ਵਿਕਾਸ ਦੇ ਦਾਅਵੇ ਜ਼ਮੀਨੀ ਪੱਧਰ 'ਤੇ ਜ਼ੀਰੋ: ਸਰਕਾਰੀ ਸਮਾਗਮ 'ਚ ਭਾਜਪਾ ਕੌਂਸਲਰਾਂ ਨੂੰ ਸੱਦਾ ਨਾ ਦੇਣ 'ਤੇ ਨਿਰਮਲ ਸਿੰਘ ਤੇ ਰਾਜੇਸ਼ ਮਿਸ਼ਰਾ ਨੇ ਜਤਾਇਆ ਰੋਸ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹਲਕਾ ਦੱਖਣੀ ਅਧੀਨ ਪਿੰਡ ਲੁਹਾਰਾ ਦੇ ਸਰਕਾਰੀ ਸਕੂਲ ਵਿੱਚ ਸੋਮਵਾਰ ਨੂੰ ਹੋਣ ਵਾਲੇ ਉਦਘਾਟਨੀ ਸਮਾਗਮ ਤੋਂ ਪਹਿਲਾਂ ਭਾਜਪਾ ਦੇ ਓਬੀਸੀ ਵਿੰਗ ਦੇ ਮੀਤ ਪ੍ਰਧਾਨ ਨਿਰਮਲ ਸਿੰਘ ਐੱਸ.ਐੱਸ. ਅਤੇ ਕੌਂਸਲਰ ਰਾਜੇਸ਼ ਮਿਸ਼ਰਾ ਨੇ ਕੇਸ਼ਵ ਨਗਰ, ਲੁਹਾਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ।
Publish Date: Sun, 26 Jul 2026 02:46 PM (IST)
Updated Date: Sun, 26 Jul 2026 02:48 PM (IST)
ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹਲਕਾ ਦੱਖਣੀ ਅਧੀਨ ਪਿੰਡ ਲੁਹਾਰਾ ਦੇ ਸਰਕਾਰੀ ਸਕੂਲ ਵਿੱਚ ਸੋਮਵਾਰ ਨੂੰ ਹੋਣ ਵਾਲੇ ਉਦਘਾਟਨੀ ਸਮਾਗਮ ਤੋਂ ਪਹਿਲਾਂ ਭਾਜਪਾ ਦੇ ਓਬੀਸੀ ਵਿੰਗ ਦੇ ਮੀਤ ਪ੍ਰਧਾਨ ਨਿਰਮਲ ਸਿੰਘ ਐੱਸ.ਐੱਸ. ਅਤੇ ਕੌਂਸਲਰ ਰਾਜੇਸ਼ ਮਿਸ਼ਰਾ ਨੇ ਕੇਸ਼ਵ ਨਗਰ, ਲੁਹਾਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਸਰਕਾਰ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ, ਪਰ ਹਕੀਕਤ ਵਿੱਚ ਹਲਕਾ ਦੱਖਣੀ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਵਿਕਾਸ ਪੱਖੋਂ ਕਾਫ਼ੀ ਪਿੱਛੇ ਚਲਾ ਗਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਹਲਕੇ ਦੀਆਂ ਟੁੱਟੀਆਂ ਸੜਕਾਂ, ਸੀਵਰੇਜ ਅਤੇ ਸਫ਼ਾਈ ਦੀ ਮਾੜੀ ਹਾਲਤ ਕਿਸੇ ਤੋਂ ਲੁਕੀ ਨਹੀਂ। ਬਰਸਾਤ ਦੌਰਾਨ ਸੜਕਾਂ 'ਤੇ ਪਾਣੀ ਭਰਨ ਕਾਰਨ ਲੋਕਾਂ ਅਤੇ ਵਾਹਨ ਚਾਲਕਾਂ ਨੂੰ ਰੋਜ਼ਾਨਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਦੌਰੇ ਦੌਰਾਨ ਹਲਕੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਮੰਗ ਪੱਤਰ ਵੀ ਸੌਂਪਿਆ ਜਾਵੇਗਾ।
ਨਿਰਮਲ ਸਿੰਘ ਅਤੇ ਰਾਜੇਸ਼ ਮਿਸ਼ਰਾ ਨੇ ਪਿੰਡ ਲੁਹਾਰਾ ਵਿਖੇ ਹੋਣ ਵਾਲੇ ਸਰਕਾਰੀ ਸਮਾਗਮ ਵਿੱਚ ਭਾਜਪਾ ਦੇ ਕੌਂਸਲਰਾਂ ਨੂੰ ਸੱਦਾ ਪੱਤਰ ਨਾ ਭੇਜੇ ਜਾਣ 'ਤੇ ਵੀ ਰੋਸ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਸਮਾਗਮ ਕਿਸੇ ਇੱਕ ਪਾਰਟੀ ਦਾ ਨਹੀਂ ਹੁੰਦਾ, ਸਗੋਂ ਲੋਕਾਂ ਦੇ ਨੁਮਾਇੰਦਿਆਂ ਨੂੰ ਸੱਦਾ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਵਿਰੋਧੀ ਧਿਰ ਦੇ ਚੁਣੇ ਹੋਏ ਕੌਂਸਲਰਾਂ ਨੂੰ ਨਜ਼ਰਅੰਦਾਜ਼ ਕਰਨਾ ਲੋਕਤੰਤਰੀ ਪਰੰਪਰਾਵਾਂ ਦੇ ਉਲਟ ਹੈ।
ਭਾਜਪਾ ਆਗੂਆਂ ਨੇ ਦੋਸ਼ ਲਗਾਇਆ ਕਿ ਹਲਕੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਦਿਨ-ਦਿਹਾੜੇ ਲੁੱਟ-ਖੋਹ ਦੀਆਂ ਘਟਨਾਵਾਂ ਵਧ ਰਹੀਆਂ ਹਨ ਅਤੇ ਨਸ਼ੇ ਦਾ ਕਾਰੋਬਾਰ ਵੀ ਰੋਕਿਆ ਨਹੀਂ ਜਾ ਸਕਿਆ। ਉਨ੍ਹਾਂ ਕਿਹਾ ਕਿ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਅਤੇ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਵਿੱਚ ਨਾਕਾਮ ਰਹੀ ਹੈ। ਇਸ ਮੌਕੇ ਕੌਂਸਲਰ ਪਤੀ ਕੁਲਵੰਤ ਸਿੰਘ ਕਾਂਤੀ, ਬੈਜਨਾਥ ਗੁਪਤਾ, ਧਰਮਰਾਜ ਪਾਲ, ਸ਼ਿਵ ਗੋਬਿੰਦ ਸਿੰਘ, ਕੁਲਦੀਪ ਸਿੰਘ, ਰਾਜ ਕੁਮਾਰ ਗੁਪਤਾ, ਸੰਜੇ ਗੁਪਤਾ, ਪ੍ਰੇਮ ਚੰਦ ਗੁਪਤਾ, ਆਜਿਤ ਭਾਰਤੀ, ਚੰਦਿਕਾ ਸਿੰਘ, ਵਿਸ਼ਨੂੰ ਸ਼ਰਮਾ, ਓਮ ਪ੍ਰਕਾਸ਼ ਕੁਮਾਰ, ਸੰਤੋਸ਼ ਕੁਮਾਰ ਸਮੇਤ ਹੋਰ ਭਾਜਪਾ ਆਗੂ ਹਾਜ਼ਰ ਸਨ।