ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ

ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਦੋ ਅਜਿਹੇ ਨੌਜਵਾਨਾਂ ਨੂੰ ਕਾਬੂ ਕੀਤਾ ਹੈ ਜੋ ਨਸ਼ਾ ਖ਼ਰੀਦਣ ਲਈ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਸਨ। ਹੁਣੇ ਜਿਹੇ ਮੁਲਜ਼ਮਾਂ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ 8 ਮੋਬਾਈਲ ਫ਼ੋਨ ਝਪਟੇ। ਪੁਲਿਸ ਮੁਤਾਬਕ ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਫੁੱਲਾਂਵਾਲ ਦੇ ਵਾਸੀ ਦੀਪਕ ਯਾਦਵ ਤੇ ਪ੍ਰਵੇਸ਼ ਕੁਮਾਰ ਉਰਫ ਪਿ੍ਰੰਸ ਵਜੋਂ ਹੋਈ ਹੈ। ਥਾਣਾ ਸਰਾਭਾ ਨਗਰ ਦੇ ਮੁਖੀ ਮਧੂਬਾਲਾ ਨੇ ਦੱਸਿਆ ਕਿ ਪੁਲਿਸ ਨੂੰ ਸੂਤਰਾਂ ਤੋਂ ਪਤਾ ਲੱਗਿਆ ਕਿ ਦੋਵੇਂ ਮੁਲਜ਼ਮ ਪਿਛਲੇ ਕੁਝ ਮਹੀਨਿਆਂ ਤੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਜਾ ਕੇ ਪਰਵਾਸੀ ਮਜ਼ਦੂਰਾਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਕੋਲੋਂ ਮੋਬਾਈਲ ਫੋਨ ਤੇ ਨਕਦੀ ਲੁੱਟ ਰਹੇ ਹਨ। ਸੂਤਰਾਂ ਦੇ ਅਨੁਸਾਰ ਦੋਵੇਂ ਮੁਲਜ਼ਮ ਇਸ ਵੇਲੇ ਵੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਲੁੱਟੇ ਗਏ ਮੋਬਾਇਲ ਫੋਨ ਵੇਚਣ ਲਈ ਬਾੜੇਵਾਲ ਅਵਾਣਾ ਇਲਾਕੇ ਵਿਚ ਰਹੇ ਹਨ। ਜਾਣਕਾਰੀ ਮਿਲਦੇ ਹੀ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਇਆਲੀ ਚੌਕ 'ਚ ਨਾਕਾਬੰਦੀ ਕਰ ਕੇ ਦੋਵਾਂ ਮੁਲਜ਼ਮਾਂ ਨੂੰ ਗਿ੍ਫਤਾਰ ਕੀਤਾ। ਨਾਕਾਬੰਦੀ ਦੌਰਾਨ ਮੁਲਜ਼ਮਾਂ ਦੇ ਕਬਜ਼ੇ 'ਚੋਂ ੁਵੱਖ-ਵੱਖ ਥਾਵਾਂ ਤੋਂ ਲੁੱਟੇ ਗਏ ਅੱਠ ਮੋਬਾਈਲ ਫੋਨ ਅਤੇ ਵਾਰਦਾਤਾਂ 'ਚ ਵਰਤਿਆ ਗਿਆ ਮੋਟਰਸਾਈਕਲ ਬਰਾਮਦ ਕੀਤਾ। ਇਸ ਮਾਮਲੇ 'ਚ ਪੁਲਿਸ ਨੇ ਕਾਬੂ ਕੀਤੇ ਦੋਵਾਂ ਮੁਲਜ਼ਮਾਂ ਕੋਲੋਂ ਵਧੇਰੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।ਪੁਲਿਸ ਨੂੰ ਆਸ ਹੈ ਕਿ ਦੌਰਾਨੇ ਪੁੱਛਗਿੱਛ ਕਈ ਹੋਰ ਵੀ ਖੁਲਾਸੇ ਹੋਣਗੇ।