ਨਵੇਂ ਪ੍ਰਧਾਨ ਦੀ ਨਿਯੁਕਤੀ ਹਾਈਕਮਾਂਡ ਦਾ ਫ਼ੈਸਲਾ, ਪੰਜਾਬ ਦੇ ਮੁੱਦਿਆਂ 'ਤੇ ਇਕਜੁੱਟ ਹੋਣ ਕਾਂਗਰਸੀ ਆਗੂ - ਬਾਜਵਾ
ਬਾਜਵਾ ਨੇ ਕਿਹਾ ਕਿ ਹਾਈਕਮਾਂਡ ਵੱਲੋਂ ਫੈਸਲੇ ਨੂੰ ਵਿਆਪਕ ਨਜ਼ਰੀਏ ਨਾਲ ਦੇਖਿਆ ਜਾਂਦਾ ਹੈ, ਜਦਕਿ ਸਥਾਨਕ ਪੱਧਰ ’ਤੇ ਹਰ ਵਿਅਕਤੀ ਦਾ ਆਪਣਾ ਨਜ਼ਰੀਆ ਹੁੰਦਾ ਹੈ। ਉਨ੍ਹਾਂ ਕਿਹਾ ਕਿ ਹੁਣ ਸਭ ਤੋਂ ਵੱਡੀ ਗੱਲ ਇਹ ਹੈ ਕਿ ਕਾਂਗਰਸ ਦੇ ਆਗੂ ਇਕੱਠੇ ਹੋ ਕੇ ਪਾਰਟੀ ਲਈ ਕੰਮ ਕਰਨ।
Publish Date: Mon, 05 Oct 2026 08:43 AM (IST)
Updated Date: Mon, 05 Oct 2026 08:48 AM (IST)
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦੀ ਨਿਯੁਕਤੀ ਪਾਰਟੀ ਹਾਈਕਮਾਂਡ ਦਾ ਫੈਸਲਾ ਹੈ। ਉਨ੍ਹਾਂ ਕਿਹਾ ਕਿ ਹਾਈਕਮਾਂਡ ਜਿਸ ਨੂੰ ਵੀ ਕਿਸੇ ਅਹੁਦੇ ਦੀ ਜ਼ਿੰਮੇਵਾਰੀ ਦਿੰਦੀ ਹੈ, ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਉਸ ਫੈਸਲੇ ਨੂੰ ਸਵੀਕਾਰ ਕਰਕੇ ਇਕੱਠੇ ਹੋ ਕੇ ਕੰਮ ਕਰਨਾ ਚਾਹੀਦਾ ਹੈ।
ਬਾਜਵਾ ਨੇ ਕਿਹਾ ਕਿ ਹਾਈਕਮਾਂਡ ਵੱਲੋਂ ਫੈਸਲੇ ਨੂੰ ਵਿਆਪਕ ਨਜ਼ਰੀਏ ਨਾਲ ਦੇਖਿਆ ਜਾਂਦਾ ਹੈ, ਜਦਕਿ ਸਥਾਨਕ ਪੱਧਰ ’ਤੇ ਹਰ ਵਿਅਕਤੀ ਦਾ ਆਪਣਾ ਨਜ਼ਰੀਆ ਹੁੰਦਾ ਹੈ। ਉਨ੍ਹਾਂ ਕਿਹਾ ਕਿ ਹੁਣ ਸਭ ਤੋਂ ਵੱਡੀ ਗੱਲ ਇਹ ਹੈ ਕਿ ਕਾਂਗਰਸ ਦੇ ਆਗੂ ਇਕੱਠੇ ਹੋ ਕੇ ਪਾਰਟੀ ਲਈ ਕੰਮ ਕਰਨ।
ਉਨ੍ਹਾਂ ਮੁਤਾਬਕ ਪੰਜਾਬ ਦੇ ਲੋਕ ਸਿਆਸੀ ਬਦਲਾਅ ਚਾਹੁੰਦੇ ਹਨ ਅਤੇ ਇਸ ਲਈ ਕਾਂਗਰਸ ਨੂੰ ਸਾਂਝੇ ਤੌਰ ’ਤੇ ਯਤਨ ਕਰਨ ਦੀ ਲੋੜ ਹੈ। ਬਾਜਵਾ ਨੇ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਕੁੱਝ ਕਾਂਗਰਸੀ ਨਿਰਾਸ਼ ਸਨ, ਇਸ ਲਈ ਕਾਂਗਰਸ ਪਾਰਟੀ ਨੇ ਨਵਾਂ ਫੈਸਲਾ ਲਿਆ ਹੈ।
ਬਾਜਵਾ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਮੁੱਖ ਮੁੱਦਾ ਦੱਸਦਿਆਂ ਕਿਹਾ ਕਿ ਹਰ ਨਾਗਰਿਕ ਦਾ ਮੁੱਢਲਾ ਹੱਕ ਹੈ ਕਿ ਉਸ ਦੀ ਜ਼ਿੰਦਗੀ, ਪਰਿਵਾਰ ਅਤੇ ਕਾਰੋਬਾਰ ਸੁਰੱਖਿਅਤ ਹੋਵੇ। ਕਿਸੇ ਵਿਅਕਤੀ ਦਾ ਕਾਰੋਬਾਰ ਦੁਕਾਨ, ਰੇਹੜੀ-ਫੜ੍ਹੀ, ਉਦਯੋਗ ਜਾਂ ਨੌਕਰੀ ਨਾਲ ਜੁੜਿਆ ਹੋ ਸਕਦਾ ਹੈ ਪਰ ਹਰ ਕਿਸੇ ਲਈ ਸੁਰੱਖਿਆ ਸਭ ਤੋਂ ਮੁੱਢਲੀ ਲੋੜ ਹੈ।
ਉਨ੍ਹਾਂ ਗੈਂਗਸਟਰਵਾਦ ਨਾਲ ਜੁੜੀਆਂ ਘਟਨਾਵਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਕਿਸੇ ਵੀ ਵਿਅਕਤੀ ਦਾ ਕਤਲ ਹੋਣਾ ਮੰਦਭਾਗਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਗੈਂਗਸਟਰਾਂ ਨੂੰ ਸਿਆਸੀ ਸਰਪ੍ਰਸਤੀ ਅਤੇ ਪੁਲਿਸ ਦੀ ਸਰਗਰਮ ਮਦਦ ਤੋਂ ਬਿਨਾਂ ਲੰਬੇ ਸਮੇਂ ਤੱਕ ਸਰਗਰਮ ਰਹਿਣਾ ਮੁਸ਼ਕਲ ਹੈ।
ਵਿਰੋਧੀ ਧਿਰ ਦੇ ਆਗੂ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ’ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਨਸ਼ਿਆਂ ਦਾ ਪ੍ਰਭਾਵ ਸਮਾਜ ਦੇ ਵੱਖ-ਵੱਖ ਵਰਗਾਂ ਤੱਕ ਪਹੁੰਚ ਚੁੱਕਾ ਹੈ। ਪੰਜਾਬ ਦੀ ਨੌਜਵਾਨੀ ਦੀ ਸਿਹਤ ਅਤੇ ਭਵਿੱਖ ਨੂੰ ਲੈ ਕੇ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਮੱਸਿਆ ਨਾਲ ਨਜਿੱਠਣਾ ਸਿਆਸੀ ਬਹਿਸ ਤੋਂ ਅੱਗੇ ਵਧ ਕੇ ਸਮਾਜਿਕ ਜ਼ਿੰਮੇਵਾਰੀ ਵੀ ਹੈ।
ਨੌਜਵਾਨਾਂ ਨੂੰ ਪੰਜਾਬ ਵਿਚ ਮੌਕੇ ਦੇਣ ਦੀ ਲੋੜ
ਬਾਜਵਾ ਨੇ ਕਿਹਾ ਕਿ ਪੰਜਾਬ ਦੇ ਪੜ੍ਹੇ-ਲਿਖੇ ਨੌਜਵਾਨਾਂ ਦਾ ਵੱਡੀ ਗਿਣਤੀ ਵਿਚ ਵਿਦੇਸ਼ ਜਾਣਾ ਵੀ ਗੰਭੀਰ ਮਸਲਾ ਹੈ। ਜਿਨ੍ਹਾਂ ਪਰਿਵਾਰਾਂ ਕੋਲ ਸਮਰੱਥਾ ਹੈ, ਉਹ ਆਪਣੇ ਬੱਚਿਆਂ ਨੂੰ ਪੜ੍ਹਾਈ ਜਾਂ ਰੁਜ਼ਗਾਰ ਲਈ ਵਿਦੇਸ਼ ਭੇਜ ਰਹੇ ਹਨ, ਜਦਕਿ ਬਾਕੀ ਨੌਜਵਾਨਾਂ ਲਈ ਪੰਜਾਬ ਵਿਚ ਹੀ ਸਿੱਖਿਆ, ਰੁਜ਼ਗਾਰ ਅਤੇ ਬਿਹਤਰ ਮੌਕੇ ਪੈਦਾ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਹਰ ਆਗੂ ਤੇ ਵਰਕਰ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਪਵੇਗੀ।