ਪਾਵਰਕਾਮ ਵੱਲੋਂ ਦਿੱਤੇ ਜਾ ਰਹੇ ਮੋਬਾਈਲਾਂ ਦਾ ਬਿਜਲੀ ਮੁਲਾਜ਼ਮਾਂ ਨੇ ਕੀਤਾ ਵਿਰੋਧ
ਪਾਵਰਕਾਮ ਵੱਲੋਂ ਦਿੱਤੇ ਜਾ ਰਹੇ ਮੋਬਾਈਲਾਂ ਦਾ ਬਿਜਲੀ ਮੁਲਾਜ਼ਮਾਂ ਨੇ ਕੀਤਾ ਵਿਰੋਧ
Publish Date: Mon, 25 May 2026 08:14 PM (IST)
Updated Date: Mon, 25 May 2026 08:16 PM (IST)
ਸੁਰਿੰਦਰ ਅਰੋੜਾ, ਪੰਜਾਬੀ ਜਾਗਰਣ,
ਮੁੱਲਾਪੁਰ ਦਾਖਾ : ਪਾਵਰਕਾਮ ਵੱਲੋਂ ਫੀਲਡ ਕਰਮਚਾਰੀਆਂ ਨੂੰ ਦਿੱਤੇ ਜਾ ਰਹੇ ਮੋਬਾਈਲ ਫੋਨਾਂ ਨੂੰ ਲੈ ਕੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਅਤੇ ਸਾਂਝਾ ਫੋਰਮ ਪੰਜਾਬ ਵੱਲੋਂ ਪਾਵਰਕਾਮ ਅੱਡਾ ਦਾਖਾ ਵਿਖੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ । ਸਰਕਲ ਪ੍ਰਧਾਨ ਹਰਵਿੰਦਰ ਸਿੰਘ ਲਾਲੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਵਿਰੋਧ ਦੇ ਬਾਵਜੂਦ ਵੀ ਮੈਨੇਜਮੈਂਟ ਵੱਲੋਂ ਮੁਲਾਜ਼ਮਾਂ ਨੂੰ ਧੱਕੇਸ਼ਾਹੀ ਨਾਲ ਮੋਬਾਇਲ ਫੋਨ ਦੇਣ ਦੀ ਕੋਸ਼ਿਸ਼ ਕੀਤੀ ਗਈ ਤਾਂ ਸਮੂਹ ਜਥੇਬੰਦੀਆਂ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੀਆਂ, ਜਿਸ ਦੀ ਜਿੰਮੇਵਾਰੀ ਮੈਨਜਮੈਂਟ ਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਮਹਿਕਮੇ ਵੱਲੋਂ ਜੋ ਮੋਬਾਈਲ ਫੋਨਾਂ ਦੀ ਖ਼ਰੀਦਦਾਰੀ ਕੀਤੀ ਗਈ ਹੈ, ਉਸ ਵਿੱਚ ਵੀ ਮੋਟਾ ਘੋਟਾਲਾ ਕੀਤਾ ਗਿਆ ਹੈ, ਜਿਹੜਾ ਕਿ ਸਰਕਾਰੀ ਖ਼ਜ਼ਾਨੇ ਦੀ ਸਿੱਧੀ ਲੁੱਟ ਹੈ, ਜਿਸਦੀ ਏਜੰਸੀਆਂ ਵੱਲੋਂ ਜਾਂਚ ਵੀ ਕੀਤੀ ਜਾ ਰਹੀ ਹੈ। ਪ੍ਰਧਾਨ ਨੇ ਇਹ ਵੀ ਦੱਸਿਆ ਕਿ ਮੁਲਾਜ਼ਮਾਂ ’ਤੇ ਕੰਮ ਦਾ ਜ਼ਿਆਦਾ ਬੋਝ ਪਾਉਣ ਲਈ ਤਾਂ ਸਰਕਾਰ ਕੋਲ ਪੈਸੇ ਦੀ ਕਮੀ ਨਹੀਂ ਪਰ ਮੁਲਾਜ਼ਮਾਂ ਦੇ ਪੈਂਡਿੰਗ ਡੀਏ ਅਤੇ ਏਰੀਏ ਦਾ ਭੁਗਤਾਨ ਕਰਨ ਲਈ ਆਨਾਕਾਨੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮੈਨੇਜਮੈਂਟ ਵੱਲੋਂ ਮੁਲਾਜ਼ਮ ਵਿਰੋਧੀ ਫੈਸਲੇ ਅਨੁਸਾਰ ਫੀਲਡ ਟੈਕਨੀਕਲ ਸਟਾਫ ਨੂੰ ਕੰਪਲੇਂਟ ਬਰੇਕਡਾਊਨ ਦਾ ਨਿਪਟਾਰਾ ਕਰਨ ਲਈ ਜੋ ਟਾਈਮ ਫਿਕਸ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਹੜਾ ਕਿ ਮੰਦਭਾਗਾ ਫੈਸਲਾ ਹੈ, ਕਿਉਂਕਿ ਫੀਲਡ ਵਿੱਚ ਟੈਕਨੀਕਲ ਸਟਾਫ ਦੀ ਕਮੀ ਨਾਲ ਪਹਿਲਾਂ ਹੀ ਸਾਥੀ ਜੂਝ ਰਹੇ ਹਨ। ਉਹਨਾਂ ਫੀਲਡ ਕਰਮਚਾਰੀਆਂ ਕੰਮ ਕਰਨ ਲਈ ਸੇਫਟੀ ਸਾਧਨ ਮੁਹਈਆ ਕਰਵਾਏ ਜਾਣ ਦੀ ਮੰਗ ਵੀ ਕੀਤੀ, ਤਾਂ ਜੋ ਕੰਮ ਕਰਦੇ ਸਮੇਂ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ । ਮੈਨੇਜਮੈਂਟ ਵੱਲੋਂ ਕੀਤੇ ਜਾ ਰਹੇ ਮੁਲਾਜ਼ਮ ਵਿਰੋਧੀ ਫੈਸਲਿਆਂ ਦਾ ਸਾਂਝੀ ਸੰਘਰਸ਼ ਕਮੇਟੀ ਵੱਲੋਂ ਜੋ ਵੀ ਫੈਸਲਾ ਆਵੇਗਾ ਉਸਨੂੰ ਜਮੀਨੀ ਪੱਧਰ ਤੇ ਪੂਰਨ ਤੌਰ ’ਤੇ ਲਾਗੂ ਕੀਤਾ ਜਾਵੇਗਾ। ਇਸ ਮੌਕੇ ਗੁਰਵਿੰਦਰ ਸਿੰਘ, ਲਖਵੀਰ ਸਿੰਘ, ਦਰਸ਼ਪ੍ਰੀਤ ਸਿੰਘ, ਪ੍ਰਧਾਨ ਗੁਰਮੇਲ ਸਿੰਘ, ਪ੍ਰਧਾਨ ਜਸਵਿੰਦਰ ਸਿੰਘ ਧੂਰੀ, ਦਲਵੀਰ ਸਿੰਘ, ਇੰਦਰਜੀਤ ਸਿੰਘ, ਪਰਮਿੰਦਰ ਸਿੰਘ, ਕਵਰਦੀਪ ਸਿੰਘ, ਸੁਖਦੀਪ ਸਿੰਘ, ਜਤਿੰਦਰ ਸਿੰਘ, ਗੁਰਚਰਨ ਸਿੰਘ, ਅਵਤਾਰ ਸਿੰਘ, ਨਰਿੰਦਰ ਸਿੰਘ, ਨਰਦੀਪ ਸਿੰਘ, ਪਰਮਿੰਦਰ ਸਿੰਘ, ਅਰਸ਼ਦੀਪ ਸਿੰਘ, ਮਹਿੰਦਰਪਾਲ ਸਿੰਘ, ਜਸਮੇਰ ਸਿੰਘ ਅਤੇ ਸੁਖਦੀਪ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ।