- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਰਡ ਨੰਬਰ 52 ਦੇ ਦੀਪ ਨਗਰ ਵਿਖੇ ਮੀਟਿੰਗ ਦੌਰਾਨ ਬੈਂਸ ਨੇ ਮੁਹੱਲਾ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

-ਕਿਹਾ, ਸਰਕਾਰ ਦੇ ਹਰ ਪੱਧਰ ’ਤੇ ਫੇਲ੍ਹ ਹੋਣ ਸਦਕਾ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਨੇ ਲੋਕ
ਫ਼ੋਟੋ ਨੰਬਰ-21
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਾਰਡ ਨੰਬਰ 52 ਦੇ ਅਧੀਨ ਆਉਂਦੇ ਮੁਹੱਲਾ ਦੀਪ ਨਗਰ (ਗਿੱਲ ਚੌਂਕ) ਵਿਖੇ ਸਥਿਤ ਬੱਬੂ ਦੇ ਗ੍ਰਹਿ ਵਿਖੇ ਮੋਹਤਵਰ ਸੱਜਣਾਂ ਤੇ ਮੁਹੱਲਾ ਨਿਵਾਸੀਆਂ ਨਾਲ ਇੱਕ ਅਹਿਮ ਸਿਆਸੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਹਾਜ਼ਰ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ, ਜਿੱਥੇ ਸਮੂਹ ਮੁਹੱਲਾ ਨਿਵਾਸੀਆਂ ਨੇ ਬੈਂਸ ਨੂੰ ਸਨਮਾਨਿਤ ਵੀ ਕੀਤਾ।
ਇਕੱਠ ਨੂੰ ਸੰਬੋਧਨ ਕਰਦਿਆਂ ਅਤੇ ਮੌਜੂਦਾ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਸਾਬਕਾ ਵਿਧਾਇਕ ਬੈਂਸ ਨੇ ਕਿਹਾ ਕਿ ਅੱਜ ਸੂਬੇ ਦੀ ਜਨਤਾ ਮੌਜੂਦਾ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਅਤੇ ਨਾਕਾਮੀਆਂ ਕਾਰਨ ਬੇਹੱਦ ਪਰੇਸ਼ਾਨ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਡੇ-ਵੱਡੇ ਦਾਅਵੇ ਤੇ ਬਦਲਾਅ ਦੀਆਂ ਗੱਲਾਂ ਤਾਂ ਕਰ ਰਹੀ ਹੈ, ਪਰ ਜ਼ਮੀਨੀ ਹਕੀਕਤ ਇਹ ਹੈ ਕਿ ਲੋਕ ਅੱਜ ਵੀ ਟੁੱਟੀਆਂ ਸੜਕਾਂ, ਪੀਣ ਵਾਲੇ ਸਾਫ਼ ਪਾਣੀ ਅਤੇ ਖਰਾਬ ਸੀਵਰੇਜ ਵਰਗੀਆਂ ਬੁਨਿਆਦੀ ਸਹੂਲਤਾਂ ਲਈ ਤਰਸ ਰਹੇ ਹਨ। ਇਲਾਕੇ ਵਿੱਚ ਸਫ਼ਾਈ ਵਿਵਸਥਾ ਦਾ ਵੀ ਬੁਰਾ ਹਾਲ ਹੈ, ਜਿਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।
ਬੈਂਸ ਨੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪ੍ਰਸ਼ਾਸਨ ਦੀ ਢਿੱਲ-ਮੱਠ ਤੇ ਬੇਰੁਖ਼ੀ ਕਾਰਨ ਹਲਕਾ ਆਤਮ ਨਗਰ ਦੇ ਵਿਕਾਸ ਕਾਰਜ ਪੂਰੀ ਤਰ੍ਹਾਂ ਠੱਪ ਪਏ ਹਨ ਅਤੇ ਜਨਤਾ ਦੀ ਕੋਈ ਸੁਣਵਾਈ ਨਹੀਂ ਹੋ ਰਹੀ।
ਉਨ੍ਹਾਂ ਕਿਹਾ ਕਿ ਚੋਣਾਂ ਵੇਲੇ ਲੋਕਾਂ ਨਾਲ ਕੀਤੇ ਗਏ ਵੱਡੇ-ਵੱਡੇ ਵਾਅਦੇ ਹਵਾ ਹੋ ਚੁੱਕੇ ਹਨ ਅਤੇ ਅੱਜ ਆਮ ਨਾਗਰਿਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ। ਕਾਂਗਰਸ ਪਾਰਟੀ ਹਮੇਸ਼ਾ ਜਨਤਾ ਦੇ ਨਾਲ ਖੜ੍ਹੀ ਹੈ ਅਤੇ ਸਰਕਾਰ ਦੀ ਇਸ ਨਾਕਾਮੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਦੀਪ ਨਗਰ ਸਮੇਤ ਪੂਰੇ ਹਲਕੇ ਦੀਆਂ ਜਨਤਕ ਸਮੱਸਿਆਵਾਂ ਦਾ ਜਲਦ ਹੱਲ ਨਾ ਕੀਤਾ, ਤਾਂ ਉਹ ਲੋਕਾਂ ਦੇ ਹੱਕਾਂ ਲਈ ਸੜਕਾਂ 'ਤੇ ਉਤਰ ਕੇ ਤਿੱਖਾ ਸੰਘਰਸ਼ ਵਿੱਢਣਗੇ। ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ, ਮਹਿਲਾਵਾਂ ਤੇ ਨੌਜਵਾਨ ਹਾਜ਼ਰ ਸਨ, ਜਿਨ੍ਹਾਂ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ ਅਤੇ ਬੈਂਸ ਨੂੰ ਹਰ ਸੰਘਰਸ਼ ਵਿੱਚ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੱਤਾ।