ਖੇਡਾਂ ਨੂੰ ਪਾਰਦਰਸ਼ੀ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਮੇਟੀ ਗਠਿਤ
ਖੇਡਾਂ ਨੂੰ ਪਾਰਦਰਸ਼ੀ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਵੱਲੋਂ ਪ੍ਰਬੰਧਕ ਕਮੇਟੀ ਗਠਨ
Publish Date: Tue, 27 Jan 2026 10:44 PM (IST)
Updated Date: Wed, 28 Jan 2026 04:14 AM (IST)

- ਪੇਂਡੂ ਓਲੰਪਿਕ ਕਿਲ੍ਹਾ ਰਾਏਪੁਰ - ਪਿਛਲੇ ਤਿੰਨ ਸਾਲਾਂ ਤੋਂ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਦਾ ਖਰਚਾ ਕਰ ਰਹੀ ਪੰਜਾਬ ਸਰਕਾਰ : ਡੀਸੀ ਜੈਨ - ਬੈਲ ਗੱਡੀਆਂ ਦੀ ਦੌੜ ਜਾਂ ਕਿਸੇ ਹੋਰ ਤਰਾਂ ਦੀ ਸ਼ਮੂਲੀਅਤ ਲਈ ਕੋਈ ਰਜਿਸਟਰੇਸ਼ਨ ਫੀਸ ਨਹੀਂ ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ, ਲੁਧਿਆਣਾ : ਪੇਂਡੂ ਓਲੰਪਿਕ ਵਜੋਂ ਵਿਸ਼ਵ ਪ੍ਰਸਿੱਧ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਨੂੰ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਇੱਕ 11 ਮੈਂਬਰੀ ਪ੍ਰਬੰਧਕ ਕਮੇਟੀ ਦਾ ਗਠਨ ਕੀਤਾ ਗਿਆ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸਪੱਸ਼ਟ ਕੀਤਾ ਕਿ ਪਿਛਲੇ ਤਿੰਨ ਸਾਲਾਂ ਤੋਂ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਦਾ ਸਮੁੱਚਾ ਖਰਚਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਅਤੇ ਇਸ ਸਾਲ ਵੀ ਇਹ ਸਾਰਾ ਖਰਚਾ ਸਰਕਾਰ ਵੱਲੋਂ ਕੀਤਾ ਜਾਣਾ ਹੈ। ਉਨ੍ਹਾਂ ਦੱਸਿਆ ਕਿ ਬੈਲ ਗੱਡੀਆਂ ਦੀ ਰਜਿਸਟ੍ਰੇਸ਼ਨ ਲਈ ਸਿਰਫ ਡਾ. ਹਰਜਿੰਦਰ ਸਿੰਘ, ਸਹਾਇਕ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਲੁਧਿਆਣਾ, ਗੁਰਿੰਦਰ ਸਿੰਘ ਵੇਟ ਲਿਫਟਿੰਗ ਕੋਚ, ਕੰਵਲਜੀਤ ਸਿੰਘ ਵੇਟ ਲਿਫਟਿੰਗ ਕੋਚ, ਦਿਲਜੋਤ ਸਿੰਘ ਪੁੱਤਰ ਬਲਰਾਜ ਸਿੰਘ, ਗੁਰਦੀਪ ਸਿੰਘ ਪੁੱਤਰ ਨਿਰਮਲ ਸਿੰਘ, ਹਰਜੀਤ ਸਿੰਘ ਪੁੱਤਰ ਗੁਰਦੀਪ ਸਿੰਘ, ਗੁਰਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ, ਰਜਿੰਦਰ ਸਿੰਘ ਪੁੱਤਰ ਕਰਨੈਲ ਸਿੰਘ, ਜਗਦੀਪ ਸਿੰਘ ਪੁੱਤਰ ਮਨਜੀਤ ਸਿੰਘ, ਮਨਜਿੰਦਰ ਸਿੰਘ ਪੁੱਤਰ ਪਰਮਜੀਤ ਸਿੰਘਤੇ ਗੁਰਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਨਾਲ ਹੀ ਰਾਬਤਾ ਕੀਤਾ ਜਾਵੇ। ਪੰਜਾਬ ਸਰਕਾਰ ਦੇ ਸੈਰ-ਸਪਾਟਾ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਕਿਲ੍ਹਾ ਰਾਏਪੁਰ ਵਿਖੇ 30 ਜਨਵਰੀ ਤੋਂ 1 ਫਰਵਰੀ ਤੱਕ ਪੇਂਡੂ ਓਲੰਪਿਕ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿੱਥੇ ਤਿੰਨੇ ਦਿਨ ਬੈਲ ਗੱਡੀਆਂ ਦੀਆਂ ਦੌੜਾਂ ਹੋਣਗੀਆਂ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਖਾਸ ਤੌਰ ਤੇ ਕਿਹਾ ਕਿ ਬੈਲ ਗੱਡੀਆਂ ਦੀ ਦੌੜ ਵਿੱਚ ਸ਼ਾਮਲ ਹੋਣ ਲਈ ਕਿਸੇ ਵੀ ਤਰ੍ਹਾਂ ਦੀ ਰਜਿਸਟਰੇਸ਼ਨ ਫੀਸ ਨਹੀਂ ਹੈ। ਉਨ੍ਹਾਂ ਇਸ ਗੱਲ ਤੇ ਜ਼ੋਰ ਦਿੱਤਾ ਕਿ ਜੇਕਰ ਕੋਈ ਵਿਅਕਤੀ ਕਿਸੇ ਵੀ ਤਰੀਕੇ ਪੈਸਿਆਂ ਦੀ ਮੰਗ ਕਰਦਾ ਹੈ ਤਾਂ ਮਾਮਲਾ ਕਮੇਟੀ ਜਾਂ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਲਿਆਂਦਾ ਜਾਵੇ ਕਿਉਂਕਿ ਇਹ ਖੇਡਾਂ ਪਿਛਲੇ ਸਾਲ ਤੋਂ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਬੈਲ ਗੱਡੀਆਂ ਦੀਆਂ ਦੌੜਾਂ ਕਰਵਾਉਣ ਲਈ ਗਠਿਤ ਕਮੇਟੀ ਭਾਰਤੀ ਪਸ਼ੂ ਭਲਾਈ ਬੋਰਡ ਅਤੇ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਮਸ਼ਹੂਰ ਪੰਜਾਬੀ ਗਾਇਕਾ ਵੱਲੋਂ ਤਿੰਨ ਦਿਨਾਂ ਖੇਡਾਂ ਦੌਰਾਨ ਆਪਣੀ ਗਾਇਕੀ ਨਾਲ ਦਰਸ਼ਕਾਂ ਦਾ ਮਨੋਰੰਜਨ ਵੀ ਕੀਤਾ ਜਾਵੇਗਾ।