ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀ ਤਾਇਨਾਤੀ ਲਈ ਨਵੇਂ ਨਿਯਮ ਜਾਰੀ; ਵਿਦਿਆਰਥੀਆਂ ਦੀ ਗਿਣਤੀ ਬਣੇਗੀ ਅਧਾਰ
ਜਿਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਘੱਟ ਹੈ, ਉਥੇ ਅਧਿਆਪਕਾਂ ਦੀ ਤਾਇਨਾਤੀ ਘਟਾਈ ਜਾ ਸਕਦੀ ਹੈ, ਜਦਕਿ ਵੱਧ ਵਿਦਿਆਰਥੀਆਂ ਵਾਲੇ ਸਕੂਲਾਂ ਵਿੱਚ ਲੋੜ ਅਨੁਸਾਰ ਅਧਿਆਪਕ ਨਿਯੁਕਤ ਕੀਤੇ ਜਾਣਗੇ।
Publish Date: Fri, 02 Jan 2026 10:17 AM (IST)
Updated Date: Fri, 02 Jan 2026 10:21 AM (IST)

ਰਵੀ, ਲੁਧਿਆਣਾ : ਸਿੱਖਿਆ ਵਿਭਾਗ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਦੇ ਆਧਾਰ ’ਤੇ ਅਧਿਆਪਕਾਂ ਦੀ ਤਾਇਨਾਤੀ ਸਬੰਧੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਹੁਣ ਸਕੂਲਾਂ ਵਿੱਚ ਅਧਿਆਪਕਾਂ ਦੀ ਗਿਣਤੀ ਵਿਦਿਆਰਥੀਆਂ ਦੀ ਗਿਣਤੀ ਮੁਤਾਬਕ ਨਿਰਧਾਰਤ ਕੀਤੀ ਜਾਵੇਗੀ। ਜਿਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਘੱਟ ਹੈ, ਉਥੇ ਅਧਿਆਪਕਾਂ ਦੀ ਤਾਇਨਾਤੀ ਘਟਾਈ ਜਾ ਸਕਦੀ ਹੈ, ਜਦਕਿ ਵੱਧ ਵਿਦਿਆਰਥੀਆਂ ਵਾਲੇ ਸਕੂਲਾਂ ਵਿੱਚ ਲੋੜ ਅਨੁਸਾਰ ਅਧਿਆਪਕ ਨਿਯੁਕਤ ਕੀਤੇ ਜਾਣਗੇ। 1 ਤੋਂ 20 ਵਿਦਿਆਰਥੀਆਂ ਵਾਲੇ ਸਕੂਲ ਵਿੱਚ 1 ਅਧਿਆਪਕ, 21 ਤੋਂ 60 ਵਿਦਿਆਰਥੀਆਂ ’ਤੇ 2 ਅਧਿਆਪਕ ਅਤੇ ਇਸੇ ਤਰ੍ਹਾਂ ਵਿਦਿਆਰਥੀਆਂ ਦੀ ਗਿਣਤੀ ਵਧਣ ’ਤੇ ਅਧਿਆਪਕਾਂ ਦੀ ਗਿਣਤੀ ਵੀ ਵਧਾਈ ਜਾਵੇਗੀ। 351 ਤੋਂ ਵੱਧ ਵਿਦਿਆਰਥੀਆਂ ਵਾਲੇ ਸਕੂਲਾਂ ਲਈ ਖ਼ਾਸ ਨਿਯਮ ਲਾਗੂ ਕੀਤੇ ਗਏ ਹਨ। ਇਸ ਦੇ ਨਾਲ ਹੀ ਸਪੱਸ਼ਟ ਕੀਤਾ ਗਿਆ ਹੈ ਕਿ ਅਧਿਆਪਕਾਂ ਦੀ ਤਾਇਨਾਤੀ ਕਰਦੇ ਸਮੇਂ ਸਕੂਲਾਂ ਦੀ ਵਿਸ਼ੇਸ਼ ਸਥਿਤੀ, ਭੂਗੋਲਿਕ ਹਾਲਾਤ ਅਤੇ ਵਿਦਿਆਰਥੀਆਂ ਦੀ ਲੋੜ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ। ਮੌਜੂਦਾ ਸੇਵਾ ਨਿਯਮਾਂ ਅਧੀਨ ਆਉਂਦੇ ਅਧਿਆਪਕਾਂ ਨੂੰ ਬਿਨਾਂ ਵਾਜਬ ਕਾਰਨ ਦੇ ਤਬਦੀਲ ਨਹੀਂ ਕੀਤਾ ਜਾਵੇਗਾ। ਸਿੱਖਿਆ ਵਿਭਾਗ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹੁਕਮ ਦਿੱਤੇ ਹਨ ਕਿ ਇਹ ਹਦਾਇਤਾਂ ਤੁਰੰਤ ਲਾਗੂ ਕਰ ਕੇ 15 ਦਿਨਾਂ ਦੇ ਅੰਦਰ ਰਿਪੋਰਟ ਵਿਭਾਗ ਨੂੰ ਭੇਜੀ ਜਾਵੇ।