ਨਸ਼ੇ ਖ਼ਿਲਾਫ਼ ਕਾਰਵਾਈ ਨਾ ਹੋਣ ’ਤੇ ਟਾਵਰ ’ਤੇ ਚੜ੍ਹਿਆ ਕਿਸਾਨ ਆਗੂ, ਪੁਲਿਸ ’ਤੇ ਲਾਏ ਗੰਭੀਰ ਦੋਸ਼

ਪੁਲਿਸ ’ਤੇ ਲਾਏ ਗੰਭੀਰ ਦੋਸ਼, ਇਲਾਕੇ ’ਚ ਬਣਿਆ ਤਣਾਅ ਦਾ ਮਾਹੌਲ
---
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਗਿਆਨ ਸਿੰਘ ਮੰਡ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਨਾ ਹੋਣ ਦੇ ਰੋਸ ਵਜੋਂ ਮੋਬਾਇਲ ਟਾਵਰ ’ਤੇ ਚੜ੍ਹ ਗਏ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣ ਗਿਆ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਕੇ ’ਤੇ ਇਕੱਠੇ ਹੋ ਗਏ। ਟਾਵਰ ’ਤੇ ਚੜ੍ਹੇ ਗਿਆਨ ਸਿੰਘ ਮੰਡ ਨੇ ਦੋਸ਼ ਲਗਾਇਆ ਕਿ ਪਿੰਡ ਢੋਲਣਵਾਲ ਵਿੱਚ ਦੋ ਲੜਕੀਆਂ ਨਸ਼ਾ ਵੇਚਣ ਲਈ ਆਉਂਦੀਆਂ ਹਨ, ਜਿਸ ਸਬੰਧੀ ਉਨ੍ਹਾਂ ਵੱਲੋਂ ਕੂੰਮਕਲਾਂ ਥਾਣੇ ਨੂੰ ਸੂਚਿਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨਾਲ ਫੋਨ ’ਤੇ ਦੁਰਵਿਵਹਾਰ ਕੀਤਾ, ਜਿਸ ਕਾਰਨ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪਿਆ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ, ਸਰਪ੍ਰਸਤ ਅਵਤਾਰ ਸਿੰਘ ਮੇਹਲੋਂ, ਕਾਮਰੇਡ ਅਮਰਨਾਥ ਕੂੰਮਕਲਾਂ ਅਤੇ ਹੋਰ ਕਈ ਆਗੂ ਮੌਕੇ ’ਤੇ ਪਹੁੰਚ ਗਏ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਵੀ ਪੁਲਿਸ ਖ਼ਿਲਾਫ਼ ਨਾਰਾਜ਼ਗੀ ਜਤਾਈ ਅਤੇ ਕਿਹਾ ਕਿ ਚੌਂਤਾ ਅਤੇ ਆਲੇ-ਦੁਆਲੇ ਦੇ ਕਈ ਨੌਜਵਾਨ ਨਸ਼ੇ ਕਾਰਨ ਆਪਣੀ ਜਾਨ ਗਵਾ ਚੁੱਕੇ ਹਨ, ਪਰ ਹਾਲਾਤ ਅਜੇ ਵੀ ਨਹੀਂ ਬਦਲੇ। ਮੌਕੇ ’ਤੇ ਪਹੁੰਚੇ ਏਸੀਪੀ ਸਾਹਨੇਵਾਲ ਇੰਦਰਜੀਤ ਸਿੰਘ ਬੋਪਾਰਾਏ ਨੇ ਕਿਸਾਨ ਆਗੂਆਂ ਨਾਲ ਗੱਲਬਾਤ ਕਰਦਿਆਂ ਭਰੋਸਾ ਦਿਵਾਇਆ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕਈ ਘੰਟਿਆਂ ਦੀ ਸਮਝਾਇਸ਼ ਤੋਂ ਬਾਅਦ ਗਿਆਨ ਸਿੰਘ ਮੰਡ ਟਾਵਰ ਤੋਂ ਹੇਠਾਂ ਉਤਰੇ। ਇਸ ਦੌਰਾਨ ਉਨ੍ਹਾਂ ਨੇ ਦੋ ਮੁੱਖ ਮੰਗਾਂ ਰੱਖੀਆਂ ਜਿਸ ਵਿੱਚ ਪਹਿਲੀ ਪਿੰਡ ਢੋਲਣਵਾਲ ਅਤੇ ਚੌਂਤਾ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਦੂਜੀ ਦੁਰਵਿਵਹਾਰ ਕਰਨ ਵਾਲੇ ਪੁਲਿਸ ਅਧਿਕਾਰੀ ਖ਼ਿਲਾਫ਼ ਕਾਨੂੰਨੀ ਕਾਰਵਾਈ ਹੋਵੇ।
---
ਪਿੰਡ ਚੌਂਤਾ ਵਿੱਚ ਪਹਿਲਾਂ ਵੀ ਚੱਲ ਚੁੱਕਾ ਹੈ ਨਸ਼ਾ ਵਿਰੋਧੀ ਸੰਘਰਸ਼
ਪਿੰਡ ਚੌਂਤਾ ਵਿੱਚ ਨਸ਼ਿਆਂ ਖ਼ਿਲਾਫ਼ ਬਣਾਈ ਗਈ ਸੰਘਰਸ਼ ਕਮੇਟੀ ਵਿੱਚ ਕਿਸਾਨ ਆਗੂ ਗਿਆਨ ਸਿੰਘ ਮੰਡ, ਕਾਮਰੇਡ ਅਮਰਨਾਥ ਕੂੰਮਕਲਾਂ ਅਤੇ ਹੋਰ ਸਮਾਜਿਕ ਜਥੇਬੰਦੀਆਂ ਨੇ ਮਿਲ ਕੇ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਚਲਾਈ ਸੀ। ਕਮੇਟੀ ਵੱਲੋਂ ਪਿੰਡ ਵਿੱਚ ਪੁਲਿਸ ਪੋਸਟ ਬਣਾਉਣ ਅਤੇ ਨਸ਼ਾ ਵੇਚਣ ਵਾਲਿਆਂ ’ਤੇ ਸਖ਼ਤ ਕਾਰਵਾਈ ਦੀ ਮੰਗ ਵੀ ਕੀਤੀ ਗਈ ਸੀ। ਉਸ ਵੇਲੇ ਪੁਲਿਸ ਅਤੇ ਪ੍ਰਸ਼ਾਸਨ ਨੇ ਭਰੋਸਾ ਦਿੱਤਾ ਸੀ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਪਰ ਪਿੰਡ ਵਾਸੀਆਂ ਦਾ ਦਾਅਵਾ ਹੈ ਕਿ ਅੱਜ ਵੀ ਇਲਾਕੇ ਵਿੱਚ ਨਸ਼ੇ ਦਾ ਕਾਰੋਬਾਰ ਰੁਕਿਆ ਨਹੀਂ।
---
ਕਿਸੇ ਵੀ ਨਸ਼ਾ ਤਸਕਰ ਨੂੰ ਨਹੀਂ ਬਖ਼ਸ਼ਿਆ ਜਾਵੇਗਾ : ਏਸੀਪੀ ਬੋਪਾਰਾਏ
ਏਸੀਪੀ ਇੰਦਰਜੀਤ ਸਿੰਘ ਬੋਪਾਰਾਏ ਨੇ ਕਿਹਾ ਕਿ ਕਿਸਾਨ ਆਗੂ ਅਤੇ ਪੁਲਿਸ ਅਧਿਕਾਰੀ ਵਿਚਕਾਰ ਪੈਦਾ ਹੋਇਆ ਵਿਵਾਦ ਸੁਲਝਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਜਲਦ ਹੀ ਚੌਂਤਾ ਅਤੇ ਆਲੇ-ਦੁਆਲੇ ਦੇ ਪਿੰਡਾਂ ਵਿੱਚ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ’ਤੇ ਖ਼ਾਸ ਨਿਗਰਾਨੀ ਕਰੇਗੀ ਅਤੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਦੇ ਖਿਲਾਫ ਮੁਹਿੰਮ ਲਗਾਤਾਰ ਜਾਰੀ ਹੈ ਅਤੇ ਇਹ ਮੁਹਿੰਮ ਪਹਿਲੋਂ ਤੋਂ ਹੀ ਚਲਾਈ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਪਿਛਲੇ ਕੁਝ ਮਹੀਨਿਆਂ ਵਿੱਚ ਵੱਡੀ ਗਿਣਤੀ ਵਿੱਚ ਨਸ਼ਾ ਤਸਕਰਾਂ ਨੂੰ ਗ੍ਰਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਚੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ।