ਡੀਜੀਪੀ ਗੌਰਵ ਯਾਦਵ ਵੱਲੋਂ ਡੀਐੱਸਪੀ ਪ੍ਰਿਤਪਾਲ ਸਿੰਘ ਸੰਧੂ ਦਾ ਸਨਮਾਨ
ਡੀਜੀਪੀ ਗੌਰਵ ਯਾਦਵ ਵੱਲੋਂ ਡੀਐਸਪੀ ਪ੍ਰਿਤਪਾਲ ਸਿੰਘ ਸੰਧੂ ਦਾ ਸਨਮਾਨ
Publish Date: Wed, 06 May 2026 07:58 PM (IST)
Updated Date: Thu, 07 May 2026 04:14 AM (IST)
* ਲੁਧਿਆਣਾ ’ਚ ਆਯੋਜਿਤ ਸਮਾਗਮ ਦੌਰਾਨ ਵਧੀਆ ਕਾਰਗੁਜ਼ਾਰੀ ਦੀ ਸ਼ਲਾਘਾ, ਸੀਨੀਅਰ ਅਧਿਕਾਰੀ ਰਹੇ ਮੌਜੂਦ
ਪੀ 13 : ਡੀਐਸਪੀ ਪ੍ਰਿਤਪਾਲ ਸਿੰਘ ਸੰਧੂ ਨੂੰ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕਰਦੇ ਹੋਏ ਡੀਜੀਪੀ ਗੌਰਵ ਯਾਦਵ।
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਖੰਨਾ : ਲੁਧਿਆਣਾ ਵਿਖੇ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸਮਰਾਲਾ ਦੇ ਡੀਐਸਪੀ ਪ੍ਰਿਤਪਾਲ ਸਿੰਘ ਸੰਧੂ ਨੂੰ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਤੇ ਉਤਕ੍ਰਿਸ਼ਟ ਸੇਵਾਵਾਂ ਲਈ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਨੂੰ ਨਕਦ ਇਨਾਮ, ਪ੍ਰਸ਼ੰਸਾ ਪੱਤਰ ਅਤੇ ਡੀਜੀਪੀ ਬੈਜ ਦੇ ਕੇ ਨਵਾਜਿਆ ਗਿਆ। ਇਸ ਸਮਾਗਮ ਵਿੱਚ ਕਈ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਜੂਦ ਰਹੇ, ਜਿਨ੍ਹਾਂ ਨੇ ਡੀਐਸਪੀ ਸੰਧੂ ਦੇ ਕੰਮ ਦੀ ਖੂਬ ਪ੍ਰਸ਼ੰਸਾ ਕੀਤੀ। ਇਸ ਦੌਰਾਨ ਸਵੱਪਨ ਸ਼ਰਮਾ ਲੁਧਿਆਣਾ ਪੁਲਿਸ ਕਮਿਸ਼ਨਰ, ਸਤਿੰਦਰ ਸਿੰਘ ਡੀਆਈਜੀ ਲੁਧਿਆਣਾ ਰੇਂਜ ਤੇ ਡਾ. ਦਰਪਣ ਆਹੁਲਵਾਲੀਆ ਐਸਐਸਪੀ ਖੰਨਾ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ।
ਡੀਜੀਪੀ ਗੌਰਵ ਯਾਦਵ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਪੁਲਿਸ ਵਿਭਾਗ ’ਚ ਵਧੀਆ ਕੰਮ ਕਰਨ ਵਾਲੇ ਅਧਿਕਾਰੀਆਂ ਨੂੰ ਸਨਮਾਨਿਤ ਕਰਨਾ ਬਹੁਤ ਜ਼ਰੂਰੀ ਹੈ, ਤਾਂ ਜੋ ਹੋਰ ਕਰਮਚਾਰੀਆਂ ਨੂੰ ਵੀ ਪ੍ਰੇਰਣਾ ਮਿਲ ਸਕੇ। ਉਨ੍ਹਾਂ ਕਿਹਾ ਕਿ ਡੀਐਸਪੀ ਪ੍ਰਿਤਪਾਲ ਸਿੰਘ ਸੰਧੂ ਨੇ ਆਪਣੇ ਖੇਤਰ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ, ਅਪਰਾਧਾਂ 'ਤੇ ਕਾਬੂ ਪਾਉਣ ਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਤਰ੍ਹਾਂ ਦੇ ਅਧਿਕਾਰੀ ਪੁਲਿਸ ਵਿਭਾਗ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਜੋ ਮੁਸ਼ਕਲ ਹਾਲਾਤਾਂ ’ਚ ਵੀ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਨਿਭਾਉਂਦੇ ਹਨ। ਉਨ੍ਹਾਂ ਦੇ ਕੰਮ ਨਾਲ ਨਾ ਸਿਰਫ਼ ਵਿਭਾਗ ਦੀ ਛਵੀ ਮਜ਼ਬੂਤ ਹੁੰਦੀ ਹੈ, ਸਗੋਂ ਆਮ ਲੋਕਾਂ ਦਾ ਭਰੋਸਾ ਵੀ ਵੱਧਦਾ ਹੈ। ਸਮਾਗਮ ਦੌਰਾਨ ਮੌਜੂਦ ਹੋਰ ਅਧਿਕਾਰੀਆਂ ਨੇ ਵੀ ਡੀਐਸਪੀ ਸੰਧੂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਕੰਮ ਕਰਨ ਦੀ ਸ਼ੈਲੀ ਨੌਜਵਾਨ ਅਧਿਕਾਰੀਆਂ ਲਈ ਪ੍ਰੇਰਣਾਦਾਇਕ ਹੈ। ਇਸ ਮੌਕੇ ਇਹ ਵੀ ਦੱਸਿਆ ਗਿਆ ਕਿ ਭਵਿੱਖ ’ਚ ਵੀ ਇਸੇ ਤਰ੍ਹਾਂ ਵਧੀਆ ਕੰਮ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਜਾਂਦਾ ਰਹੇਗਾ, ਤਾਂ ਜੋ ਪੁਲਿਸ ਬਲ ਦਾ ਮਨੋਬਲ ਉੱਚਾ ਰਹੇ ਅਤੇ ਉਹ ਹੋਰ ਸਮਰਪਣ ਨਾਲ ਆਪਣੀ ਡਿਊਟੀ ਨਿਭਾਉਣ।