ਬੇਖੌਫ਼ ਬਦਮਾਸ਼: ਜਲੰਧਰ 'ਚ ਸਕੂਟਰ ਸਵਾਰ ਰਾਹਗੀਰ ਨੂੰ ਘੇਰ ਕੇ ਨਕਦੀ ਤੇ ਸੋਨੇ ਦੀ ਚੇਨ ਲੁੱਟੀ, ਇਲਾਕੇ 'ਚ ਦਹਿਸ਼ਤ
ਸ਼ਹਿਰ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਮਾਮਲੇ ਵਿੱਚ ਦੋ ਮੋਟਰਸਾਈਕਲ ਸਵਾਰ ਨਕਾਬਪੋਸ਼ ਲੁਟੇਰਿਆਂ ਨੇ ਇੱਕ 56 ਸਾਲਾ ਵਿਅਕਤੀ ਨੂੰ ਨਿਸ਼ਾਨਾ ਬਣਾਉਂਦਿਆਂ ਉਸ ਤੋਂ ਸੋਨੇ ਦੀ ਚੇਨ, ਲਾਕੇਟ ਅਤੇ ਹਜ਼ਾਰਾਂ ਰੁਪਏ ਦੀ ਨਕਦੀ ਖੋਹ ਲਈ।
Publish Date: Sat, 20 Jun 2026 11:55 AM (IST)
Updated Date: Sat, 20 Jun 2026 11:56 AM (IST)

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ - ਸ਼ਹਿਰ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਮਾਮਲੇ ਵਿੱਚ ਦੋ ਮੋਟਰਸਾਈਕਲ ਸਵਾਰ ਨਕਾਬਪੋਸ਼ ਲੁਟੇਰਿਆਂ ਨੇ ਇੱਕ 56 ਸਾਲਾ ਵਿਅਕਤੀ ਨੂੰ ਨਿਸ਼ਾਨਾ ਬਣਾਉਂਦਿਆਂ ਉਸ ਤੋਂ ਸੋਨੇ ਦੀ ਚੇਨ, ਲਾਕੇਟ ਅਤੇ ਹਜ਼ਾਰਾਂ ਰੁਪਏ ਦੀ ਨਕਦੀ ਖੋਹ ਲਈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਸਲੇਮ ਟਾਬਰੀ ਦੇ ਵਾਸੀ ਰੋਸ਼ਨ ਲਾਲ ਨੇ ਦੱਸਿਆ ਕਿ ਉਹ ਮਾਡਲ ਟਾਊਨ ਇਲਾਕੇ ਵਿੱਚ ਦਵਾਈ ਲੈਣ ਗਿਆ ਹੋਇਆ ਸੀ। ਦਵਾਈ ਲੈਣ ਤੋਂ ਬਾਅਦ ਉਹ ਆਪਣੀ ਸਕੂਟਰੀ 'ਤੇ ਘਰ ਵਾਪਸ ਆ ਰਿਹਾ ਸੀ। ਜਦੋਂ ਉਹ ਫਿਰੋਜ਼ਪੁਰ ਰੋਡ ਸਥਿਤ ਐਲੀਵੇਟਿਡ ਪੁਲ ਉੱਪਰ ਗੁਰਦੁਆਰਾ ਨਾਨਕਸਰ ਸਾਹਿਬ ਨੇੜੇ ਪਹੁੰਚਿਆ ਤਾਂ ਦੋ ਅਣਪਛਾਤੇ ਵਿਅਕਤੀਆਂ ਨੇ ਮੂੰਹ ਢੱਕ ਕੇ ਆਪਣੇ ਮੋਟਰਸਾਈਕਲ ਨਾਲ ਉਸਦੀ ਸਕੂਟਰੀ ਅੱਗੇ ਲਗਾ ਕੇ ਉਸ ਨੂੰ ਰੋਕ ਲਿਆ।
ਸ਼ਿਕਾਇਤ ਕਰਤਾ ਅਨੁਸਾਰ ਦੋਵਾਂ ਲੁਟੇਰਿਆਂ ਨੇ ਉਸ ਨੂੰ ਧਮਕਾਉਂਦੇ ਹੋਏ ਗਲੇ ਵਿੱਚ ਪਾਈ ਸੋਨੇ ਦੀ ਚੇਨ ਅਤੇ ਲਾਕੇਟ ਖੋਹ ਲਿਆ। ਬਦਮਾਸ਼ਾਂ ਨੇ ਉਸ ਕੋਲੋਂ 7 ਹਜ਼ਾਰ ਰੁਪਏ ਦੀ ਨਕਦੀ ਵੀ ਲੈ ਲਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਮੁਲਜ਼ਮ ਮੋਟਰਸਾਈਕਲ 'ਤੇ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋ ਗਏ।
ਥਾਣਾ ਡਿਵੀਜ਼ਨ ਨੰਬਰ-5 ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 304(2) ਬੀਐਨਐਸ ਤਹਿਤ ਕੇਸ ਦਰਜ ਕਰਕੇ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।