
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਬਿਜਲੀ ਮੁਲਾਜਮਾਂ ਨੇ ਸੁੰਦਰ ਨਗਰ ਡਵੀਜ਼ਨ ’ਚ ਕੀਤੀ ਗੇਟ ਰੈਲੀ

-ਸਰਕਾਰ ਖ਼ਿਲਾਫ਼ ਕੀਤਾ ਪਿੱਟ-ਸਿਆਪਾ, 2027 ’ਚ ‘ਆਪ’ ਦਾ ਤਖ਼ਤਾ ਪਲਟਣ ਦੀ ਚਿਤਾਵਨੀ
ਸੁਰੇਸ਼ ਕੁਮਾਰ, ਪੰਜਾਬੀ ਜਾਗਰਣ ਲੁਧਿਆਣਾ
ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਮੰਚ ਪੰਜਾਬ ਦੇ ਸੱਦੇ ’ਤੇ ਵੀਰਵਾਰ ਨੂੰ ਪੰਜਾਬ ਭਰ ਵਿੱਚ ਭਗਵੰਤ ਮਾਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਦੌਰਾਨ ਸਰਕਾਰੀ ਮੁਲਾਜ਼ਮਾਂ ਨੇ ਮਾਸ ਲੀਵ ਲੈ ਕੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਕੀਤੇ ਵਿਸ਼ਾਲ ਧਰਨਿਆਂ ਵਿੱਚ ਸ਼ਮੂਲੀਅਤ ਕੀਤੀ। ਉਥੇ ਹੀ ਬਿਜਲੀ ਨਿਗਮ ਦੇ ਮੁਲਾਜ਼ਮਾਂ ਵੱਲੋਂ ਕੰਮ ਬੰਦ ਕਰਕੇ ਪਹਿਲਾਂ ਡਵੀਜ਼ਨ ਅਤੇ ਸਰਕਲ ਪੱਧਰ ’ਤੇ ਗੇਟ ਰੈਲੀਆਂ ਕੀਤੀਆਂ ਗਈਆਂ ਅਤੇ ਬਾਅਦ ਵਿੱਚ ਡੀਸੀ ਦਫ਼ਤਰਾਂ ਦੇ ਬਾਹਰ ਦਿੱਤੇ ਧਰਨਿਆਂ ਵਿੱਚ ਸ਼ਮੂਲੀਅਤ ਕੀਤੀ ਗਈ।
ਸੁੰਦਰ ਨਗਰ ਡਵੀਜ਼ਨ ਵਿਖੇ ਗੁਰਪ੍ਰੀਤ ਸਿੰਘ ਮਹਿਦੂਦਾਂ, ਸੂਬਾ ਸਕੱਤਰ ਪੀਐਸਈਬੀ ਇੰਪਲਾਈਜ਼ ਫੈਡਰੇਸ਼ਨ ਏਟਕ (ਬਿਜਲੀ ਏਕਤਾ ਮੰਚ) ਅਤੇ ਰਘਵੀਰ ਸਿੰਘ, ਸੂਬਾ ਮੀਤ ਪ੍ਰਧਾਨ ਟੀਐਸਯੂ (ਜੁਆਇੰਟ ਫੋਰਮ) ਦੀ ਸਾਂਝੀ ਅਗਵਾਈ ਹੇਠ ਗੇਟ ਰੈਲੀ ਕੀਤੀ ਗਈ। ਇਸ ਮੌਕੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪਿੱਟ ਸਿਆਪਾ ਕੀਤਾ।
ਰੈਲੀ ਨੂੰ ਸੰਬੋਧਨ ਕਰਦਿਆਂ ਗੁਰਪ੍ਰੀਤ ਸਿੰਘ ਮਹਿਦੂਦਾਂ ਅਤੇ ਰਘਵੀਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਤੁਰੰਤ ਨਿਪਟਾਰਾ ਨਾ ਕੀਤਾ ਤਾਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਇਸ ਦਾ ਸਿਆਸੀ ਖਮਿਆਜ਼ਾ ਭੁਗਤਣਾ ਪਵੇਗਾ।
ਆਗੂਆਂ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਡਬਲ ਬੈਂਚ ਵੱਲੋਂ 18 ਫੀਸਦੀ ਡੀਏ ਦੇਣ ਸਬੰਧੀ ਹੁਕਮਾਂ ਦੇ ਬਾਵਜੂਦ ਸਰਕਾਰ ਵੱਲੋਂ ਇਸ ਦੀ ਅਦਾਇਗੀ ਨਹੀਂ ਕੀਤੀ ਜਾ ਰਹੀ। ਇਸੇ ਤਰ੍ਹਾਂ 17 ਜੁਲਾਈ 2020 ਦੇ ਪੱਤਰ ਨੂੰ ਹਾਈ ਕੋਰਟ ਵੱਲੋਂ ਰੱਦ ਕੀਤੇ ਜਾਣ ਦੇ ਬਾਵਜੂਦ ਸਰਕਾਰ ਵੱਲੋਂ ਇਸ ਨੂੰ ਰੱਦ ਨਹੀਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਗਾਰੰਟੀ ਦੇ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅਜੇ ਤੱਕ ਇਸ ਨੂੰ ਲਾਗੂ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਪੰਜਾਬ ਦੇ ਨੌਜਵਾਨਾਂ ਨਾਲ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ ਗਿਆ।
ਆਗੂਆਂ ਨੇ ਮੰਗ ਕੀਤੀ ਕਿ 17 ਜੁਲਾਈ 2020 ਦਾ ਪੱਤਰ ਰੱਦ ਕਰਕੇ ਛੇਵਾਂ ਪੇਅ ਸਕੇਲ ਲਾਗੂ ਕੀਤਾ ਜਾਵੇ, ਬਿਜਲੀ ਮੁਲਾਜ਼ਮਾਂ ਨੂੰ 35,400 ਰੁਪਏ ਦਾ ਸਕੇਲ ਦਿੱਤਾ ਜਾਵੇ, 18 ਫੀਸਦੀ ਡੀਏ ਦੀ ਤੁਰੰਤ ਅਦਾਇਗੀ ਕੀਤੀ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਕੱਚੇ ਕਾਮਿਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ ਅਤੇ ਰਹਿੰਦੀ ਭਰਤੀ ਨੂੰ ਪੱਕਾ ਕੀਤਾ ਜਾਵੇ। ਬਿਜਲੀ ਨਿਗਮ ਨਾਲ ਸਬੰਧਤ ਸਾਰੀਆਂ 33 ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਮੁਲਾਜ਼ਮ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਖ਼ਿਲਾਫ਼ ਡਟ ਕੇ ਪ੍ਰਚਾਰ ਕਰਨਗੇ ਅਤੇ ‘ਆਪ’ ਨੂੰ ਮੁੜ ਸੱਤਾ ਵਿੱਚ ਆਉਣ ਤੋਂ ਰੋਕਣ ਲਈ ਆਪਣੀ ਭੂਮਿਕਾ ਨਿਭਾਉਣਗੇ। ਇਸ ਮੌਕੇ ਧਰਮਿੰਦਰ, ਬਹਾਦਰ ਸਿੰਘ ਲੁਹਾਰਾ, ਦੀਪਕ ਕੁਮਾਰ, ਵਿਕਰਮ ਅਬੋਹਰ, ਉਮੇਸ਼ ਕੁਮਾਰ, ਹੈਪੀ ਗੋਰੀਆ, ਕਰਤਾਰ ਸਿੰਘ, ਗੌਰਵ ਕੁਮਾਰ, ਰਾਮ ਦਾਸ, ਕੁਲਵੀਰ ਸਿੰਘ, ਗੁਰਪ੍ਰਤਾਪ ਸਿੰਘ, ਹਰਪ੍ਰੀਤ ਸਿੰਘ, ਬਲਸ਼ੇਰ ਸਿੰਘ, ਹਿਰਦੈ ਰਾਮ, ਸੰਜੇ ਸ਼ਰਮਾ, ਹਰਫੂਲ ਮਸੀਹ, ਵਿਨੋਦ ਕੁਮਾਰ, ਸ਼ਿਵ ਕੁਮਾਰ, ਪ੍ਰਵੀਨ, ਮਹਿੰਦਰ, ਗੁਰਪ੍ਰੀਤ ਸਿੰਘ, ਕਰਮਜੀਤ ਸਿੰਘ, ਜਸਵਿੰਦਰ ਸਿੰਘ ਸਮੇਤ ਹੋਰ ਮੁਲਾਜ਼ਮ ਹਾਜ਼ਰ ਸਨ।