ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਘੇਰਨਗੀਆਂ ਮੁੱਖ ਮੰਤਰੀ ਦੀ ਰਿਹਾਇਸ਼
ਬਿਜਲੀ ਮੁਲਾਜ਼ਮ ਅਤੇ ਪੈਨਸ਼ਨਰ ਜੱਥੇਬੰਦੀਆਂ ਵੱਲੋਂ 24 ਮਈ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨੇ ਦਾ ਕੀਤਾ ਐਲਾਨ
Publish Date: Thu, 23 Apr 2026 08:54 PM (IST)
Updated Date: Fri, 24 Apr 2026 04:13 AM (IST)

ਬਿਜਲੀ ਮੁਲਾਜ਼ਮਾਂ ਦਾ ਸੰਘਰਸ਼ ਤੇਜ਼, 17 ਤੇ 18 ਜੂਨ ਨੂੰ ਦੋ ਰੋਜ਼ਾ ਹੜਤਾਲ ਦਾ ਕੀਤਾ ਐਲਾਨ ਪ੍ਰਿੰਸ ਸ਼ਰਮਾ, ਪੰਜਾਬੀ ਜਾਗਰਣ, ਲੁਧਿਆਣਾ ਸੂਬੇ ਦੀਆਂ ਬਿਜਲੀ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਨੇ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕਰ ਦਿੱਤਾ ਹੈ। ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਹੋਈ ਸਾਂਝੀ ਮੀਟਿੰਗ ਦੌਰਾਨ ਆਗੂਆਂ ਨੇ ਦੱਸਿਆ ਕਿ 24 ਮਈ ਨੂੰ ਮੁੱਖ ਮੰਤਰੀ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਸੂਬਾ ਪੱਧਰੀ ਵੱਡਾ ਰੋਸ ਧਰਨਾ ਲਗਾ ਕੇ ਸ਼ਹਿਰ ਵਿੱਚ ਮੁਜ਼ਾਹਰਾ ਕੀਤਾ ਜਾਵੇਗਾ। ਮੀਟਿੰਗ ਦੌਰਾਨ ਕੁਲਵਿੰਦਰ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਗੰਡੀਵਿੰਡ, ਹਰਪਾਲ ਸਿੰਘ, ਗੁਰਵੇਲ ਸਿੰਘ ਬੱਲਪੁਰੀਆ, ਗੁਰਭੇਜ ਸਿੰਘ ਢਿੱਲੋਂ, ਬਲਜੀਤ ਸਿੰਘ ਮੋਦਲਾ, ਦੇਵਿੰਦਰ ਸਿੰਘ ਪਿਸ਼ੌਰ, ਰਵੇਲ ਸਿੰਘ ਸਹਾਏਪੁਰ, ਇੰਜੀਨੀਅਰ ਰਣਜੀਤ ਸਿੰਘ ਢਿੱਲੋਂ, ਜਸਵੀਰ ਸਿੰਘ ਆਂਡਲੂ, ਕੌਰ ਸਿੰਘ ਸੋਹੀ, ਪਵਨਪ੍ਰੀਤ ਸਿੰਘ, ਦਲੀਪ ਕੁਮਾਰ, ਰਾਧੇ ਸ਼ਿਆਮ, ਬਾਬਾ ਅਮਰਜੀਤ ਸਿੰਘ ਅਤੇ ਗੁਰਪਿਆਰ ਸਿੰਘ ਨੇ ਸੰਯੁਕਤ ਤੌਰ ’ਤੇ ਕਿਹਾ ਕਿ ਵਰਕ-ਟੂ-ਰੂਲ ਅੰਦੋਲਨ 24 ਮਈ ਤੱਕ ਜਾਰੀ ਰਹੇਗਾ।। ਆਗੂਆਂ ਮੁਤਾਬਕ 17 ਅਤੇ 18 ਜੂਨ ਨੂੰ ਦੋ ਦਿਨਾਂ ਦੀ ਮੁਕੰਮਲ ਹੜਤਾਲ ਕੀਤੀ ਜਾਵੇਗੀ, ਜਦਕਿ ਪੈਨਸ਼ਨਰਾਂ ਵੱਲੋਂ ਜੇਲ੍ਹ ਭਰੋ ਅੰਦੋਲਨ ਵੀ ਕੀਤਾ ਜਾਵੇਗਾ। ਇਸ ਤੋਂ ਇਲਾਵਾ 27 ਅਪ੍ਰੈਲ ਨੂੰ ਸੀਐਚਬੀ ਕਾਮਿਆਂ ਦੇ ਹੱਕ ਵਿੱਚ ਸਮੂਹ ਪੰਜਾਬ ਵਿੱਚ ਰੋਸ ਰੈਲੀਆਂ ਤੇ 1 ਮਈ ਤੋਂ ਬਿਜਲੀ ਮੰਤਰੀ ਅਤੇ ਉੱਚ ਅਧਿਕਾਰੀਆਂ ਨੂੰ ਕਾਲੇ ਝੰਡੇ ਦਿਖਾ ਕੇ ਪ੍ਰਦਰਸ਼ਨ ਕਰਨ ਦਾ ਫੈਸਲਾ ਲਿਆ ਗਿਆ ਹੈ। ਆਗੂਆਂ ਨੇ ਦੋਸ਼ ਲਾਇਆ ਕਿ 16 ਅਪ੍ਰੈਲ ਨੂੰ ਬਿਜਲੀ ਮੰਤਰੀ ਨਾਲ ਹੋਈ ਮੀਟਿੰਗ ਬੇਨਤੀਜਾ ਰਹੀ ਅਤੇ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਗੰਭੀਰਤਾ ਨਹੀਂ ਦਿਖਾਈ ਗਈ। ਉਨ੍ਹਾਂ ਕਿਹਾ ਕਿ ਹਜ਼ਾਰਾਂ ਅਸਾਮੀਆਂ ਖਾਲੀ ਹੋਣ ਦੇ ਬਾਵਜੂਦ ਮੁਲਾਜ਼ਮ ਨਿਰਵਿਘਨ ਸਪਲਾਈ ਯਕੀਨੀ ਬਣਾ ਰਹੇ ਹਨ, ਪਰ ਮੈਨੇਜਮੈਂਟ ਵੱਲੋਂ ਸਹਿਮਤੀਆਂ ਲਾਗੂ ਨਹੀਂ ਕੀਤੀਆਂ ਜਾ ਰਹੀਆਂ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇ ਮੰਗਾਂ ਦਾ ਤੁਰੰਤ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਨਾਲ ਬਿਜਲੀ ਸੇਵਾਵਾਂ ਅਤੇ ਆਮ ਜਨਤਾ ‘ਤੇ ਅਸਰ ਪੈ ਸਕਦਾ ਹੈ।