ਮੰਗਾਂ ਨੂੰ ਲੈ ਕੇ ਮੁਲਾਜ਼ਮਾਂ ਵੱਲੋਂ ਘੜਾ ਭੰਨ ਪ੍ਰਦਰਸ਼ਨ
ਮੰਗਾਂ ਨੂੰ ਲੈਕੇ ਮੁਲਾਜ਼ਮਾਂ ਨੇ ਸਿਵਲ ਸਰਜਨ ਦਫਤਰ ਵਿਖੇ ਕੀਤਾ ਘੜਾ ਭੰਨ ਪ੍ਰਦਰਸ਼ਨ
Publish Date: Mon, 09 Mar 2026 08:25 PM (IST)
Updated Date: Tue, 10 Mar 2026 04:10 AM (IST)

ਪੰਜਾਬ ਸਟੇਟ ਮਨਿਸਟਰੀਅਲ ਤੇ ਸੀਪੀਐਫ ਕਰਮਚਾਰੀ ਯੂਨੀਅਨ ਨੇ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ ਬਸੰਤ ਸਿੰਘ ਰੋੜੀਆਂ, ਪੰਜਾਬੀ ਜਾਗਰਣ, ਲੁਧਿਆਣਾ : ਪੰਜਾਬ ਸਟੇਟ ਮਨਿਸਟਰੀਅਲ ਅਤੇ ਸੀਪੀਐਫ ਕਰਮਚਾਰੀ ਯੂਨੀਅਨ ਵੱਲੋਂ ਅੱਜ ਹੜਤਾਲ ਤੇ ਜਾਣ ਦਾ ਐਲਾਨ ਕੀਤਾ ਗਿਆ ਅਤੇ ਆਪਣੇ ਦਫਤਰਾਂ ਵਿੱਚ ਕਲਮ ਛੋੜ ਹੜਤਾਲ ਕੀਤੀ ਗਈ। ਜਿਸ ਕਾਰਨ ਲੋੜਵੰਦ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਮਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਸੱਦੇ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਨਾ ਕਰਨ ਕਾਰਨ ਮੁਲਾਜ਼ਮਾਂ ਵਿੱਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਮੁਲਾਜ਼ਮਾਂ ਦੀਆਂ ਮੰਗਾਂ ਜਿਵੇਂ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਡੀਏ ਦਾ ਏਰੀਅਰ ਜਾਰੀ ਕਰਨਾ, ਪਰਖ ਕਾਲ ਸਮੇਂ ਦੌਰਾਨ ਪੂਰੀ ਤਨਖਾਹ ਦੇਣਾ ਅਤੇ ਪੰਜਾਬ ਦੇ ਸਕੇਲ ਲਾਗੂ ਕਰਨਾ ਸ਼ਾਮਿਲ ਸਨ। ਇਨ੍ਹਾਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਯੂਨੀਅਨ ਵੱਲੋਂ ਵਿਧਾਨ ਸਭਾ ਨੂੰ ਘੇਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ, ਪਰ ਪੰਜਾਬ ਸਰਕਾਰ ਨੇ ਪੁਲਿਸ ਪ੍ਰਸ਼ਾਸਨ ਨੂੰ ਹੁਕਮ ਦਿੱਤਾ ਕਿ ਇਨ੍ਹਾਂ ਕਰਮਚਾਰੀਆਂ ਨੂੰ ਅੱਗੇ ਨਾ ਆਉਣ ਦਿੱਤਾ ਜਾਵੇ ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਲ ਤੋਪਾਂ ਤੋਂ ਇਲਾਵਾ ਡੰਡੇ ਵਰਾਏ ਗਏ। ਉਨ੍ਹਾਂ ਕਿਹਾ ਕਿ ਪੁਲਿਸ ਨੇ ਇੱਥੇ ਹੀ ਬੱਸ ਨਹੀਂ ਕੀਤੀ ਸਗੋਂ ਪ੍ਰਦਰਸ਼ਨਕਾਰੀਆਂ ਤੇ ਅੱਥਰੂ ਗੈਸ ਦੇ ਗੋਲੇ ਵੀ ਸੁੱਟੇ ਗਏ ਜਿਸ ਨਾਲ ਬਹੁਤ ਸਾਰੇ ਮੁਲਾਜ਼ਮ ਜਖਮੀ ਹੋ ਗਏ ਜ਼ਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭੇਜਣਾ ਪਿਆ। ਜਿਸ ਦੇ ਵਿਰੋਧ ਵਿੱਚ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਵੱਲੋਂ ਸੋਮਵਾਰ ਨੂੰ ਇੱਕ ਦਿਨ ਲਈ ਛੋੜ ਹੜਤਾਲ ਕੀਤੀ ਗਈ। ਉਨ੍ਹਾਂ ਕਿਹਾ ਕਿ ਯੂਨੀਅਨ ਵੱਲੋਂ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ। ਇਸ ਤੋਂ ਇਲਾਵਾ ਅੱਜ ਸਿਵਲ ਸਰਜਨ ਦਫਤਰ ਵਿੱਚ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਘੜਾ ਭੰਨ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਆਗੂਆਂ ਵੱਲੋਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਜੇਕਰ ਸਰਕਾਰ ਵੱਲੋਂ ਅਜੇ ਵੀ ਕਰਮਚਾਰੀਆਂ ਦੀਆਂ ਜਾਇਜ ਮੰਗਾਂ ਨੂੰ ਲਾਗੂ ਨਾ ਕੀਤਾ ਗਿਆ ਤਾਂ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਵੱਲੋਂ ਜੋ ਵੀ ਸੰਘਰਸ਼ ਕੀਤਾ ਜਾਵੇਗਾ, ਉਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਯੂਨੀਅਨ ਦੇ ਕੈਸ਼ੀਅਰ ਹਰਵਿੰਦਰ ਸਿੰਘ, ਗੋਬਿੰਦ ਪ੍ਰਸ਼ਾਦ, ਬਲਕਾਰ ਸਿੰਘ, ਗੁਰਮੀਤ ਕੌਰ, ਪੰਕਜ ਸੋਢੀ ਚੰਦਨ ਨਵਦੀਪ ਕੌਰ ਆਦਿ ਹਾਜ਼ਰ ਸਨ।