ਪੰਜਾਬ ਦੇ ਇਸ ਟੋਲ ਪਲਾਜ਼ਾ 'ਤੇ ਅੱਜ ਕਿਸਾਨਾਂ ਦਾ ਵੱਡਾ ਐਕਸ਼ਨ: 4 ਘੰਟੇ ਮੁਫ਼ਤ ਲੰਘਣਗੇ ਵਾਹਨ; ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਖੋਲ੍ਹਿਆ ਮੋਰਚਾ ਭਾਰਤੀ ਕਿਸਾਨ ਯੂਨੀਅਨ ਨੇ ਮੰਗਲਵਾਰ ਨੂੰ ਲਾਡੋਵਾਲ ਟੋਲ ਪਲਾਜ਼ਾ ਨੂੰ ਚਾਰ ਘੰਟਿਆਂ ਲਈ ਟੋਲ ਮੁਫ਼ਤ (ਫ੍ਰੀ) ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਅਨੁਸਾਰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਟੋਲ ਪਲਾਜ਼ਾ ਤੋਂ ਲੰਘਣ ਵਾਲੇ ਸਾਰੇ ਵਾਹਨਾਂ ਨੂੰ ਬਿਨਾਂ ਕਿਸੇ ਟੋਲ ਫੀਸ ਦੇ ਲੰਘਾਇਆ ਜਾਵੇਗਾ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਹੋਰ ਟੋਲ ਪਲਾਜ਼ਿਆਂ ਨੂੰ ਵੀ ਫ੍ਰੀ ਕਰਵਾਇਆ ਜਾਵੇਗਾ।
Publish Date: Tue, 14 Jul 2026 11:32 AM (IST)
Updated Date: Tue, 14 Jul 2026 11:35 AM (IST)
ਲੁਧਿਆਣਾ : ਭਾਰਤੀ ਕਿਸਾਨ ਯੂਨੀਅਨ ਨੇ ਮੰਗਲਵਾਰ ਨੂੰ ਲਾਡੋਵਾਲ ਟੋਲ ਪਲਾਜ਼ਾ ਨੂੰ ਚਾਰ ਘੰਟਿਆਂ ਲਈ ਟੋਲ ਮੁਫ਼ਤ (ਫ੍ਰੀ) ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਅਨੁਸਾਰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਟੋਲ ਪਲਾਜ਼ਾ ਤੋਂ ਲੰਘਣ ਵਾਲੇ ਸਾਰੇ ਵਾਹਨਾਂ ਨੂੰ ਬਿਨਾਂ ਕਿਸੇ ਟੋਲ ਫੀਸ ਦੇ ਲੰਘਾਇਆ ਜਾਵੇਗਾ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਹੋਰ ਟੋਲ ਪਲਾਜ਼ਿਆਂ ਨੂੰ ਵੀ ਫ੍ਰੀ ਕਰਵਾਇਆ ਜਾਵੇਗਾ।
ਇਹ ਪ੍ਰਦਰਸ਼ਨ ਪੰਜਾਬ ਸਰਕਾਰ ਦੀ ਪ੍ਰਸਤਾਵਿਤ ਲੈਂਡ ਪੂਲਿੰਗ ਨੀਤੀ ਅਤੇ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ (FTA) ਦੇ ਵਿਰੋਧ 'ਚ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਮੁੜ ਅਜਿਹੀ ਲੈਂਡ ਪੂਲਿੰਗ ਨੀਤੀ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨਾਲ ਸੂਬੇ ਦੀ ਉਪਜਾਊ ਖੇਤੀਯੋਗ ਜ਼ਮੀਨ ਕਾਰਪੋਰੇਟ ਘਰਾਣਿਆਂ ਦੇ ਹੱਥਾਂ 'ਚ ਜਾਣ ਦਾ ਖ਼ਤਰਾ ਹੈ। ਉਨ੍ਹਾਂ ਨੇ ਸਰਕਾਰ ਤੋਂ ਇਸ ਨੀਤੀ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ। ਕਿਸਾਨਾਂ ਦਾ ਦੋਸ਼ ਹੈ ਕਿ ਇਹ ਨੀਤੀ ਖੇਤੀ ਅਤੇ ਕਿਸਾਨਾਂ ਦੇ ਹਿੱਤਾਂ ਦੇ ਖ਼ਿਲਾਫ਼ ਹੈ।
ਯੂਨੀਅਨ ਨੇ ਕੇਂਦਰ ਸਰਕਾਰ ਤੋਂ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਤੋਂ ਬਾਹਰ ਆਉਣ ਦੀ ਵੀ ਮੰਗ ਕੀਤੀ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੇ ਸਮਝੌਤੇ ਦੇਸ਼ ਦੇ ਕਿਸਾਨਾਂ, ਖੇਤੀਬਾੜੀ ਖੇਤਰ ਅਤੇ ਖ਼ੁਰਾਕ ਸੁਰੱਖਿਆ ਲਈ ਨੁਕਸਾਨਦੇਹ ਸਾਬਤ ਹੋ ਸਕਦੇ ਹਨ। ਕਿਸਾਨ ਜਥੇਬੰਦੀ ਨੇ ਲੋਕਾਂ ਨੂੰ ਇਸ ਅੰਦੋਲਨ ਨੂੰ ਸ਼ਾਂਤਮਈ ਢੰਗ ਨਾਲ ਸਫ਼ਲ ਬਣਾਉਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਵਾਹਨ ਚਾਲਕਾਂ ਨੂੰ ਵੀ ਸੂਚਿਤ ਕੀਤਾ ਗਿਆ ਹੈ ਕਿ ਨਿਰਧਾਰਤ ਸਮੇਂ ਦੌਰਾਨ ਲਾਡੋਵਾਲ ਟੋਲ ਪਲਾਜ਼ਾ 'ਤੇ ਕੋਈ ਟੋਲ ਫੀਸ ਨਹੀਂ ਲਈ ਜਾਵੇਗੀ।