਨ ਨੌਜਵਾਨ ਉਸ ਦੇ ਨੇੜੇ ਆਏ ਅਤੇ ਉਸ ਨੂੰ ਰਸਤੇ ਵਿਚਕਾਰ ਰੋਕ ਲਿਆ। ਗਗਨ ਕੁਝ ਸਮਝ ਪਾਉਂਦਾ, ਇਸ ਤੋਂ ਪਹਿਲਾਂ ਹੀ ਹਮਲਾਵਰਾਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਦੌਰਾਨ ਉਸ ਦੇ ਸਿਰ ਅਤੇ ‘ਤੇ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਹ ਲਹੂ-ਲੁਹਾਣ ਹੋ ਕੇ ਸੜਕ ‘ਤੇ ਡਿੱਗ ਪਿਆ। ਹਮਲਾਵਰ ਇਥੇ ਹੀ ਨਹੀਂ ਰੁਕੇ। ਉਨ੍ਹਾਂ ਨੇ ਜ਼ਖ਼ਮੀ ਹਾਲਤ ਵਿੱਚ ਪਏ ਗਗਨ ਕੋਲੋਂ ਉਸ ਦਾ ਨਵਾਂ ਮੋਬਾਈਲ ਫੋਨ ਅਤੇ ਕਰੀਬ 5 ਹਜ਼ਾਰ ਰੁਪਏ ਦੀ ਨਕਦੀ ਖੋਹ ਲਈ ਅਤੇ ਫਰਾਰ ਹੋ ਗਏ।
ਇਸ ਘਟਨਾ ਨੇ ਇੱਕ ਵਾਰ ਫਿਰ ਸ਼ਹਿਰ ਵਿੱਚ ਵਧ ਰਹੀਆਂ ਲੁੱਟ ਖੋਹ ਦੀਆਂ ਵਾਰਦਾਤਾਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਰਾਤ ਦੇ ਸਮੇਂ ਕੰਮ ਕਰਨ ਵਾਲੇ ਡਿਲੀਵਰੀ ਬੁਆਏ ਅਤੇ ਹੋਰ ਮਜ਼ਦੂਰ ਵਰਗ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸ਼ਹਿਰ ਵਿੱਚ ਰਾਤ ਸਮੇਂ ਪੁਲਿਸ ਗਸ਼ਤ ਹੋਰ ਮਜ਼ਬੂਤ ਹੋਵੇ ਤਾਂ ਅਜਿਹੀਆਂ ਘਟਨਾਵਾਂ ‘ਤੇ ਰੋਕ ਲੱਗ ਸਕਦੀ ਹੈ।
ਮੋਟਰਸਾਈਕਲ ਦਾ ਨੰਬਰ ਨੋਟ ਕਰ ਕੇ ਪੁਲਿਸ ਨੂੰ ਦਿੱਤੀ ਜਾਣਕਾਰੀ
ਜ਼ਖ਼ਮੀ ਹੋਣ ਦੇ ਬਾਵਜੂਦ ਗਗਨ ਨੇ ਹਿੰਮਤ ਦਿਖਾਉਂਦੇ ਹੋਏ ਹਮਲਾਵਰਾਂ ਦੀ ਬਾਈਕ ਦਾ ਨੰਬਰ ਨੋਟ ਕਰ ਲਿਆ, ਜੋ ਬਾਅਦ ਵਿੱਚ ਪੁਲਿਸ ਨੂੰ ਸੌਂਪ ਦਿੱਤਾ ਗਿਆ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਵਾਹਨ ਫੀਲਡ ਗੰਜ ਇਲਾਕੇ ਦੀ ਇਕ ਮਹਿਲਾ ਦੇ ਨਾਮ ‘ਤੇ ਰਜਿਸਟਰਡ ਹੈ। ਪੁਲਿਸ ਵੱਲੋਂ ਵਾਹਨ ਨੰਬਰ ਦੇ ਆਧਾਰ ‘ਤੇ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਧਰ ਗਗਨ ਪਾਲ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਕੇ ਮੰਗ ਕੀਤੀ ਹੈ ਕਿ ਉਸ ‘ਤੇ ਜਾਨਲੇਵਾ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ।