ਕਿਸਾਨਾਂ ਤੱਕ ਨਵੀਆਂ ਤਕਨੀਕਾਂ ਪਹੁੰਚਾਉਣ ਖੋਜ ’ਤੇ ਪਸਾਰ ਮਾਹਿਰ : ਡਾ. ਗੋਸਲ
ਨਵੀਆਂ ਤਕਨੀਕਾਂ ਕਿਸਾਨਾਂ ਤੱਕ ਪਹੁੰਚਾਉਣ ਖੋਜ ’ਤੇ ਪਸਾਰ ਮਾਹਿਰ- ਡਾ.ਗੋਸਲ
Publish Date: Wed, 13 May 2026 06:45 PM (IST)
Updated Date: Thu, 14 May 2026 04:09 AM (IST)

-ਮਾਸਿਕ ਮੀਟਿੰਗ ਵਿੱਚ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਸੰਬੰਧੀ ਹੋਈਆਂ ਵਿਚਾਰਾਂ --- ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ ਲੁਧਿਆਣਾ ਬੁੱਧਵਾਰ ਨੂੰ ਡਾ. ਖੇਮ ਸਿੰਘ ਗਿੱਲ ਕਿਸਾਨ ਸਲਾਹ ਸੇਵਾ ਕੇਂਦਰ ਹਾਲ ’ਚ ਪੀਏਯੂ. ਦੇ ਖੋਜ ਅਤੇ ਪਸਾਰ ਮਾਹਿਰਾਂ ਦੀ ਮਹੀਨਾਵਾਰ ਮੀਟਿੰਗ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਪੀਏਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ ਜਦ ਕਿ ਯੂਨੀਵਰਸਿਟੀ ਦੇ ਉੱਚ ਅਧਿਕਾਰੀ ਅਤੇ ਵੱਖ-ਵੱਖ ਖੋਜ ਕੇਂਦਰਾਂ, ਕ੍ਰਿਸ਼ੀ ਵਿਗਿਆਨ ਕੇਂਦਰਾਂ ਅਤੇ ਕਿਸਾਨ ਸਲਾਹਕਾਰ ਸੇਵਾ ਕੇਂਦਰਾਂ ਦੇ ਵਿਗਿਆਨੀ ਮੀਟਿੰਗ ਵਿੱਚ ਵਿਚਾਰ-ਚਰਚਾ ਲਈ ਸ਼ਾਮਿਲ ਹੋਏ। ਡਾ. ਗੋਸਲ ਨੇ ਖੋਜ ਅਤੇ ਪਸਾਰ ਮਾਹਿਰਾਂ ਨੂੰ ਅਜੋਕੇ ਯੁੱਗ ਦੀਆਂ ਖੇਤੀ ਅਤੇ ਕਿਸਾਨੀ ਲੋੜਾਂ ਅਨੁਸਾਰ ਨਵੀਆਂ ਤਕਨੀਕਾਂ ਕਿਸਾਨਾਂ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ। ਡਾ. ਗੋਸਲ ਨੇ ਕਿਹਾ ਕਿ ਅੱਜ ਦੀ ਖੇਤੀ ਨੂੰ ਕੁਦਰਤੀ ਸਰੋਤਾਂ ਦੀ ਕੀਮਤ ਤੇ ਕਰਨ ਦੀ ਥਾਂ ਸਰੋਤਾਂ ਦੀ ਸੰਭਾਲ ਦੀ ਮੁਹਿੰਮ ਚਲਾਉਣੀ ਚਾਹੀਦੀ ਹੈ। ਵਿਸ਼ੇਸ਼ ਤੌਰ ਤੇ ਨਰਮਾ ਪੱਟੀ ਵਿੱਚ ਨਰਮੇ ਦੀਆਂ ਵਿਕਸਿਤ ਕਿਸਮਾਂ ਨੂੰ ਉਤਸ਼ਾਹਿਤ ਕਰਨ ਅਤੇ ਝੋਨੇ ਵਾਲੇ ਖੇਤਰਾਂ ਵਿੱਚ ਪੀਏਯੂ ਦੀਆਂ ਦਰਮਿਆਨੇ ਸਮੇਂ ਵਿਚ ਪੱਕਣ ਵਾਲੀਆਂ ਕਿਸਮਾਂ ਬਾਰੇ ਹੋਰ ਜਾਗਰੂਕਤਾ ਦਾ ਪਸਾਰ ਕਰਨਾ ਚਾਹੀਦਾ ਹੈ। ਡਾ. ਗੋਸਲ ਨੇ ਕਿਹਾ ਕਿ ਪਾਣੀ ਦੀ ਵਰਤੋਂ ਬਾਰੇ ਵਿਗਿਆਨਕ ਚੇਤਨਾ ਨੂੰ ਕਿਸਾਨਾਂ ਤੱਕ ਪਹੁੰਚਾਉਣ ਦਾ ਹੰਭਲਾ ਮਾਰਨ ਦੀ ਵੀ ਲੋੜ ਹੈ। ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਕਿਹਾ ਕਿ ਮੌਜੂਦਾ ਦੌਰ ਖੇਤੀ ਵਿਭਿੰਨਤਾ ਅਤੇ ਪੋਸ਼ਣ ਨੂੰ ਉਤਪਾਦਨ ਦੇ ਬਰਾਬਰ ਅਹਿਮ ਮੰਨਣ ਦਾ ਹੈ। ਇਸ ਲਈ ਪੀਏਯੂ. ਦੀਆਂ ਖੇਤੀ ਭਿੰਨਤਾ ਸੰਬੰਧੀ ਸਿਫ਼ਾਰਸ਼ਾਂ ਹੋਰ ਵੀ ਲਾਜ਼ਮੀ ਹੋ ਜਾਂਦੀਆਂ ਹਨ। ਖੇਤੀ ਲਾਗਤਾਂ ਨੂੰ ਘੱਟ ਕਰਨ ਲਈ ਡਾ. ਢੱਟ ਨੇ ਜੀਵਾਣੂੰ ਖਾਦਾਂ ਵੱਲ ਵੀ ਧਿਆਨ ਦਿਵਾਇਆ। ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਕਿਹਾ ਕਿ ਸਹਾਇਕ ਕਿੱਤਿਆਂ ਨੂੰ ਅਪਣਾ ਕੇ ਕਿਸਾਨੀ ਪਰਿਵਾਰਾਂ ਦੀ ਨਿਰੰਤਰ ਆਮਦਨ ਵਿੱਚ ਵਾਧਾ ਕਰਨ ਦੀਆਂ ਸਿਫ਼ਾਰਸ਼ਾਂ ਪੀਏਯੂ. ਨੇ ਕੀਤੀਆਂ ਹਨ। ਆਮ ਕਿਸਾਨਾਂ ਤੱਕ ਇੰਨਾਂ ਸਿਫ਼ਾਰਸ਼ਾਂ ਨੂੰ ਪਹੁੰਚਾਉਣਾ ਬੇਹੱਦ ਲਾਜ਼ਮੀ ਹੈ। ਇਸਦੇ ਨਾਲ ਹੀ ਨਿਰਦੇਸ਼ਕ ਪਸਾਰ ਸਿੱਖਿਆ ਨੇ ਯੂਨੀਵਰਸਿਟੀ ਦੇ ਸਿਖਲਾਈ ਪ੍ਰੋਗਰਾਮਾਂ ਨੂੰ ਪੇਂਡੂ ਔਰਤਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਤੱਕ ਜਾਣਕਾਰੀ ਸਰੂਪ ਪਹੁੰਚਾਉਣ ਲਈ ਅਪੀਲ ਕੀਤੀ ਅਤੇ ਕਿਹਾ ਕਿ ਖੇਤੀ ਨੂੰ ਕਾਰੋਬਾਰ ਵਿੱਚ ਬਦਲਣ ਦਾ ਸੁਪਨਾ ਸਿਖਲਾਈ ਅਤੇ ਖੇਤੀ ਉੱਦਮ ਦੇ ਰਸਤੇ ਚੱਲ ਕੇ ਪੂਰਾ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਪੀਏਯੂ. ਵੱਲੋਂ ਲਗਾਤਾਰ ਕਿਸਾਨੀ ਸਮਾਜ ਦੀ ਭਲਾਈ ਲਈ ਯਤਨ ਜਾਰੀ ਹਨ। ਇਸ ਦਿਸ਼ਾ ਵਿੱਚ ਫਲਾਂ, ਸਬਜ਼ੀਆਂ ਅਤੇ ਮੁੱਖ ਫਸਲਾਂ ਦੀਆਂ ਨਵੀਆਂ ਕਿਸਮਾਂ ਅਤੇ ਉਤਪਾਦਨ ਤਕਨੀਕਾਂ ਦੇ ਨਾਲ-ਨਾਲ ਕੀੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਲੋੜੀਂਦੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਮੀਟਿੰਗ ਵਿੱਚ ਪਿਛਲੀ ਕਾਰਵਾਈ ਰਿਪੋਰਟ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਤਰਸੇਮ ਸਿੰਘ ਢਿੱਲੋਂ ਨੇ ਪੇਸ਼ ਕੀਤੀ। ਡਾ. ਸੰਧੂ ਨੇ ਇਸ ਦੌਰਾਨ ਚਲੰਤ ਖੇਤੀ ਮਸਲਿਆਂ ਦੇ ਹੱਲ ਲਈ ਯੂਨੀਵਰਸਿਟੀ ਦੀ ਪ੍ਰਤੀਬੱਧਤਾ ਨੂੰ ਦੁਹਰਾਇਆ। ਅੰਤ ਵਿੱਚ ਧੰਨਵਾਦ ਦੇ ਸ਼ਬਦ ਡਾ. ਪ੍ਰਭਜੋਧ ਸਿੰਘ ਸੰਧੂ ਨੇ ਕਹੇ।