ਬਿਜਲੀ ਮੁਲਾਜ਼ਮਾਂ ਨੇ ਸੰਘਰਸ਼ੀ ਪ੍ਰੋਗਰਾਮਾਂ ਦੀ ਰਣਨੀਤੀ ਕੀਤੀ ਤੈਅ

ਪ੍ਰਿੰਸ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ
ਵੀਰਵਾਰ ਨੂੰ ਬਿਜਲੀ ਨਿਗਮ ਵਿੱਚ ਕੰਮ ਕਰ ਰਹੀਆਂ ਇੱਕੋ ਵਿਚਾਰਧਾਰਾ ਵਾਲੀਆਂ ਦੋ ਮੁਲਾਜ਼ਮ ਜਥੇਬੰਦੀਆਂ ਦੀ ਏਕਤਾ ਨੂੰ ਸਮਰਪਿਤ ਸੂਬਾ ਕਾਨਫਰੰਸ ਤੋਂ ਬਾਅਦ ਪੀਐਸਈਬੀ ਇੰਪਲਾਈਜ਼ ਫੈਡਰੇਸ਼ਨ ਏਟਕ ਪੰਜਾਬ ਦੀ ਨਵੀਂ ਚੁਣੀ ਸੂਬਾ ਕਮੇਟੀ ਦੀ ਅਹਿਮ ਮੀਟਿੰਗ ਈਸੜੂ ਭਵਨ ਵਿਖੇ ਹੋਈ। ਸੂਬਾ ਪ੍ਰਧਾਨ ਮਨਜੀਤ ਸਿੰਘ ਬਾਸਰਕੇ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਦੌਰਾਨ ਆਉਣ ਵਾਲੇ ਸੰਘਰਸ਼ੀ ਪ੍ਰੋਗਰਾਮਾਂ, ਮੁਲਾਜ਼ਮ ਮੰਗਾਂ ਅਤੇ ਪੰਜਾਬ ਸਰਕਾਰ ਦੇ ਰਵੱਈਏ ਸਬੰਧੀ ਵਿਸਤਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਸੰਬਧੀ ਜਾਣਕਾਰੀ ਦਿੰਦਿਆਂ ਮਨਜੀਤ ਸਿੰਘ ਬਾਸਰਕੇ ਨੇ ਦੱਸਿਆ ਕਿ ਜਥੇਬੰਦੀ ਦੇ ਬਾਨੀ ਪ੍ਰਧਾਨ ਮਰਹੂਮ ਕਾਮਰੇਡ ਐਚਐਸ. ਪ੍ਰਮਾਰ ਦਾ ਜਨਮ ਦਿਹਾੜਾ 10 ਮਈ ਨੂੰ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਸਥਿਤ ਕਾਮਰੇਡ ਜਲਵੰਤ ਸਿੰਘ ਹਾਲ ਵਿਖੇ ਮਨਾਇਆ ਜਾਵੇਗਾ, ਜਿਸ ਵਿੱਚ ਸੂਬੇ ਭਰ ਤੋਂ ਲਗਭਗ 200 ਅਹੁਦੇਦਾਰ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ 17 ਮਈ ਨੂੰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਦੇ ਸੱਦੇ ‘ਤੇ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਖੇ ਸਾਂਝੀ ਕਨਵੈਨਸ਼ਨ ਕੀਤੀ ਜਾ ਰਹੀ ਹੈ, ਜਿਸ ਵਿੱਚ ਫੈਡਰੇਸ਼ਨ ਵੱਲੋਂ 250 ਅਹੁਦੇਦਾਰ ਝੰਡਿਆਂ ਅਤੇ ਬੈਨਰਾਂ ਸਮੇਤ ਸ਼ਮੂਲੀਅਤ ਕਰਨਗੇ। ਇਸ ਤੋਂ ਇਲਾਵਾ 19 ਮਈ ਨੂੰ ਪੰਜਾਬ ਏਟਕ ਦੇ ਸੱਦੇ ‘ਤੇ ਲੇਬਰ ਕਮਿਸ਼ਨਰ ਦਫ਼ਤਰ ਮੁਹਾਲੀ ਵਿਖੇ ਹੋਣ ਵਾਲੀ ਰੋਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਨੂੰ ਲਿਜਾਣ ਲਈ ਜ਼ਿੰਮੇਵਾਰੀਆਂ ਵੀ ਤੈਅ ਕੀਤੀਆਂ ਗਈਆਂ। ਮੀਟਿੰਗ ਦੌਰਾਨ ਸਰਕਾਰ ਵੱਲੋਂ ਕੱਚੇ ਕਾਮਿਆਂ ਦੀ ਤਨਖਾਹ ਵਿੱਚ ਕੀਤੇ ਗਏ 15 ਫੀਸਦੀ ਵਾਧੇ ਨੂੰ ਨਿਗੂਣਾ ਕਰਾਰ ਦਿੰਦਿਆਂ ਆਗੂਆਂ ਨੇ ਕਿਹਾ ਕਿ ਇਹ ਵਾਧਾ ਮਹਿੰਗਾਈ ਦੇ ਮੁਕਾਬਲੇ ਬਿਲਕੁਲ ਨਾਕਾਫ਼ੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਮੁਲਾਜ਼ਮਾਂ ਅਤੇ ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਅੜੀਅਲ ਰਵੱਈਆ ਅਪਣਾ ਰਹੀ ਹੈ। ਮਨਜੀਤ ਸਿੰਘ ਬਾਸਰਕੇ ਨੇ ਚੇਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ ਕਿ ਜੇਕਰ ਬਿਜਲੀ ਪਾਵਰ ਮੈਨੇਜਮੈਂਟ ਵੱਲੋਂ ਹੋਈਆਂ ਸਹਿਮਤੀਆਂ ਨੂੰ 15 ਮਈ ਤੱਕ ਲਾਗੂ ਨਾ ਕੀਤਾ ਗਿਆ ਤਾਂ 24 ਮਈ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿੱਚ ਵਿਸ਼ਾਲ ਰੋਸ ਧਰਨਾ ਲਗਾਇਆ ਜਾਵੇਗਾ ਅਤੇ ਉਸ ਤੋਂ ਬਾਅਦ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ ਮਾਰਚ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ 16 ਅਤੇ 17 ਜੂਨ ਨੂੰ ਹੋਣ ਵਾਲੀ ਦੋ ਰੋਜ਼ਾ ਹੜਤਾਲ ਨੂੰ ਸਫਲ ਬਣਾਉਣ ਲਈ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਫੈਡਰੇਸ਼ਨ ਆਗੂਆਂ ਨੇ ਕਿਹਾ ਕਿ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਦੇ ਹੱਲ ਲਈ ਪੈਨਸ਼ਨਰ ਵੀ ਸੰਘਰਸ਼ ਵਿੱਚ ਸਰਗਰਮ ਭੂਮਿਕਾ ਨਿਭਾਉਣਗੇ ਅਤੇ ਲੋੜ ਪੈਣ ‘ਤੇ ਗ੍ਰਿਫ਼ਤਾਰੀਆਂ ਦੇਣ ਤੋਂ ਵੀ ਪਿੱਛੇ ਨਹੀਂ ਹਟਣਗੇ।
ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਪੰਜਾਬ ਏਟਕ ਦੇ ਸੂਬਾ ਪ੍ਰਧਾਨ ਕਾਮਰੇਡ ਬੰਤ ਸਿੰਘ ਬਰਾੜ, ਜਨਰਲ ਸਕੱਤਰ ਕਾਮਰੇਡ ਨਿਰਮਲ ਸਿੰਘ ਧਾਲੀਵਾਲ, ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ, ਸਾਬਕਾ ਚੀਫ ਪੈਟਰਨ ਕਰਮਚੰਦ ਭਾਰਦਵਾਜ, ਸਾਬਕਾ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਗੰਡੀਵਿੰਡ, ਜਰਨੈਲ ਸਿੰਘ ਔਲਖ, ਸਰਿੰਦਰਪਾਲ ਲਹੌਰੀਆ, ਬਲਜੀਤ ਸਿੰਘ ਮੋਦਲਾ, ਰਸ਼ਪਾਲ ਸਿੰਘ ਪਾਲੀ ਅਤੇ ਦਰਸ਼ਨ ਲਾਲ ਮੋਗਾ ਸਮੇਤ ਕਈ ਸੀਨੀਅਰ ਟਰੇਡ ਯੂਨੀਅਨ ਆਗੂ ਮੌਜੂਦ ਰਹੇ।