- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝੋਨੇ ਦੀ ਖ਼ਰੀਦ ਬੰਦ ਹੋਣ ਨਾਲ ਕਿਸਾਨ ਮੰਡੀਆਂ ’ਚ ਰੁਲਣ ਲੱਗੇ, ਯੂਨੀਅਨ ਵੱਲੋਂ ਚੇਤਾਵਨੀ

ਕੁਲਵਿੰਦਰ ਸਿੰਘ ਰਾਏ, ਪੰਜਾਬੀ ਜਾਗਰਣ
ਖੰਨਾ : ਪੰਜਾਬ ਦੀਆਂ ਮੰਡੀਆਂ ’ਚ ਝੋਨੇ ਦੀ ਖ਼ਰੀਦ ਬੰਦ ਹੋਣ ਨਾਲ ਕਿਸਾਨ ਮੰਡੀਆਂ ’ਚ ਰੁਲਣ ਲੱਗੇ ਹਨ, ਜਿਸ ਕਰ ਕੇ ਕਿਸਾਨਾਂ ’ਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਵੱਲੋਂ ਖ਼ਰੀਦ ਬੰਦ ਹੋਣ ’ਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਜਲਦੀ ਖ਼ਰੀਦ ਸ਼ੁਰੂ ਨਾ ਕੀਤੀ ਤਾਂ ਸੂਬਾ ਪੱਧਰੀ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਇਸ ਮਸਲੇ ਸਬੰਧੀ ਮੰਗਲਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਬੈਠਕ ਸੂਬਾ ਮੀਤ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਦੀ ਅਗਵਾਈ ’ਚ ਮਾਰਕੀਟ ਕਮੇਟੀ ਦਫ਼ਤਰ ਖੰਨਾ ਵਿਖੇ ਹੋਈ। ਜਿਸ ’ਚ ਆਡ਼੍ਹਤੀਆਂ ਨੂੰ ਵੀ ਬੁਲਾਇਆ ਗਿਆ ਤੇ ਆੜ੍ਹਤੀ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਪੁੱਜੇ। ਬੈਠਕ ’ਚ ਖ਼ਰੀਦ ਬੰਦ ਹੋਣ ਦੇ ਨਾਲ ਹੋਰ ਵੱਖ ਵੱਖ ਮੰਗਾਂ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਤਕਰੀਬਨ 10 ਦਿਨਾਂ ਤੋਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਬਿਲਕੁੱਲ ਬੰਦ ਹੈ ਅਤੇ ਸਰਕਾਰਾਂ ਦੀ ਗਲਤੀ ਕਾਰਨ ਅੱਜ ਕਿਸਾਨ ਲੱਖਾਂ ਬੋਰੀਆਂ ਸਮੇਤ ਮੰਡੀ ਵਿਚ ਰੁਲਣ ਲਈ ਮਜਬੂਰ ਹੋ ਰਹੇ ਹਨ। ਇਸ ਦਾ ਫਾਇਦਾ ਘੱਟ ਭਾਅ ਲਗਾ ਕੇ ਸ਼ੈਲਰ ਮਾਲਕ ਉਠਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਕਿਸਾਨਾਂ ਦੀ ਸਰਕਾਰ ਦੀਆਂ ਅੱਖਾਂ ਸਾਹਮਣੇ ਲੁੱਟ ਖਸੁੱਟ ਹੋ ਰਹੀ ਹੈ, ਜਿਸ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਤੋਂ ਜਲਦੀ ਮੁਡ਼ ਝੋਨੇ ਦੀ ਖ਼ਰੀਦ ਸ਼ੁਰੂ ਨਾ ਹੋਈ ਤਾਂ ਵੱਡੇ ਪੱਧਰ ’ਤੇ ਸੰਘਰਸ਼ ਆਰੰਭਿਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਸਿਰ ਹੋਵੇਗੀ। ਹਰਬੰਸ ਸਿੰਘ ਰੋਸ਼ਾ ਨੇ ਕਿਹਾ ਕਿ ਉਹ ਕਿਸਾਨਾਂ ਦੀਆਂ ਮੰਗਾਂ ਨਾਲ ਸਹਿਮਤ ਹਨ ਕਿਉਂਕਿ ਕਿਸਾਨ ਤੇ ਆੜ੍ਹਤੀਆਂ ਦਾ ਨੂੰਹ ਮਾਸ ਦਾ ਰਿਸਤਾ ਹੈ। ਉਹ ਇਸ ਸਬੰਧੀ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਨਾਲ ਗੱਲ ਕਰਦੇ ਖ਼ਰੀਦ ਸ਼ੁਰੂ ਕਰਵਾਉਣ ਲਈ ਸਰਕਾਰ ਦੇ ਧਿਆਨ ’ਚ ਮਸਲਾ ਲਿਆਉਣਗੇ। ਇਸ ਮੌਕੇ ਜਸਮੀਤ ਸਿੰਘ, ਲਖਵੀਰ ਸਿੰਘ, ਜਤਿੰਦਰ ਸਿੰਘ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ, ਬਲਜੀਤ ਸਿੰਘ, ਸਤਵਿੰਦਰ ਸਿੰਘ, ਅਮਨਿੰਦਰ ਸਿੰਘ ਆਦਿ ਹਾਜ਼ਰ ਸਨ।