ਬਿਜਲੀ ਮੁਲਾਜ਼ਮ ਤੇ ਪੈਨਸ਼ਨਰ ਮੁੜ ਸੰਘਰਸ਼ ਦੇ ਰਾਹ ’ਤੇ
ਬਿਜਲੀ ਮੁਲਾਜ਼ਮ ਤੇ ਪੈਨਸ਼ਨਰ ਮੁੜ ਸੰਘਰਸ਼ ਦੇ ਰਾਹ ’ਤੇ
Publish Date: Sun, 21 Jun 2026 08:51 PM (IST)
Updated Date: Mon, 22 Jun 2026 04:13 AM (IST)

1 ਜੁਲਾਈ ਤੋਂ ‘ਵਰਕ ਟੂ ਰੂਲ’ ਲਾਗੂ, 28 ਜੂਨ ਨੂੰ ਸੰਗਰੂਰ ’ਚ ਰੋਸ ਧਰਨਾ ਜੁਲਾਈ ’ਚ ਸਮੂਹਿਕ ਛੁੱਟੀ ਤੇ ਗ੍ਰਿਫ਼ਤਾਰੀਆਂ ਦਾ ਐਲਾਨ ਪ੍ਰਿੰਸ ਸ਼ਰਮਾ, ਪੰਜਾਬੀ ਜਾਗਰਣ, ਲੁਧਿਆਣਾ ਬਿਜਲੀ ਮੰਤਰੀ ਅਤੇ ਪਾਵਰ ਮੈਨੇਜਮੈਂਟ ਵੱਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਦੇ ਰੋਸ ਵਜੋਂ ਬਿਜਲੀ ਮੁਲਾਜ਼ਮ ਅਤੇ ਪੈਨਸ਼ਨਰ ਮੁੜ ਸੰਘਰਸ਼ ਦੇ ਰਾਹ ’ਤੇ ਆ ਗਏ ਹਨ। ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਦੀ ਹੰਗਾਮੀ ਮੀਟਿੰਗ ਐਤਵਾਰ ਨੂੰ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਲੁਧਿਆਣਾ ਵਿਖੇ ਹੋਈ, ਜਿਸ ਵਿੱਚ ਅਗਲੇ ਸੰਘਰਸ਼ ਦੀ ਰੂਪਰੇਖਾ ਤੈਅ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕੁਲਵਿੰਦਰ ਸਿੰਘ ਢਿੱਲੋਂ ਅਤੇ ਗੁਰਵੇਲ ਸਿੰਘ ਬੱਲਪੁਰੀਆ ਨੇ ਕੀਤੀ। ਇਸ ਮੌਕੇ ਪੀਐਸਈਬੀ ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ, ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਪੰਜਾਬ (ਏਟਕ) ਅਤੇ ਪੈਨਸ਼ਨਰਜ਼ ਵੈਲਫੇਅਰ ਫੈੱਡਰੇਸ਼ਨ ਦੇ ਆਗੂ ਹਾਜ਼ਰ ਰਹੇ। ਜਥੇਬੰਦੀਆਂ ਨੇ ਐਲਾਨ ਕੀਤਾ ਕਿ 1 ਜੁਲਾਈ ਤੋਂ ‘ਵਰਕ ਟੂ ਰੂਲ’ ਸੰਘਰਸ਼ ਮੁੜ ਸ਼ੁਰੂ ਕੀਤਾ ਜਾਵੇਗਾ, ਜਿਸ ਤਹਿਤ ਮੁਲਾਜ਼ਮ ਸਿਰਫ਼ ਆਪਣੀ ਬਣਦੀ ਡਿਊਟੀ ਹੀ ਕਰਨਗੇ। ਇਸ ਤੋਂ ਇਲਾਵਾ 28 ਜੂਨ ਨੂੰ ਮੁੱਖ ਮੰਤਰੀ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਸੂਬਾ ਪੱਧਰੀ ਰੋਸ ਧਰਨਾ ਅਤੇ ਮਾਰਚ ਕੀਤਾ ਜਾਵੇਗਾ। ਜੁਲਾਈ ਦੇ ਤੀਜੇ ਹਫ਼ਤੇ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕਰਨ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਗ੍ਰਿਫ਼ਤਾਰੀਆਂ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ। ਆਗੂਆਂ ਹਰਪਾਲ ਸਿੰਘ, ਰਾਕੇਸ਼ ਸੈਣੀ, ਹਰਜੀਤ ਸਿੰਘ ਔਲਖ, ਨਿਰਮਲ ਸਿੰਘ ਹੁਸ਼ਿਆਰਪੁਰ, ਰਵੇਲ ਸਿੰਘ ਸਹਾਏਪੁਰ, ਕਰਮਜੀਤ ਸਿੰਘ, ਜਸਵੀਰ ਸਿੰਘ ਆਂਡਲੂ, ਇੰਜੀਨੀਅਰ ਰਣਜੀਤ ਸਿੰਘ ਢਿੱਲੋਂ, ਕੌਰ ਸਿੰਘ ਸੋਹੀ, ਦਲੀਪ ਕੁਮਾਰ, ਰਾਧੇ ਸ਼ਿਆਮ, ਬਾਬਾ ਅਮਰਜੀਤ ਸਿੰਘ, ਪਵਨਪ੍ਰੀਤ ਸਿੰਘ, ਗੁਰਪਿਆਰ ਸਿੰਘ ਅਤੇ ਹਰਵਿੰਦਰ ਸਿੰਘ ਨੇ ਕਿਹਾ ਕਿ 11 ਜੂਨ ਨੂੰ ਬਿਜਲੀ ਮੰਤਰੀ ਦੀ ਅਗਵਾਈ ਹੇਠ ਖੰਨਾ ਵਿਖੇ ਹੋਈ ਮੀਟਿੰਗ ਵਿੱਚ ਬਣੀ ਸਹਿਮਤੀ ਨੂੰ ਲਾਗੂ ਨਾ ਕਰਨ ਕਾਰਨ ਜਥੇਬੰਦੀਆਂ ਨੂੰ ਮੁੜ ਸੰਘਰਸ਼ ਦਾ ਰਾਹ ਅਪਣਾਉਣਾ ਪੈ ਰਿਹਾ ਹੈ। ਆਗੂਆਂ ਨੇ ਦੋਸ਼ ਲਗਾਇਆ ਕਿ ਮੁਲਾਜ਼ਮਾਂ ਦੇ ਵਿੱਤੀ ਮਸਲੇ, ਤਨਖਾਹ ਸਕੇਲ, ਪੇ-ਬੈਂਡ ਦਾ ਲਾਭ, ਤਰੱਕੀਆਂ ਅਤੇ ਹੋਰ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਮੰਨੀਆਂ ਮੰਗਾਂ ਤੁਰੰਤ ਲਾਗੂ ਕੀਤੀਆਂ ਜਾਣ ਅਤੇ ਵਿੱਤ ਮੰਤਰੀ ਨਾਲ ਪੈਨਲ ਮੀਟਿੰਗ ਕਰਵਾਈ ਜਾਵੇ। ਮੀਟਿੰਗ ਦੌਰਾਨ ਬਿਜਲੀ ਕਾਮਿਆਂ ਨੂੰ ਸਮਾਰਟ ਮੋਬਾਇਲ ਫੋਨ ਦੇਣ ਦੀ ਨੀਤੀ ਦਾ ਵੀ ਵਿਰੋਧ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਅਦਾਰੇ ਵਿੱਚ ਹਜ਼ਾਰਾਂ ਅਸਾਮੀਆਂ ਖਾਲੀ ਹਨ ਅਤੇ ਸੁਰੱਖਿਆ ਸਾਜ਼ੋ-ਸਾਮਾਨ ਦੀ ਘਾਟ ਦੇ ਬਾਵਜੂਦ ਮੁਲਾਜ਼ਮ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਇਸ ਮੌਕੇ ਤਰਲੋਚਨ ਸਿੰਘ, ਰਘਬੀਰ ਸਿੰਘ, ਇੰਜੀਨੀਅਰ ਹਰਮਨਦੀਪ, ਪ੍ਰਦੀਪ ਕੁਮਾਰ, ਵਰਿੰਦਰਪਾਲ ਸਿੰਘ ਅਤੇ ਚਮਕੌਰ ਸਿੰਘ ਸਮੇਤ ਹੋਰ ਆਗੂ ਵੀ ਹਾਜ਼ਰ ਸਨ।