ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰਾਜੈਕਟ : ਸੀਚੇਵਾਲ ਨੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਦੇ ਦਿੱਤੇ ਨਿਰਦੇਸ਼
ਮੀਟਿੰਗ ਦੌਰਾਨ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੇ ਦਿੱਤੇ ਨਿਰਦੇਸ਼
Publish Date: Fri, 13 Mar 2026 10:47 PM (IST)
Updated Date: Fri, 13 Mar 2026 10:48 PM (IST)

- ਮੀਟਿੰਗ ਦੌਰਾਨ ਸੰਤ ਸੀਚੇਵਾਲ ਤੇ ਮੇਅਰ ਇੰਦਰਜੀਤ ਕੌਰ ਨੇ ਕਿਹਾ ਸਬੰਧਿਤ ਅਧਿਕਾਰੀਆਂ ਨੂੰ ਬਣਾਇਆ ਜਾਵੇ ਜਵਾਬਦੇਹ ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ : ਸਨਅਤੀ ਸ਼ਹਿਰ ਵਿੱਚੋਂ ਨਿਕਲਦੇ ਬੁੱਢਾ ਦਰਿਆ ‘ਪੁਨਰ ਸੁਰਜੀਤੀ ਪ੍ਰਾਜੈਕਟ’ ਦੀ ਸਮੀਖਿਆ ਕਰਨ ਲਈ ਸ਼ੁੱਕਰਵਾਰ ਨੂੰ ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਨੇ ਨਗਰ ਨਿਗਮ ਜ਼ੋਨ ਡੀ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਜਿਸ ਵਿੱਚ ਉਨ੍ਹਾਂ ਅਧਿਕਾਰੀਆਂ ਨੂੰ ਬੁੱਢੇ ਦਰਿਆ ਵਿੱਚ ਗੋਬਰ ਜਾਂ ਅਣਸੋਧਿਆ ਉਦਯੋਗਿਕ ਪਾਣੀ ਸੁੱਟਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਕਿਹਾ ਕਿ ਜੇਕਰ ਬੁੱਢਾ ਦਰਿਆ ਪੁਨਰ ਸੁਰਜੀਤ ਕਰਨਾ ਹੈ ਤਾਂ ਪ੍ਰਾਜੈਕਟ ’ਤੇ ਕੰਮ ਕਰ ਰਹੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਜਵਾਬਦੇਹ ਬਣਾਇਆ ਜਾਵੇ, ਜੇਕਰ ਉਹ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਵਿੱਚ ਅਸਫਲ ਰਹਿੰਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਐਕਸ਼ਨ ਹੋਣਾ ਚਾਹੀਦਾ ਹੈ। ਮੀਟਿੰਗ ਦੌਰਾਨ ਸੀਵਰੇਜ ਟਰੀਟਮੈਂਟ ਪਲਾਂਟਾਂ, ਐਫਲੂਐਂਟ ਟਰੀਟਮੈਂਟ ਪਲਾਂਟਾਂ ਦੇ ਸਹੀ ਕੰਮਕਾਜ, ਡੇਅਰੀ ਕੰਪਲੈਕਸਾਂ ਤੋਂ ਗੋਬਰ ਚੁੱਕਣ ਆਦਿ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਸੰਤ ਸੀਚੇਵਾਲ ਅਤੇ ਮੇਅਰ ਇੰਦਰਜੀਤ ਕੌਰ ਨੇ ਕਿਹਾ ਕਿ ਡੇਅਰੀ ਕੰਪਲੈਕਸਾਂ ਤੋਂ ਗੋਬਰ ਚੁੱਕਣ ਦਾ ਠੇਕਾ ਅਲਾਟ ਕਰ ਦਿੱਤਾ ਗਿਆ ਹੈ ਅਤੇ ਹੁਣ ਉਨ੍ਹਾਂ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਜੋ ਅਜੇ ਵੀ ਦਰਿਆ ਵਿੱਚ ਗੋਬਰ ਸੁੱਟ ਰਹੇ ਹਨ। ਪੀਐੱਸਪੀਸੀਐੱਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਪਹਿਲਾਂ ਹੀ 30 ਤੋਂ ਵੱਧ ਡੇਅਰੀ ਮਾਲਕਾਂ ਵਿਰੁੱਧ ਐੱਫਆਈਆਰ ਦਰਜ ਕੀਤੀਆਂ ਜਾ ਚੁੱਕੀਆਂ ਹਨ ਅਤੇ ਬਿਜਲੀ ਚੋਰੀ ਲਈ 18 ਲੱਖ ਰੁਪਏ ਤੋਂ ਵੱਧ ਦਾ ਜੁਰਮਾਨਾ ਲਾਇਆ ਗਿਆ ਹੈ। ਸੰਤ ਸੀਚੇਵਾਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬੁੱਢੇ ਦਰਿਆ ਵਿੱਚ ਗੋਬਰ ਜਾਂ ਡੇਅਰੀ ਰਹਿੰਦ-ਖੂੰਹਦ ਸੁੱਟਣ ਵਾਲੇ ਡੇਅਰੀ ਮਾਲਕਾਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਪੀਪੀਸੀਬੀ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਖ਼ਤ ਨਿਗਰਾਨੀ ਰੱਖਣ ਅਤੇ ਬੁੱਢੇ ਦਰਿਆ ਵਿੱਚ ਅਣਸੋਧਿਆ ਉਦਯੋਗਿਕ ਪਾਣੀ ਸੁੱਟਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਉਦਯੋਗ ਜਾਂ ਕਾਰੋਬਾਰ ਦੇ ਵਿਰੁੱਧ ਨਹੀਂ ਹਨ, ਪਰ ਕਿਸੇ ਨੂੰ ਵੀ ਪਾਣੀ ਨੂੰ ਪ੍ਰਦੂਸ਼ਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਹੁਣ ਸਮਾਂ ਆ ਗਿਆ ਹੈ ਕਿ ਸਾਰਿਆਂ ਨੂੰ ਇਕੱਠੇ ਹੋ ਕੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਜਲ ਸਰੋਤਾਂ ਨੂੰ ਬਚਾਉਣ ਲਈ ਕੋਸ਼ਿਸ਼ਾਂ ਕਰਨੀਆਂ ਚਾਹੀਦੀਆਂ ਹਨ। ਇਸ ਦੌਰਾਨ ਮੀਟਿੰਗ ਵਿੱਚ ਏਡੀਸੀ (ਡੀ) ਡਾ. ਨਰਿੰਦਰ ਧਾਲੀਵਾਲ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਵਿਨੀਤ ਕੁਮਾਰ, ਸੰਯੁਕਤ ਕਮਿਸ਼ਨਰ ਅਮਨਪ੍ਰੀਤ ਸਿੰਘ, ਏਸੀਪੀ ਇੰਦਰਜੀਤ ਸਿੰਘ ਸਮੇਤ ਪੀਪੀਸੀਬੀ, ਪੀਡਬਲਯੂਐੱਸਐੱਸਬੀ, ਪੀਐੱਸਪੀਸੀਐੱਲ, ਮਾਲ ਵਿਭਾਗ, ਸਿੰਚਾਈ ਵਿਭਾਗ ਦੇ ਅਧਿਕਾਰੀ ਆਦਿ ਹਾਜ਼ਰ ਸਨ।