ਨਸ਼ਾ ਛੁਡਾਊ ਮੁਲਾਜ਼ਮ ਯੂਨੀਅਨ ਵੱਲੋਂ 5 ਨੂੰ ਹੜਤਾਲ ਦਾ ਐਲਾਨ
ਨਸ਼ਾ ਛੁਡਾਓ ਮੁਲਾਜ਼ਮ ਯੂਨੀਅਨ ਵੱਲੋਂ 5 ਨੂੰ ਹੜਤਾਲ ਦਾ ਐਲਾਨ
Publish Date: Sun, 01 Mar 2026 06:42 PM (IST)
Updated Date: Sun, 01 Mar 2026 06:43 PM (IST)

ਬਸੰਤ ਸਿੰਘ ਰੋੜੀਆਂ, ਪੰਜਾਬੀ ਜਾਗਰਣ ਲੁਧਿਆਣਾ ਪੰਜਾਬ ਭਰ ਦੇ ਨਸ਼ਾ ਛੁਡਾਊ ਕੇਂਦਰਾਂ ਵਿਚ ਕੰਮ ਕੰਮ ਕਰਦੇ ਮੁਲਾਜ਼ਮ 5 ਮਾਰਚ ਤੋਂ ਹੜਤਾਲ ਤੇ ਜਾ ਰਹੇ ਹਨ। ਜਾਣਕਾਰੀ ਦਿੰਦੇ ਯੂਨੀਅਨ ਆਗੂਆਂ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਛੁਡਾਊ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 5 ਮਾਰਚ ਨੂੰ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਨੇ ਦੱਸਿਆ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਸਾਡੇ ਮੁਲਾਜ਼ਮ ਜੋ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਦਿਨ-ਰਾਤ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੂਹਰਲੀ ਕਤਾਰ ਵਿਚ ਰਹਿ ਕੇ ਕੰਮ ਕਰ ਰਹੇ ਹਨ, ਅੱਜ ਖੁਦ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰਨ ਲਈ ਮਜਬੂਰ ਹਨ। ਸਰਕਾਰ ਇੱਕ ਪਾਸੇ ਨਸ਼ਾ ਖਤਮ ਕਰਨ ਦੇ ਦਾਅਵੇ ਕਰਦੀ ਹੈ, ਪਰ ਦੂਜੇ ਪਾਸੇ ਇਸ ਮੁਹਿੰਮ ਦੀ ਰੀੜ੍ਹ ਦੀ ਹੱਡੀ ਕਹੇ ਜਾਣ ਵਾਲੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਅਨੇਕਾਂ ਵਾਰ ਸਰਕਾਰ ਦ ਨਾਲ ਮੀਟਿੰਗਾਂ ਹੋਈਆਂ ਪ੍ਰੰਤੂ ਬੇਸਿੱਟਾ ਰਹੀਆਂ। ਅਸੀਂ ਲੰਬੇ ਸਮੇਂ ਤੋਂ ਸਰਕਾਰ ਨੂੰ ਆਪਣੀਆਂ ਮੁਸ਼ਕਿਲਾਂ ਬਾਰੇ ਜਾਣੂ ਕਰਵਾ ਰਹੇ ਹਾਂ, ਪ੍ਰੰਤੂ ਹਰ ਵਾਰ ਡੰਗ ਟਪਾਊ ਨੀਤੀ ਅਪਣਾਈ ਜਾਂਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਯੂਨੀਅਨ ਨੂੰ ਪੰਜ ਵਾਰ ਮੀਟਿੰਗ ਦਾ ਸਮਾਂ ਦੇਣ ਦੇ ਬਾਵਜੂਦ ਯੂਨੀਅਨ ਨਾਲ ਇੱਕ ਵੀ ਮੀਟਿੰਗ ਨਹੀਂ ਕੀਤੀ। ਕੋਈ ਵੀ ਸੁਣਵਾਈ ਨਾ ਹੋਣ ਕਾਰਨ ਹੁਣ ਸਾਨੂੰ ਸੰਘਰਸ਼ ਦਾ ਰਾਹ ਚੁਣਨਾ ਪਿਆ ਹੈ। 5 ਮਾਰਚ ਨੂੰ ਚੰਡੀਗੜ੍ਹ ਵਿਖੇ ਹੜਤਾਲ ਕੀਤੀ ਜਾਵੇਗੀ ਅਤੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਗਰਾਊਂਡ ਪੱਧਰ ਤੇ ਹੋ ਰਹੇ ਮੁਲਾਜ਼ਮਾਂ ਦੇ ਸ਼ੋਸ਼ਣ ਬਾਰੇ ਜਨਤਾ ਨੂੰ ਜਾਣੂੰ ਕਰਵਾਇਆ ਜਾਵੇਗਾ। ਸਾਡੀ ਇਹ ਹੜਤਾਲ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਨੂੰ ਪ੍ਰਵਾਨ ਨਹੀਂ ਕਰਦੀ। ਸੂਬਾ ਪ੍ਰਧਾਨ ਨੇ ਦੱਸਿਆ ਕਿ ਮੀਡੀਆ ਰਾਹੀਂ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਨਸ਼ਾ ਮੁਕਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਵਾਲੇ ਇਨ੍ਹਾਂ ਮੁਲਾਜ਼ਮਾਂ ਦੇ ਹੱਕਾਂ ਵੱਲ ਤੁਰੰਤ ਧਿਆਨ ਦਿੱਤਾ ਜਾਵੇ ਅਤੇ ਜਲਦ ਮੁਲਾਜ਼ਮਾਂ ਦਾ 12 ਫੀਸਦ ਬਕਾਇਆ ਜਾਰੀ ਕੀਤਾ ਜਾਵੇ।