ਲੁਧਿਆਣਾ ’ਚ ਕਿਸਾਨਾਂ ਦਾ ਵੱਡਾ ਪ੍ਰਦਰਸ਼ਨ, ਮਿਨੀ ਸਕੱਤਰੇਤ ਬਾਹਰ ਲਾਇਆ ਗਿਆ ਪੱਕਾ ਮੋਰਚਾ; ਮੰਗਾਂ ਪੂਰੀਆਂ ਹੋਣ ਤੱਕ ਨਹੀਂ ਹਟਣਗੇ
ਕਿਸਾਨ ਆਪਣੇ ਨਾਲ ਟਰੈਕਟਰ-ਟਰਾਲੀਆਂ ’ਚ ਰਾਸ਼ਨ, ਪਾਣੀ ਅਤੇ ਧਰਨੇ ਲਈ ਜ਼ਰੂਰੀ ਸਾਮਾਨ ਲੈ ਕੇ ਆਏ ਹਨ। ਟਰੈਕਟਰ-ਟਰਾਲੀਆਂ ਸੜਕ ਕਿਨਾਰੇ ਖੜ੍ਹੀਆਂ ਕੀਤੀਆਂ ਗਈਆਂ ਹਨ ਅਤੇ ਕਿਸਾਨਾਂ ਮੁਤਾਬਕ ਇਸ ਨਾਲ ਆਵਾਜਾਈ ਪ੍ਰਭਾਵਿਤ ਨਹੀਂ ਹੋ ਰਹੀ। ਧਰਨੇ ’ਚ ਸ਼ਾਮਲ ਕਿਸਾਨਾਂ ਲਈ ਖਾਣੇ, ਪਾਣੀ ਅਤੇ ਚਾਹ-ਪਾਣੀ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਰਾਤ ਨੂੰ ਮੀਂਹ ਦੀ ਸੰਭਾਵਨਾ ਨੂੰ ਦੇਖਦਿਆਂ ਤਰਪਾਲ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ।
Publish Date: Sun, 30 Aug 2026 03:13 PM (IST)
Updated Date: Sun, 30 Aug 2026 03:18 PM (IST)
ਜਾਗਰਣ ਸੰਵਾਦਦਾਤਾ, ਲੁਧਿਆਣਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਐਤਵਾਰ ਨੂੰ ਲੁਧਿਆਣਾ ਦੇ ਮਿਨੀ ਸਕੱਤਰੇਤ ਸਥਿਤ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਧਰਨਾ ਦਿਨ-ਰਾਤ ਲਗਾਤਾਰ ਜਾਰੀ ਰਹੇਗਾ। ਦੁਪਹਿਰ ਕਰੀਬ 12 ਵਜੇ ਕਿਸਾਨ ਟਰੈਕਟਰ-ਟਰਾਲੀਆਂ ਨਾਲ ਮੌਕੇ 'ਤੇ ਪਹੁੰਚੇ ਅਤੇ ਧਰਨਾ ਸ਼ੁਰੂ ਕੀਤਾ।
ਕਿਸਾਨ ਆਪਣੇ ਨਾਲ ਟਰੈਕਟਰ-ਟਰਾਲੀਆਂ ’ਚ ਰਾਸ਼ਨ, ਪਾਣੀ ਅਤੇ ਧਰਨੇ ਲਈ ਜ਼ਰੂਰੀ ਸਾਮਾਨ ਲੈ ਕੇ ਆਏ ਹਨ। ਟਰੈਕਟਰ-ਟਰਾਲੀਆਂ ਸੜਕ ਕਿਨਾਰੇ ਖੜ੍ਹੀਆਂ ਕੀਤੀਆਂ ਗਈਆਂ ਹਨ ਅਤੇ ਕਿਸਾਨਾਂ ਮੁਤਾਬਕ ਇਸ ਨਾਲ ਆਵਾਜਾਈ ਪ੍ਰਭਾਵਿਤ ਨਹੀਂ ਹੋ ਰਹੀ। ਧਰਨੇ ’ਚ ਸ਼ਾਮਲ ਕਿਸਾਨਾਂ ਲਈ ਖਾਣੇ, ਪਾਣੀ ਅਤੇ ਚਾਹ-ਪਾਣੀ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਰਾਤ ਨੂੰ ਮੀਂਹ ਦੀ ਸੰਭਾਵਨਾ ਨੂੰ ਦੇਖਦਿਆਂ ਤਰਪਾਲ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ।
ਕਿਸਾਨ ਆਗੂ ਸੁਦਾਗਰ ਸਿੰਘ ਘੁੜਾਣੀ ਨੇ ਕਿਹਾ ਕਿ ਇਹ ਧਰਨਾ 24 ਘੰਟੇ ਜਾਰੀ ਰਹੇਗਾ। ਕਿਸਾਨ ਦਿਨ-ਰਾਤ ਮੌਕੇ 'ਤੇ ਮੌਜੂਦ ਰਹਿਣਗੇ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਤੱਕ ਆਪਣੀਆਂ ਮੰਗਾਂ ਦੀ ਆਵਾਜ਼ ਪਹੁੰਚਾਉਣ ਲਈ ਪੱਕਾ ਮੋਰਚਾ ਲਾਇਆ ਗਿਆ ਹੈ।
ਅਮਰੀਕਾ ਨਾਲ ਵਪਾਰ ਸਮਝੌਤਾ ਰੱਦ ਕਰਨ ਦੀ ਮੰਗ
ਕਿਸਾਨਾਂ ਦੀਆਂ ਪ੍ਰਮੁੱਖ ਮੰਗਾਂ ’ਚ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਨੂੰ ਰੱਦ ਕਰਨਾ ਸ਼ਾਮਲ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਸ ਨਾਲ ਪੰਜਾਬ ਦੀ ਖੇਤੀ, ਫ਼ਸਲਾਂ, ਡੇਅਰੀ ਕਾਰੋਬਾਰ ਅਤੇ ਇਸ ਨਾਲ ਜੁੜੇ ਉਦਯੋਗਾਂ 'ਤੇ ਮਾੜਾ ਅਸਰ ਪੈ ਸਕਦਾ ਹੈ। ਵਿਦੇਸ਼ੀ ਖੇਤੀ ਉਤਪਾਦਾਂ ਦੀ ਆਮਦ ਵਧਣ ਨਾਲ ਕਿਸਾਨਾਂ ਨੂੰ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਗਿਆ ਹੈ।
ਕਿਸਾਨਾਂ ਨੇ ਜ਼ਮੀਨ ਪੂਲਿੰਗ ਨੀਤੀ ਨੂੰ ਰੱਦ ਕਰਨ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨੀਤੀ ਤਹਿਤ ਕਿਸਾਨਾਂ ਦੀ ਜ਼ਮੀਨ ਲੈਣ ਦੀ ਪ੍ਰਕਿਰਿਆ ਬੰਦ ਹੋਣੀ ਚਾਹੀਦੀ ਹੈ।
ਕੜਜ਼ਾ ਮੁਆਫ਼ੀ ਦੀ ਵੀ ਰੱਖੀ ਮੰਗ
ਇਸ ਤੋਂ ਇਲਾਵਾ ਕਿਸਾਨਾਂ ਅਤੇ ਮਜ਼ਦੂਰਾਂ ਦਾ ਪੂਰਾ ਕਰਜ਼ਾ ਮੁਆਫ਼ ਕਰਨ ਦੀ ਮੰਗ ਉਠਾਈ ਗਈ ਹੈ। ਕਿਸਾਨ ਆਗੂਆਂ ਅਨੁਸਾਰ ਕਿਸਾਨਾਂ ਅਤੇ ਮਜ਼ਦੂਰਾਂ 'ਤੇ ਕਰੀਬ ਦੋ ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਉਨ੍ਹਾਂ ਵੱਡੇ ਉਦਯੋਗਿਕ ਘਰਾਣਿਆਂ ਦੇ ਕਰਜ਼ੇ ਮੁਆਫ਼ ਕੀਤੇ ਜਾਣ ਦਾ ਹਵਾਲਾ ਦਿੰਦਿਆਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੀ ਮੰਗ ਕੀਤੀ।
ਕਿਸਾਨਾਂ ਨੇ ਹੜ੍ਹਾਂ ਕਾਰਨ ਫ਼ਸਲਾਂ ਨੂੰ ਹੋਏ ਨੁਕਸਾਨ ਦਾ ਬਣਦਾ ਮੁਆਵਜ਼ਾ ਦੇਣ, ਅੰਦੋਲਨ ਦੌਰਾਨ ਦਰਜ ਕੇਸ ਵਾਪਸ ਲੈਣ ਅਤੇ ਦਿੱਲੀ ਅੰਦੋਲਨ ਨਾਲ ਜੁੜੇ ਸਾਰੇ ਕੇਸ ਖ਼ਤਮ ਕਰਨ ਦੀ ਮੰਗ ਵੀ ਰੱਖੀ। ਪਰਾਲੀ ਨਾਲ ਸਬੰਧਤ ਕਿਸਾਨਾਂ 'ਤੇ ਦਰਜ ਕੇਸਾਂ ਨੂੰ ਵਾਪਸ ਲੈਣ ਦੀ ਮੰਗ ਵੀ ਕੀਤੀ ਗਈ।