12 ਵਰ੍ਹਿਆਂ ਦੀ ਯਾਤਰਾ ਦੌਰਾਨ ਮੋਦੀ ਸਰਕਾਰ ਨੇ ਦੇਸ਼ ਨੂੰ ਤਰੱਕੀ ਦੇ ਰਾਹ ਤੋਰਿਆ : ਪੁਰੀ
12 ਵਰ੍ਹਿਆਂ ਦੀ ਯਾਤਰਾ ਦੌਰਾਨ ਮੋਦੀ ਸਰਕਾਰ ਨੇ ਦੇਸ਼ ਨੂੰ ਤੋਰਿਆ ਤਰੱਕੀ ਦੇ ਰਾਹ 'ਤੇ- ਹਰਦੀਪ ਸਿੰਘ ਪੁਰੀ
Publish Date: Sat, 13 Jun 2026 07:52 PM (IST)
Updated Date: Sun, 14 Jun 2026 04:06 AM (IST)

* ਕਿਹਾ, ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ * ਭਾਜਪਾ ਅੱਜ ਦੇਸ਼ ਦੀ ਸਭ ਤੋਂ ਵੱਡੀ ਤੇ ਮਜ਼ਬੂਤ ਰਾਜਨੀਤਕ ਪਾਰਟੀ ਬਣ ਚੁੱਕੀ ਐ ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ ਲੁਧਿਆਣਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 12 ਸਾਲਾਂ ਦੇ ਕਾਰਜਕਾਲ ਨੂੰ ਲੋਕ-ਕੇਂਦਰਿਤ ਤੇ ਵਿਕਾਸਮੁਖੀ ਕਰਾਰ ਦਿੰਦਿਆਂ ਕੇਂਦਰੀ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਇਸ ਦੌਰਾਨ ਭਾਰਤ ਨੇ ਹਰ ਖੇਤਰ ’ਚ ਤਰੱਕੀ ਦੀ ਨਵੀਂ ਦਿਸ਼ਾ ਹਾਸਲ ਕੀਤੀ ਹੈ। ਕੇਂਦਰੀ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਸ਼ਨਿੱਚਰਵਾਰ ਨੂੰ ਸਥਾਨਕ ਹੋਟਲ ’ਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੀਐੱਮ ਮੋਦੀ ਨੇ ਸਿਰਫ਼ ਦੇਸ਼ ਦੇ ਹਮਦਰਦ ਹੀ ਨਹੀਂ, ਸਗੋਂ ਇਕ ਸੇਵਕ ਵਜੋਂ ਕੰਮ ਕਰਦਿਆਂ ਲੋਕਾਂ ਦੀ ਭਲਾਈ ਤੇ ਦੇਸ਼ ਦੇ ਵਿਕਾਸ ਨੂੰ ਆਪਣੀ ਪਹਿਲ ਬਣਾਇਆ। ਉਨ੍ਹਾਂ ਦਾਅਵਾ ਕੀਤਾ ਕਿ ਸਾਲ 2014 ’ਚ ਸਰਕਾਰ ਵੱਲੋਂ ਚੋਣ ਮੈਨੀਫੈਸਟੋ ’ਚ ਕੀਤੇ ਗਏ ਲਗਭਗ 95 ਫ਼ੀਸਦੀ ਵਾਅਦੇ ਪੂਰੇ ਕੀਤੇ ਜਾ ਚੁੱਕੇ ਹਨ। ਵਿਸ਼ਵ ਪੱਧਰ ’ਤੇ ਪੈਦਾ ਹੋਏ ਊਰਜਾ ਸੰਕਟ ਦਾ ਜ਼ਿਕਰ ਕਰਦਿਆਂ ਹਰਦੀਪ ਪੁਰੀ ਨੇ ਕਿਹਾ ਕਿ ਈਰਾਨ, ਅਮਰੀਕਾ ਤੇ ਇਜ਼ਰਾਈਲ ਨਾਲ ਜੁੜੀਆਂ ਅੰਤਰਰਾਸ਼ਟਰੀ ਸਥਿਤੀਆਂ ਕਾਰਨ ਪੈਟਰੋਲੀਅਮ ਖੇਤਰ ’ਚ ਚੁਣੌਤੀਆਂ ਤੇ ਕੀਮਤਾਂ ’ਤੇ ਦਬਾਅ ਵਧਿਆ ਹੈ ਪਰ ਭਾਰਤ ਨੇ ਸੁਚੱਜੇ ਪ੍ਰਬੰਧਨ ਰਾਹੀਂ ਇਹ ਯਕੀਨੀ ਬਣਾਇਆ ਕਿ ਦੇਸ਼ ਦੇ ਨਾਗਰਿਕਾਂ ਨੂੰ ਇਸ ਦਾ ਪ੍ਰਭਾਵ ਹੋਰ ਕਈ ਦੇਸ਼ਾਂ ਦੇ ਮੁਕਾਬਲੇ ਕਾਫ਼ੀ ਘੱਟ ਝੱਲਣਾ ਪਵੇ। ਪੰਜਾਬ ਦੀ ਰਾਜਨੀਤੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਅੱਜ ਦੇਸ਼ ਦੀ ਸਭ ਤੋਂ ਵੱਡੀ ਤੇ ਮਜ਼ਬੂਤ ਰਾਜਨੀਤਕ ਪਾਰਟੀ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਹੁਣ ‘ਛੋਟੇ ਭਰਾ-ਵੱਡੇ ਭਰਾ’ ਵਾਲੀ ਰਾਜਨੀਤੀ ਦਾ ਦੌਰ ਖ਼ਤਮ ਹੋ ਚੁੱਕਾ ਹੈ ਤੇ ਭਾਜਪਾ ਆਪਣੇ ਬਲਬੂਤੇ ਤੇ ਪੰਜਾਬ ਦੇ ਵਿਕਾਸ ਤੇ ਲੋਕਾਂ ਦੇ ਚੰਗੇ ਭਵਿੱਖ ਲਈ ਕੰਮ ਕਰਨ ਦੇ ਸਮਰੱਥ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਸਰਕਾਰ ’ਚ ਨਸ਼ਿਆਂ ਦੀ ਸਮੱਸਿਆ ਆਮ ਬਣੀ ਹੋਈ ਹੈ, ਜਦਕਿ ਔਰਤਾਂ ਦੀਆਂ ਵੋਟਾਂ ਲੈਣ ਲਈ ਕੀਤਾ ਗਿਆ 1000 ਰੁਪਏ ਪ੍ਰਤੀ ਮਹੀਨੇ ਦਾ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ’ਚ ਰਾਜਨੀਤਕ ਬਦਲਾਅ ਦਾ ਸਮਾਂ ਆ ਗਿਆ ਹੈ ਤੇ ਭਾਜਪਾ ਆਪਣੇ ‘ਵਿਜ਼ਨ 2027’ ਦੇ ਆਧਾਰ ’ਤੇ ਲੋਕਾਂ ਦਾ ਭਰੋਸਾ ਜਿੱਤਣ ਦੇ ਨਾਲ-ਨਾਲ ਸੂਬੇ ’ਚ ਸਰਕਾਰ ਬਣਾਉਣ ਵਿਚ ਵੀ ਸਫ਼ਲ ਹੋਵੇਗੀ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ, ਜਨਰਲ ਸਕੱਤਰ ਤੇ ਬੁਲਾਰੇ ਅਨਿਲ ਸਰੀਨ, ਸੂਬਾ ਖਜ਼ਾਨਚੀ ਗੁਰਦੇਵ ਸ਼ਰਮਾ ਦੇਬੀ, ਮੀਤ ਪ੍ਰਧਾਨ ਜਤਿੰਦਰ ਮਿੱਤਲ, ਸਾਬਕਾ ਜ਼ਿਲ੍ਹਾ ਪ੍ਰਧਾਨ ਪ੍ਰਵੀਨ ਬਾਂਸਲ, ਕਨਿਕਾ ਜਿੰਦਲ ਤੇ ਜ਼ਿਲ੍ਹਾ ਜਨਰਲ ਸਕੱਤਰ ਨਰਿੰਦਰ ਸਿੰਘ ਮੱਲ੍ਹੀ ਸਮੇਤ ਹੋਰ ਆਗੂ ਹਾਜ਼ਰ ਸਨ।