ਵਾਰਡ ਨੰਬਰ 42 ’ਚ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ
ਇਕ ਕਰੋੜ ਰੁਪਏ ਦੇ ਕੰਮਾਂ ਲਾਲ ਵਾਰਡ ਨੰਬਰ 42 ਵਿੱਚ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ
Publish Date: Sun, 28 Jun 2026 08:53 PM (IST)
Updated Date: Mon, 29 Jun 2026 04:08 AM (IST)

ਵਿਧਾਇਕ ਕੁਲਵੰਤ ਸਿੰਘ ਸਿੱਧੂ ਤੇ ਕੌਂਸਲਰ ਜਗਮੀਤ ਸਿੰਘ ਨੋਨੀ ਨੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ ਸਨਅਤੀ ਸ਼ਹਿਰ ਲੁਧਿਆਣਾ ਦੇ ਵਿਕਾਸ ਕੰਮਾਂ ਨੂੰ ਵਿੱਤ ਅਤੇ ਠੇਕਾ ਕਮੇਟੀ ਵੱਲੋਂ ਪ੍ਰਵਾਨਗੀ ਮਿਲਣ ਤੋਂ ਬਾਅਦ ਹੁਣ ਵੱਖ-ਵੱਖ ਵਾਰਡਾਂ ਵਿੱਚ ਕੰਮ ਸ਼ੁਰੂ ਹੋ ਰਹੇ ਹਨ। ਇਸੇ ਲੜੀ ਦੇ ਤਹਿਤ ਐਤਵਾਰ ਨੂੰ ਵਾਰਡ ਨੰਬਰ 42 ਵਿੱਚ ਕੌਂਸਲਰ ਕੋਟੇ ਦੇ ਇਕ ਕਰੋੜ ਰੁਪਏ ਦੇ ਵਿਕਾਸ ਕਾਰਜਾਂ ਸ਼ੁਰੂ ਹੋਏ। ਜਿਨ੍ਹਾਂ ਦਾ ਉਦਘਾਟਨ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਕੌਂਸਲਰ ਜਗਮੀਤ ਸਿੰਘ ਨੋਨੀ ਵੱਲੋਂ ਮੁਹੱਲਾ ਨਿਵਾਸੀਆਂ ਦੀ ਹਾਜ਼ਰੀ ਵਿੱਚ ਸਾਂਝੇ ਤੌਰਤੇ ਕੀਤਾ ਗਿਆ। ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਵਾਰਡ ਵਾਸੀਆਂ ਨੇ ਸ਼ੁਰੂ ਹੋ ਰਹੇ ਵਿਕਾਸ ਕਾਰਜਾਂ ਲਈ ਵਿਧਾਇਕ ਸਿੱਧੂ ਅਤੇ ਕੌਂਸਲਰ ਨੋਨੀ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਕੌਂਸਲਰ ਜਗਮੀਤ ਸਿੰਘ ਨੋਨੀ ਨੇ ਕਿਹਾ ਕਿ ਕੌਂਸਲਰ ਬਣਨ ਤੋਂ ਬਾਅਦ ਉਨ੍ਹਾਂ ਦੇ ਕੋਟੇ ਤਹਿਤ ਇਹ ਪਹਿਲਾ ਵੱਡਾ ਵਿਕਾਸ ਪ੍ਰੋਜੈਕਟ ਹੈ, ਜਿਸ ਨਾਲ ਵਾਰਡ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਵਿੱਚ ਵੱਡਾ ਸੁਧਾਰ ਮਿਲੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੰਮਾਂ ਵਿੱਚ ਗਲੀਆਂ ਅਤੇ ਸੜਕਾਂ ਦੀ ਮੁੜ ਤੋਂ ਉਸਾਰੀ, ਨਿਕਾਸੀ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਅਤੇ ਹੋਰ ਲੋਕ ਭਲਾਈ ਦੇ ਕੰਮ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਵਾਰਡ ਦੇ ਹਰ ਇਲਾਕੇ ਦਾ ਸੰਤੁਲਿਤ ਵਿਕਾਸ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ। ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਦੇ ਹਰ ਸ਼ਹਿਰ ਅਤੇ ਹਰ ਵਾਰਡ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਅਤੇ ਹਰ ਇਲਾਕੇ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਉਣਾ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਇਹ ਵਿਕਾਸ ਕਾਰਜ ਪੂਰੇ ਹੋਣ ਨਾਲ ਵਾਰਡ ਨੰਬਰ 42 ਦੇ ਵਸਨੀਕਾਂ ਨੂੰ ਆਵਾਜਾਈ, ਸਫ਼ਾਈ ਅਤੇ ਹੋਰ ਨਾਗਰਿਕ ਸਹੂਲਤਾਂ ਵਿੱਚ ਵੱਡਾ ਲਾਭ ਮਿਲੇਗਾ। ਮੁਹੱਲਾ ਨਿਵਾਸੀਆਂ ਨੇ ਵੀ ਵਿਕਾਸ ਕਾਰਜਾਂ ਦੀ ਸ਼ੁਰੂਆਤ ਤੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਲੰਬੇ ਸਮੇਂ ਤੋਂ ਇਲਾਕੇ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਬਣਾਉਣ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ। ਉਨ੍ਹਾਂ ਉਮੀਦ ਜਤਾਈ ਕਿ ਇਹ ਪ੍ਰੋਜੈਕਟ ਸਮੇਂ ਸਿਰ ਪੂਰੇ ਹੋਣਗੇ ਅਤੇ ਵਾਰਡ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ। ਉਦਘਾਟਨ ਮੌਕੇ ਹਾਜ਼ਰ ਵਾਰਡ ਵਾਸੀਆਂ ਨੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਹੋਣ ਤੇ ਵਿਧਾਇਕ ਕੁਲਵੰਤ ਸਿੰਘ ਸਿਧੂ ਅਤੇ ਕੌਂਸਲਰ ਜਗਮੀਤ ਸਿੰਘ ਨੋਨੀ ਦਾ ਸਿਰੋਪਾਓ ਨਾਲ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਤੇ ਬਲਵਿੰਦਰ ਸਿੰਘ ਹਾਡਾਂ, ਜਸਪਾਲ ਸਿੰਘ, ਬਲਵੀਰ ਸਿੰਘ, ਰਾਕੇਸ਼ ਕੁਮਾਰ ਬਾਵਾ, ਰਜਿੰਦਰ ਬਜਾਜ, ਬਲਵਿੰਦਰ ਸਿੰਘ, ਗੁਰਪਾਲ ਸਿੰਘ, ਜਸਵੀਰ ਸਿੰਘ, ਮੰਨੂ ਸੂਦ ਸਮੇਤ ਵੱਡੀ ਗਿਣਤੀ ਵਿੱਚ ਮੁਹੱਲਾ ਨਿਵਾਸੀ ਹਾਜ਼ਰ ਸਨ।