Ludhiana Crime News: ਪੁਲਿਸ ਵਾਲਾ ਬਣ ਕੇ ਦੁਕਾਨਦਾਰਾਂ ਨੂੰ ਡਰਾਉਣ ਵਾਲੇ ਫ਼ਰਜ਼ੀ ਗਿਰੋਹ ਦਾ ਪਰਦਾਫਾਸ਼; ਕਰਾਈਮ ਬ੍ਰਾਂਚ ਨੇ 4 ਮੁਲਜ਼ਮ ਕੀਤੇ ਕਾਬੂ ਇਸ ਮਾਮਲੇ ਵਿੱਚ ਇਕ ਹੋਰ ਵਿਅਕਤੀ ਸਿਮਰਨਜੀਤ ਸਿੰਘ ਦੀ ਪਛਾਣ ਕੀਤੀ ਗਈ ਹੈ। ਇਨ੍ਹਾਂ ਵਿੱਚੋਂ ਸਿਮਰਨਜੀਤ ਸਿੰਘ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ ਅਤੇ ਗਿਰੋਹ ਵੱਲੋਂ ਹੁਣ ਤੱਕ ਕਿੰਨੇ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਗਿਆ, ਇਸ ਬਾਰੇ ਵੀ ਪੜਤਾਲ ਕੀਤੀ ਜਾ ਰਹੀ ਹੈ।
Publish Date: Fri, 13 Nov 2026 12:58 PM (IST)
Updated Date: Fri, 13 Nov 2026 01:01 PM (IST)
ਸੁਸ਼ੀਲ ਕੁਮਾਰ ਸ਼ਸ਼ੀ ,ਪੰਜਾਬੀ ਜਾਗਰਣ ਲੁਧਿਆਣਾ। ਲੁਧਿਆਣਾ ਵਿੱਚ ਪੁਲਿਸ ਦੀ ਵਰਦੀ ਦਾ ਰੌਬ ਦਿਖਾ ਕੇ ਲੋਕਾਂ ਤੋਂ ਜਬਰੀ ਪੈਸੇ ਵਸੂਲਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਹੋਇਆ ਹੈ। ਗਿਰੋਹ ਦੇ ਮੈਂਬਰ ਪੁਲਿਸ ਦੀਆਂ ਅਧੂਰੀਆਂ ਵਰਦੀਆਂ ਪਾ ਕੇ ਕਾਰ ਵਿੱਚ ਘੁੰਮਦੇ ਸਨ ਅਤੇ ਆਮ ਲੋਕਾਂ ਨੂੰ ਪੁਲਿਸ ਮੁਲਾਜ਼ਮ ਹੋਣ ਦਾ ਭੁਲੇਖਾ ਪਾ ਕੇ ਉਨ੍ਹਾਂ ਤੋਂ ਪੈਸੇ ਵਸੂਲਦੇ ਸਨ। ਇੰਨਾ ਹੀ ਨਹੀਂ, ਮੁਲਜ਼ਮ ਦੁਕਾਨਦਾਰਾਂ ਨੂੰ ਡਰਾਉਂਦੇ ਧਮਕਾਉਂਦੇ ਅਤੇ ਜਬਰੀ ਵਸੂਲੀ ਕਰਦੇ ਸਨ। ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਕਰਾਈਮ ਬ੍ਰਾਂਚ ਦੀ ਟੀਮ ਨੇ ਕਾਰਵਾਈ ਕਰਦਿਆਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਇਕ ਹੋਰ ਮੁਲਜ਼ਮ ਦੀ ਪਛਾਣ ਵੀ ਸਾਹਮਣੇ ਆਈ ਹੈ।
ਪੁਲਿਸ ਨੇ ਮੁਲਜ਼ਮਾਂ ਕੋਲੋਂ ਖਾਕੀ ਪੈਂਟ, ਖਾਕੀ ਰੰਗ ਦਾ ਲੰਬਾ ਕੋਟ, ਖਾਕੀ ਪੱਗ ਅਤੇ ਤਿੰਨ ਮੋਬਾਈਲ ਫੋਨ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਕਰਾਈਮ ਬਰਾਂਚ ਦੇ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ ਵਿੱਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਇੱਕ ਮੁਖ਼ਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਕੁਝ ਵਿਅਕਤੀਆਂ ਨੇ ਗਿਰੋਹ ਬਣਾਇਆ ਹੋਇਆ ਹੈ। ਇਹ ਵਿਅਕਤੀ ਬਰੀਜ਼ਾ ਕਾਰ ਵਿੱਚ ਸਵਾਰ ਹੋ ਕੇ ਘੁੰਮਦੇ ਹਨ ਅਤੇ ਪੁਲਿਸ ਦੀਆਂ ਅਧੂਰੀਆਂ ਵਰਦੀਆਂ ਪਾ ਕੇ ਲੋਕਾਂ ਕੋਲੋਂ ਪੈਸੇ ਵਸੂਲਦੇ ਹਨ। ਇਸ ਤੋਂ ਇਲਾਵਾ ਗਿਰੋਹ ਦੇ ਮੈਂਬਰ ਦੁਕਾਨਾਂ 'ਤੇ ਜਾ ਕੇ ਲੋਕਾਂ ਨੂੰ ਡਰਾ-ਧਮਕਾ ਕੇ ਜਬਰੀ ਵਸੂਲੀ ਵੀ ਕਰਦੇ ਹਨ।
ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਛਾਪੇਮਾਰੀ ਕਰਕੇ ਚਾਰ ਮੁਲਜ਼ਮਾਂ ਪ੍ਰਿੰਸ, ਗੁਰਵਿੰਦਰ ਸਿੰਘ , ਸੁਰਿੰਦਰਪਾਲ ਸਿੰਘ ਅਤੇ ਅਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਇਨ੍ਹਾਂ ਕੋਲੋਂ ਇੱਕ ਖਾਕੀ ਪੈਂਟ, ਖਾਕੀ ਰੰਗ ਦਾ ਲੰਬਾ ਕੋਟ, ਖਾਕੀ ਪੱਗ ਅਤੇ ਤਿੰਨ ਮੋਬਾਈਲ ਫੋਨ ਬਰਾਮਦ ਕੀਤੇ ਹਨ।
ਇਸ ਮਾਮਲੇ ਵਿੱਚ ਇਕ ਹੋਰ ਵਿਅਕਤੀ ਸਿਮਰਨਜੀਤ ਸਿੰਘ ਦੀ ਪਛਾਣ ਕੀਤੀ ਗਈ ਹੈ। ਇਨ੍ਹਾਂ ਵਿੱਚੋਂ ਸਿਮਰਨਜੀਤ ਸਿੰਘ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ ਅਤੇ ਗਿਰੋਹ ਵੱਲੋਂ ਹੁਣ ਤੱਕ ਕਿੰਨੇ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਗਿਆ, ਇਸ ਬਾਰੇ ਵੀ ਪੜਤਾਲ ਕੀਤੀ ਜਾ ਰਹੀ ਹੈ। ਇਸ ਕੇਸ ਵਿੱਚ ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 204, 205, 318(4), 308, 351 ਅਤੇ 61(2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪੰਜਵੇਂ ਮੁਲਜ਼ਮ ਦੀ ਤਲਾਸ਼ ਕੀਤੀ ਜਾ ਰਹੀ ਹੈ ਜਲਦੀ ਹੀ ਉਸਨੂੰ ਵੀ ਕਾਬੂ ਕਰ ਲਿਆ ਜਾਵੇਗਾ।