ਰਾੜਾ ਸਾਹਿਬ ਕਾਲਜ ’ਚ ਨਸ਼ਾ ਮੁਕਤੀ ਕੈਂਪ ਲਾਇਆ ਰਾੜਾ ਸਾਹਿਬ ਕਾਲਜ ’ਚ ਨਸ਼ਾ ਮੁਕਤੀ ਕੈਂਪ ਕਰਵਾਇਆ
Publish Date: Tue, 27 Oct 2026 07:44 PM (IST)
Updated Date: Tue, 27 Oct 2026 07:46 PM (IST)
ਬਲਵਿੰਦਰ ਸਿੰਘ ਮਹਿਮੀ, ਪੰਜਾਬੀ ਜਾਗਰਣ ਰਾੜਾ ਸਾਹਿਬ : ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿਖੇ ਨਸ਼ਾ ਮੁਕਤ ਪੰਜਾਬ ਅਤੇ ਤੰਦਰੁਸਤ ਪੰਜਾਬ’ ਵਿਸ਼ੇ ’ਤੇ ਇੱਕ ਜਾਗਰੂਕਤਾ ਲੈਕਚਰ ਕਰਵਾਇਆ ਗਿਆ। ਇਹ ਕੈਂਪ ਕਾਲਜ ਦੇ ਪ੍ਰਿੰਸੀਪਲ ਡਾ. ਮੁਹੰਮਦ ਇਰਫਾਨ ਦੀ ਅਗਵਾਈ ਹੇਠ ਲਗਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਨਸ਼ਾ ਮੁਕਤ, ਸਿਹਤਮੰਦ ਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਪ੍ਰੋਫੈਸਰ ਗੁਰਦਿੱਤ ਸਿੰਘ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਨਸ਼ਾ ਅੱਜ ਦੇ ਸਮਾਜ ਦੀਆਂ ਗੰਭੀਰ ਸਮੱਸਿਆਵਾਂ ਵਿੱਚੋਂ ਇੱਕ ਹੈ, ਜੋ ਨੌਜਵਾਨ ਪੀੜ੍ਹੀ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਅਤੇ ਖੇਡਾਂ, ਪੜ੍ਹਾਈ ਤੇ ਹੋਰ ਉਸਾਰੂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਸਿਹਤਮੰਦ ਸੋਚ ਤੇ ਚੰਗੀ ਜੀਵਨ-ਸ਼ੈਲੀ ਹੀ ਇੱਕ ਮਜ਼ਬੂਤ ਸਮਾਜ ਦੀ ਨੀਂਹ ਬਣ ਸਕਦੀ ਹੈ। ਲੈਕਚਰ ਉਪਰੰਤ ਵਿਦਿਆਰਥੀਆਂ ਵੱਲੋਂ ਕਾਲਜ ਕੈਂਪਸ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਵੀ ਕੱਢੀ ਗਈ। ਇਸ ਰੈਲੀ ਰਾਹੀਂ ਵਿਦਿਆਰਥੀਆਂ ਨੇ ਨਸ਼ਿਆਂ ਦੇ ਖਾਤਮੇ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦਾ ਸੰਦੇਸ਼ ਦਿੱਤਾ। ਇਸ ਗਤੀਵਿਧੀ ਦਾ ਉਦੇਸ਼ ਵਿਦਿਆਰਥੀਆਂ ਦੇ ਨਾਲ-ਨਾਲ ਸਮਾਜ ਦੇ ਹੋਰ ਵਰਗਾਂ ਨੂੰ ਵੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਨਸ਼ਾ ਮੁਕਤ ਪੰਜਾਬ ਦੀ ਮੁਹਿੰਮ ਨਾਲ ਜੋੜਨਾ ਸੀ। ਪ੍ਰੋਗਰਾਮ ਦੇ ਅੰਤ ਵਿੱਚ ਪ੍ਰੋ. ਰੁਪਿੰਦਰ ਕੌਰ ਨੇ ਕਾਲਜ ਦੇ ਪ੍ਰਿੰਸੀਪਲ ਡਾ. ਮੁਹੰਮਦ ਇਰਫਾਨ, ਵਾਈਸ ਪ੍ਰਿੰਸੀਪਲ ਪ੍ਰੋ. ਗੁਰਦਿੱਤ ਸਿੰਘ ਅਤੇ ਸਮਾਗਮ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਿੱਖਿਆ ਸੰਸਥਾਵਾਂ ਅਤੇ ਸਮਾਜ ਦੇ ਸਾਂਝੇ ਯਤਨ ਬਹੁਤ ਜ਼ਰੂਰੀ ਹਨ।