ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਤਸਕਰਾਂ ਤੇ ਸਮੱਗਲਰਾਂ ਵਿਰੁੱਧ ਨਿਰੰਤਰ ਅਤੇ ਬਹੁ-ਪੱਖੀ ਜੰਗ ਲੜ ਰਹੀ ਹੈ ਅਤੇ ਅਸੀਂ ਪੰਜਾਬ ਵਿੱਚੋਂ ਇਸ ਅਲਾਮਤ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਕੇ ਦਮ ਲਵਾਂਗੇ। ਉਨ੍ਹਾਂ ਦੁਹਰਾਇਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਆਪਣੇ ਅੰਤਿਮ ਅਤੇ ਸਭ ਤੋਂ ਗੰਭੀਰ ਪੜਾਅ ਵਿੱਚ ਦਾਖਲ ਹੋ ਚੁੱਕੀ ਹੈ ਅਤੇ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਲਈ ਦ੍ਰਿੜ ਸੰਕਲਪ ਹੈ।

ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ, ਲੁਧਿਆਣਾ : ਪਿਛਲੇ ਦਿਨੀਂ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਸ਼ਕਤੀ ਪਾਂਡੇ, ਜਿਨ੍ਹਾਂ ਨੂੰ ਘਰ ਦੇ ਬਾਹਰ ਖੜ੍ਹੇ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ, ਦਾ ਹਾਲ-ਚਾਲ ਜਾਨਣ ਲਈ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਸ਼ੇਰਪੁਰ ਸਥਿਤ ਮੋਹਨ ਦੇਈ ਹਸਪਤਾਲ ਵਿਖੇ ਪਹੁੰਚੇ।
ਇਸ ਦੌਰਾਨ ਬਲਤੇਜ ਪੰਨੂ ਨੇ ਪੀੜਤ ਦੇ ਪਰਿਵਾਰ ਨਾਲ ਮੁਲਾਕਾਤ ਕਰ ਕੇ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਤੇ ਨਸ਼ਾ ਮੁਕਤੀ ਮੋਰਚਾ ਪੰਜਾਬ ਦੇ ਮੈਂਬਰ ਵੀ ਮੌਜੂਦ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਬਲਤੇਜ ਪੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਹਰ ਉਸ ਪੰਜਾਬ ਵਾਸੀ ਨਾਲ ਚੱਟਾਨ ਵਾਂਗ ਖੜ੍ਹੀ ਹੈ ਜੋ ਨਸ਼ਿਆਂ ਦੀ ਅਲਾਮਤ ਦਾ ਦਲੇਰੀ ਨਾਲ ਸਾਹਮਣਾ ਕਰ ਰਹੇ ਹਨ ਤੇ ਤਸਕਰੀ ’ਚ ਸ਼ਾਮਲ ਲੋਕਾਂ ਨੂੰ ਬੇਨਕਾਬ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਤਸਕਰਾਂ ਤੇ ਸਮੱਗਲਰਾਂ ਵਿਰੁੱਧ ਨਿਰੰਤਰ ਅਤੇ ਬਹੁ-ਪੱਖੀ ਜੰਗ ਲੜ ਰਹੀ ਹੈ ਅਤੇ ਅਸੀਂ ਪੰਜਾਬ ਵਿੱਚੋਂ ਇਸ ਅਲਾਮਤ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਕੇ ਦਮ ਲਵਾਂਗੇ। ਉਨ੍ਹਾਂ ਦੁਹਰਾਇਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਆਪਣੇ ਅੰਤਿਮ ਅਤੇ ਸਭ ਤੋਂ ਗੰਭੀਰ ਪੜਾਅ ਵਿੱਚ ਦਾਖਲ ਹੋ ਚੁੱਕੀ ਹੈ ਅਤੇ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਲਈ ਦ੍ਰਿੜ ਸੰਕਲਪ ਹੈ।
ਇਸ ਮੌਕੇ ਬਲਤੇਜ ਪੰਨੂ ਨੇ ਗੋਲੀ ਲੱਗਣ ਕਾਰਨ ਜ਼ਖਮੀ ਹੋਏ ਕਾਰਕੁੰਨ ਦੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੀੜਤ ਪਰਿਵਾਰ ਨੂੰ ਪੂਰਾ ਸਹਿਯੋਗ ਦੇ ਰਹੀ ਹੈ। ਮੈਂ ਨਿੱਜੀ ਤੌਰ 'ਤੇ ਉਨ੍ਹਾਂ ਦੇ ਲਗਾਤਾਰ ਸੰਪਰਕ ਵਿੱਚ ਰਹਾਂਗਾ ਅਤੇ ਇਲਾਜ ਦੌਰਾਨ ਹਰ ਸੰਭਵ ਮਦਦ ਯਕੀਨੀ ਬਣਾਈ ਜਾਵੇਗੀ।
ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਨਸ਼ਾ ਤਸਕਰ ਜਾਂ ਤਾਂ ਪੰਜਾਬ ਛੱਡ ਦੇਣ ਜਾਂ ਫਿਰ ਸਖ਼ਤ ਅਤੇ ਬਿਨ੍ਹਾਂ ਕਿਸੇ ਸਮਝੌਤੇ ਵਾਲੀ ਕਾਰਵਾਈ ਦਾ ਸਾਹਮਣਾ ਕਰਨ ਨਹੀ ਤਿਆਰ ਰਹਿਣ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜਾਬ ਵਿੱਚੋਂ ਨਸ਼ਿਆਂ ਦੀ ਅਲਾਮਤ ਪੂਰੀ ਤਰ੍ਹਾਂ ਖ਼ਤਮ ਨਹੀਂ ਹੋ ਜਾਂਦੀ, ਅਸੀਂ ਚੈਨ ਨਾਲ ਨਹੀਂ ਬੈਠਾਂਗੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਵੱਡੇ ਪੱਧਰ 'ਤੇ ਗ੍ਰਿਫਤਾਰੀਆਂ, ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਕੁਰਕ ਕਰਨ, ਐਨਡੀਪੀਐਸ ਐਕਟ ਤਹਿਤ ਸਜ਼ਾਵਾਂ ਦਿਵਾਉਣ ਅਤੇ ਲੋਕਾਂ ਦੀ ਸ਼ਮੂਲੀਅਤ ਰਾਹੀਂ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਨਸ਼ਾ ਮੁਕਤੀ ਮੋਰਚਾ ਦੇ ਲਗਭਗ 1.5 ਲੱਖ ਵਲੰਟੀਅਰ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਦੀ ਇਸ ਮੁਹਿੰਮ ਵਿੱਚ ਸਰਗਰਮੀ ਨਾਲ ਸਹਿਯੋਗ ਦੇ ਰਹੇ ਹਨ।