ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਟ ਸਰਾਭਾ ਦੀ ਕੁਰਬਾਨੀ ਤੋਂ ਪ੍ਰੇਰਨਾ ਲੈ ਕੇ ਪੰਜਾਬ ਨੂੰ ਦਿੱਲੀ ਦੇ ‘ਕਾਲੇ ਅੰਗਰੇਜ਼ਾਂ’ ਤੋਂ ਬਚਾਉਣ ਦੀ ਲੋੜ: ਪ੍ਰਦੀਪ ਨੱਥੋਵਾਲ
Publish Date: Tue, 17 Nov 2026 06:22 PM (IST)
Updated Date: Tue, 17 Nov 2026 06:24 PM (IST)
ਤਾਜਪੁਰੀ/ਗਰੇਵਾਲ, ਪੰਜਾਬੀ ਜਾਗਰਣ ਰਾਏਕੋਟ/ਜੋਧਾਂ : ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਉਮੀਦਵਾਰ ਅਤੇ ਸਾਬਕਾ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਪ੍ਰਭਦੀਪ ਸਿੰਘ ਨੱਥੋਵਾਲ ਨੇ ਪਿੰਡ ਸਰਾਭਾ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਉਨ੍ਹਾਂ ਦੇ ਛੇ ਹੋਰ ਸਾਥੀ ਸੂਰਬੀਰ ਯੋਧਿਆਂ ਦੀ ਲਾਸਾਨੀ ਕੁਰਬਾਨੀ ਨੂੰ ਸਿਜਦਾ ਕੀਤਾ। ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਦੇਸ਼ ਅਤੇ ਪੰਜਾਬ ਲਈ ਉਨ੍ਹਾਂ ਵੱਲੋਂ ਦਿੱਤੀ ਮਹਾਨ ਕੁਰਬਾਨੀ ਨੂੰ ਯਾਦ ਕੀਤਾ। ਇਸ ਮੌਕੇ ਪ੍ਰਭਦੀਪ ਸਿੰਘ ਨੱਥੋਵਾਲ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਬਹੁਤ ਛੋਟੀ ਉਮਰ ਵਿੱਚ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਉਨ੍ਹਾਂ ਦੀ ਕੁਰਬਾਨੀ ਸਿਰਫ਼ ਇਤਿਹਾਸ ਦਾ ਹਿੱਸਾ ਨਹੀਂ, ਸਗੋਂ ਅੱਜ ਵੀ ਪੰਜਾਬ ਦੀ ਨੌਜਵਾਨ ਪੀੜ੍ਹੀ ਅਤੇ ਸਮੁੱਚੇ ਸਮਾਜ ਲਈ ਵੱਡੀ ਪ੍ਰੇਰਨਾ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਜਿਸ ਜਜ਼ਬੇ ਅਤੇ ਦਲੇਰੀ ਨਾਲ ਸ਼ਹੀਦਾਂ ਨੇ ਵਿਦੇਸ਼ੀ ਹਕੂਮਤ ਵਿਰੁੱਧ ਸੰਘਰਸ਼ ਕੀਤਾ ਸੀ, ਅੱਜ ਉਸੇ ਤਰ੍ਹਾਂ ਪੰਜਾਬੀਆਂ ਨੂੰ ਇਕਜੁੱਟ ਹੋ ਕੇ ਆਪਣੇ ਸੂਬੇ ਦੇ ਹੱਕਾਂ, ਪਛਾਣ ਅਤੇ ਭਵਿੱਖ ਦੀ ਰਾਖੀ ਲਈ ਅੱਗੇ ਆਉਣ ਦੀ ਲੋੜ ਹੈ। ਉਨ੍ਹਾਂ ਮੌਜੂਦਾ ਸਿਆਸੀ ਹਾਲਾਤਾਂ ਦਾ ਜ਼ਿਕਰ ਕਰਦਿਆਂ ਪੰਜਾਬ ਨੂੰ ਦਿੱਲੀ ਦੇ ‘ਕਾਲੇ ਅੰਗਰੇਜ਼ਾਂ’ ਤੋਂ ਬਚਾਉਣ ਦਾ ਸੱਦਾ ਦਿੱਤਾ। ਨੱਥੋਵਾਲ ਨੇ ਕਿਹਾ ਕਿ ਪੰਜਾਬ ਇਸ ਸਮੇਂ ਗੈਂਗਸਟਰਵਾਦ, ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਰਗੀਆਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਇਨ੍ਹਾਂ ਸਮੱਸਿਆਵਾਂ ਤੋਂ ਸੂਬੇ ਨੂੰ ਬਾਹਰ ਕੱਢਣ ਲਈ ਪੰਜਾਬ ਦੇ ਸੂਝਵਾਨ ਲੋਕਾਂ ਨੂੰ ਸਿਆਸੀ ਅਤੇ ਸਮਾਜਿਕ ਤੌਰ ’ਤੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਲਈ ਲੋਕਾਂ ਦੀ ਇਕਜੁੱਟਤਾ ਅਤੇ ਜਾਗਰੂਕਤਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਬਾਵਾ ਰਾਏਕੋਟ ਕੌਮੀ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ, ਬੂਟਾ ਛਾਪਾ ਸਾਬਕਾ ਕੌਂਸਲਰ, ਗੁਰਜੀਤ ਜੰਡ, ਬਲਜਿੰਦਰ ਸਿੰਘ, ਰਵਿੰਦਰ ਸਿੰਘ, ਹਨੀ ਰਾਏਕੋਟ,ਰਿਹਾਨ ਖਾਨ, ਅਵਤਾਰ ਅਕਬਰਪੁਰ ਆਦਿ ਹਾਜ਼ਰ ਸਨ।