ਕੁਲਵਿੰਦਰ ਸਿੰਘ ਰਾਏ, ਖੰਨਾ : ਪਿੰਡ ਰਾਏਪੁਰ ਰਾਜਪੂਤਾਂ ਵਿਖੇ ਪੰਚਾਇਤ ਵੱਲੋਂ ਕਰਵਾਏ ਗਏ ਆਮ ਇਜਲਾਸ ਦੌਰਾਨ ਮਾਹੌਲ ਤਣਾਅ ਪੂਰਨ ਬਣ ਗਿਆ। ਪਿੰਡ ਦੇ ਕੁਝ ਲੋਕਾਂ ਨੇ ਇਜਲਾਸ ਦੌਰਾਨ ਸਰਪੰਚ ਨੂੰ ਗਲ਼ੇ ਤੋਂ ਫੜ ਕੇ ਕੁੱਟਮਾਰ ਕੀਤੀ। ਜਦੋਂ ਪੰਚਾਇਤ ਸਕੱਤਰ ਬਚਾਅ ਕਰਨ ਲਈ ਆਇਆ ਤਾਂ ਉਸ ਨੂੰ ਵੀ ਗਾਲ੍ਹਾਂ ਕੱਢੀਆਂ ਗਈਆਂ। ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਬੀਡੀਪੀਓ ਮਹਿੰਦਰ ਸਿੰਘ ਦੀ ਸ਼ਿਕਾਇਤ 'ਤੇ 9 ਵਿਅਕਤੀਆਂ ਜੰਗੀਰ ਸਿੰਘ, ਗੁਰਪਿਆਰ ਸਿੰਘ, ਸੁਖਵੰਤ ਸਿੰਘ, ਕੁਲਵੰਤ ਸਿੰਘ, ਦਿਲਪ੍ਰੀਤ ਸਿੰਘ, ਗੁਰਸੇਵਕ ਸਿੰਘ, ਸਿਕੰਦਰ ਸਿੰਘ, ਸੋਨੀ, ਕਰਮਜੀਤ ਸਿੰਘ ਸਾਰੇ ਵਾਸੀ ਰਾਏਪੁਰ ਰਾਜਪੂਤਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਹਾਲੇ ਤਕ ਕੋਈ ਮੁਲਜ਼ਮ ਕਾਬੂ ਨਹੀਂ ਕੀਤਾ ਗਿਆ।

ਬੀਡੀਪੀਓ ਮਹਿੰਦਰ ਸਿੰਘ ਨੇ ਪੁਲਿਸ ਕੋਲ ਦਰਜ ਕਰਵਾਈ ਰਿਪੋਰਟ ਰਾਹੀਂ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ 'ਤੇ ਪਿੰਡਾਂ ਵਿਚ ਆਮ ਇਜਲਾਸ ਕੀਤੇ ਜਾ ਰਹੇ ਹਨ। ਇਸੇ ਕੜੀ ਅਧੀਨ 23 ਜੂਨ ਨੂੰ ਰਾਏਪੁਰ ਰਾਜਪੂਤਾਂ ਵਿਚ ਆਮ ਇਜਲਾਸ ਸ਼ਾਂਤਮਈ ਢੰਗ ਨਾਲ ਚੱਲ ਰਿਹਾ ਸੀ। ਇਸੇ ਦੌਰਾਨ ਉਕਤ ਵਿਅਕਤੀਆਂ ਨੇ ਹੰਗਾਮਾ ਕਰ ਦਿੱਤਾ। ਇਨ੍ਹਾਂ ਲੋਕਾਂ ਨੇ ਸਰਪੰਚ ਨੂੰ ਗਲ਼ੇ ਤੋਂ ਫੜ ਕੇ ਗਾਲ਼ਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਪੰਚਾਇਤ ਨੂੰ ਗਾਲ੍ਹਾਂ ਕੱਢੀਆਂ। ਜਦੋਂ ਮੌਕੇ 'ਤੇ ਮੌਜੂਦ ਪੰਚਾਇਤ ਸਕੱਤਰ ਰਜਿੰਦਰ ਸਿੰਘ ਨੇ ਉਪਰੋਕਤ ਵਿਅਕਤੀਆਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਨ੍ਹਾਂ ਪੰਚਾਇਤ ਸਕੱਤਰ ਨੂੰ ਵੀ ਗਾÎਲ਼ਾਂ ਕੱਢੀਆਂ। ਮੁਲਜ਼ਮ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ।

ਇਸ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ ਜਿਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ ਲਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਕੋਟ ਪੁਲਿਸ ਚੌਂਕੀ ਦੇ ਇੰਚਾਰਜ ਪਵਿੱਤਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਸਾਰੇ ਵਿਅਕਤੀ ਫ਼ਰਾਰ ਹਨ। ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਜਲਦੀ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।