ਨਾਲੋ-ਨਾਲ ਖ਼ਰੀਦ ਲਈ ਮੰਡੀਆਂ ’ਚ ਸੁੱਕਾ ਝੋਨਾ ਲੈ ਕੇ ਆਉਣ ਕਿਸਾਨ
ਨਾਲੋ-ਨਾਲ ਖਰੀਦ ਲਈ ਮੰਡੀਆਂ 'ਚ ਸੁੱਕਾ ਝੋਨਾ ਹੀ ਲੈ ਕੇ ਆਉਣ ਕਿਸਾਨ
Publish Date: Mon, 15 Sep 2025 07:26 PM (IST)
Updated Date: Mon, 15 Sep 2025 07:26 PM (IST)

ਮੰਡੀਆਂ ’ਚ ਝੋਨੇ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਖੰਨਾ : ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਨਮੀਂ ਦੀ ਮਾਤਰਾ 17 ਫ਼ੀਸਦੀ ਨਿਰਧਾਰਤ ਕੀਤੀ ਗਈ ਹੈ ਇਸ ਲਈ ਝੋਨੇ ਦੀ ਨਾਲੋ-ਨਾਲ ਖਰੀਦ ਲਈ ਕਿਸਾਨ ਮੰਡੀਆਂ ’ਚ ਸੁੱਕਾ ਝੋਨੇ ਹੀ ਲੈ ਕੇ ਆਉਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ ਤੇ ਉਪ ਮੰਡਲ ਮੈਜਿਸਟਰੇਟ ਖੰਨਾ ਡਾ. ਬਲਜਿੰਦਰ ਸਿੰਘ ਢਿੱਲੋਂ ਨੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਦੇ ਮਾਰਕੀਟ ਕਮੇਟੀ ਦਫ਼ਤਰ ’ਚ ਝੋਨੇ ਦੀ ਖਰੀਦ ਨੂੰ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਸਬੰਧਤ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਆੜ੍ਹਤੀਆ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਵੀ ਮੌਜੂਦ ਸਨ। ਇਸ ਦੌਰਾਨ ਚੇਅਰਮੈਨ ਜਗਤਾਰ ਸਿੰਘ ਗਿੱਲ ਰਤਨਹੇੜੀ ਤੇ ਐੱਸਡੀਐੱਮ ਡਾ. ਬਲਜਿੰਦਰ ਸਿੰਘ ਢਿੱਲੋਂ ਨੇ ਆੜ੍ਹਤੀਆ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਨੂੰ ਕਿਹਾ ਕਿ ਆੜ੍ਹਤੀਆਂ ਰਾਹੀਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਉਹ ਅਨਾਜ ਮੰਡੀਆਂ ’ਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਫਸਲ ਮੰਡੀਆਂ ’ਚ ਵੇਚਣ ਦੌਰਾਨ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖਰੀਦ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਸਾਰੀਆਂ ਮੰਡੀਆਂ ’ਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਖਰੀਦ ਪ੍ਰਕਿਰਿਆ ਦੌਰਾਨ ਪੰਜਾਬ ਸਰਕਾਰ ਦੇ ਨਿਯਮਾਂ ਤੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਕਿਸਾਨਾਂ ਵੱਲੋਂ ਸਖ਼ਤ ਮਿਹਨਤ ਨਾਲ ਤਿਆਰ ਕੀਤੀ ਫਸਲ ਦਾ ਇੱਕ-ਇੱਕ ਦਾਣਾ ਮੰਡੀਆਂ ’ਚੋਂ ਚੁੱਕਿਆ ਜਾਵੇਗਾ।