- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਆਤਮ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦੇ ਯੁਕਤੀਕਰਨ ਲਈ ਈਆਰਓ ਨੇ ਸਿਆਸੀ ਪਾਰਟੀਆਂ ਨਾਲ ਕੀਤੀ ਮੀਟਿੰਗ

ਫੋਟੋ - 25)
ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ : 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ) ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਮੰਤਵ ਨਾਲ ਵਿਧਾਨ ਹਲਕਾ ਆਤਮ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦੇ ਯੁਕਤੀਕਰਨ (ਰੈਸ਼ਨਲਾਈਜ਼ੇਸ਼ਨ) ਸਬੰਧੀ ਇੱਕ ਅਹਿਮ ਮੀਟਿੰਗ ਕੀਤੀ ਗਈ। ਨਿਗਮ ਲੁਧਿਆਣਾ ਦੇ ਜ਼ੋਨ-ਏ ਦਫ਼ਤਰ ਸੰਯੁਕਤ ਕਮਿਸ਼ਨਰ-ਕਮ-ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰ (ਈਆਰਓ) 62-ਆਤਮ ਨਗਰ ਵਿਨੀਤ ਕੁਮਾਰ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਆਮ ਆਦਮੀ ਪਾਰਟੀ, ਕਾਂਗਰਸ, ਸ੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਸਮੇਤ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਇਸ ਦੌਰਾਨ ਪੋਲਿੰਗ ਸਟੇਸ਼ਨਾਂ ਦੇ ਯੁਕਤੀਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਸਿਆਸੀ ਪਾਰਟੀਆਂ ਤੋਂ ਸੁਝਾਅ ਅਤੇ ਫੀਡਬੈਕ ਵੀ ਪ੍ਰਾਪਤ ਕੀਤਾ, ਤਾਂ ਜੋ ਵੋਟਰਾਂ ਨੂੰ ਵਧੀਆ ਅਤੇ ਸੁਵਿਧਾਜਨਕ ਚੋਣ ਪ੍ਰਕਿਰਿਆ ਮੁਹੱਈਆ ਕਰਵਾਈ ਜਾ ਸਕੇ। ਸੰਯੁਕਤ ਕਮਿਸ਼ਨਰ-ਕਮ-ਈਆਰਓ ਵਿਨੀਤ ਕੁਮਾਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਮੀਟਿੰਗਾਂ ਨਿਯਮਿਤ ਤੌਰ 'ਤੇ ਕਰਵਾਈਆਂ ਜਾ ਰਹੀਆਂ ਹਨ। ਇਸ ਦਾ ਮੁੱਖ ਉਦੇਸ਼ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਿਤਾ, ਨਿਰਪੱਖਤਾ ਤੇ ਪ੍ਰਸ਼ਾਸਨਿਕ ਕੁਸ਼ਲਤਾ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾ ਰਿਹਾ ਹੈ ਅਤੇ ਜਿੱਥੇ ਲੋੜ ਹੋਵੇਗੀ, ਉੱਥੇ ਲਾਜ਼ਮੀ ਕਾਰਵਾਈ ਵੀ ਕੀਤੀ ਜਾਵੇਗੀ। ਵੋਟਰ ਸੂਚੀਆਂ ਦੀ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ ਨੂੰ ਹੋਰ ਸੁਚਾਰੂ ਬਣਾਉਣ ਲਈ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਆਪਣੇ ਬਲਾਕ ਲੈਵਲ ਏਜੰਟ-2 (ਬੀਐਲਏ-2) ਦੀਆਂ ਸੂਚੀਆਂ ਜਲਦ ਤੋਂ ਜਲਦ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ। ਇਸ ਨਾਲ ਵੋਟਰ ਸੂਚੀਆਂ ਵਿੱਚ ਨਾਮ ਸ਼ਾਮਲ ਕਰਨ, ਸੋਧ ਕਰਨ ਜਾਂ ਹਟਾਉਣ ਵਰਗੀਆਂ ਪ੍ਰਕਿਰਿਆਵਾਂ ਨੂੰ ਪਾਰਦਰਸ਼ੀ ਅਤੇ ਤੇਜ਼ੀ ਨਾਲ ਪੂਰਾ ਕੀਤਾ ਜਾ ਸਕੇਗਾ। ਮੀਟਿੰਗ ਵਿੱਚ ਇਲੈਕਸ਼ਨ ਕਾਨੂੰਗੋ ਅਸ਼ਵਨੀ ਕੁਮਾਰ, ਸਹਾਇਕ ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰ ਸੰਜੀਵ ਕੁਮਾਰ, ਸੁਪਰਡੈਂਟ ਅਸ਼ੋਕ ਗਰਗ ਸਮੇਤ ਚੋਣ ਸ਼ਾਖਾ ਦੇ ਹੋਰ ਅਧਿਕਾਰੀ ਵੀ ਮੌਜੂਦ ਰਹੇ। ਅਧਿਕਾਰੀਆਂ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਅਤੇ ਚੋਣ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਆਪਸੀ ਸਹਿਯੋਗ ਦੀ ਅਪੀਲ ਕੀਤੀ।