ਸੂਬਾਈ ਰੈਲੀ ’ਚ ਸ਼ਮੂਲੀਅਤ ਸਬੰਧੀ ਕੀਤੀ ਵਰਚੁਅਲ ਇਕੱਤਰਤਾ
ਸੂਬਾਈ ਰੈਲੀ ਵਿੱਚ ਸ਼ਮੂਲੀਅਤ ਸਬੰਧੀ ਫੈਡਰੇਸ਼ਨ ਵੱਲੋਂ ਵਰਚੁਅਲ ਮੀਟਿੰਗ
Publish Date: Fri, 06 Mar 2026 06:19 PM (IST)
Updated Date: Fri, 06 Mar 2026 06:21 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੁਧਿਆਣਾ : ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜੱਥੇਬਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੀ ਅਹਿਮ ਵਰਚੁਅਲ ਮੀਟਿੰਗ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸੂਬਾ ਕਮੇਟੀ ਮੈਂਬਰਾਂ ਵੱਲੋਂ ਹਿੱਸਾ ਲਿਆ ਗਿਆ। ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਮੀਟਿੰਗ ਦੇ ਏਜੰਡੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਵਿੱਚ ਬੱਜਟ ਸੈਸ਼ਨ ਦੌਰਾਨ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਕੀਤੇ ਜਾ ਰਹੇ ਲਗਾਤਾਰ ਸੂਬਾਈ ਸੰਘਰਸ਼ ਦੇ ਪਹਿਲੇ ਦਿਨ 8 ਮਾਰਚ ਨੂੰ ਕੀਤੀ ਜਾਣ ਵਾਲੀ ਰੈਲੀ ਦੀ ਤਿਆਰੀ ਸਬੰਧੀ ਚਰਚਾ ਕੀਤੀ ਗਈ। ਜਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਇੰਦਰਜੀਤ ਵਿਰਦੀ ਨੇ ਦੱਸਿਆ ਕਿ ਮੀਟਿੰਗ ਵਿੱਚ ਇਸ ਗੱਲ ਦੀ ਵੀ ਜ਼ੋਰਦਾਰ ਨਿਖੇਧੀ ਕੀਤੀ ਗਈ ਕਿ ਦੇ ਸਪੈਸ਼ਲ ਕੇਡਰ ਅਧਿਆਪਕ ਯੂਨੀਅਨ ਦੇ ਸੰਘਰਸ਼ ਦੌਰਾਨ ਕੀਤੇ ਗਏ ਲਾਠੀਚਾਰਜ ਅਤੇ ਮਾਰੀਆਂ ਗਈਆਂ ਪਾਣੀ ਦੀਆਂ ਬੁਛਾੜਾਂ ਨਾਲ ਮੁੱਖ ਬੁਲਾਰੇ ਮੁਲਾਜ਼ਮ ਲਹਿਰ ਦੇ ਸੰਪਾਦਕ ਹਜ਼ਾਰਾ ਸਿੰਘ ਚੀਮਾ ਦੀ ਬਾਂਹ ਦੀ ਹੱਡੀ ਟੁੱਟ ਗਈ ਹੈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪੰਜਾਬ ਅੰਦਰ ਕੀਤੇ ਜਾ ਰਹੇ ਜਬਰ ਦਾ ਮੂੰਹ ਤੋੜਵਾਂ ਜਵਾਬ ਦੇਣ ਲਈ 8 ਮਾਰਚ ਨੂੰ ਮੁਲਾਜ਼ਮ ਅਤੇ ਪੈਨਸ਼ਨਰਾਂ ਵੱਲੋਂ ਮੁਹਾਲੀ ਵਿਖੇ ਕੀਤੀ ਜਾ ਰਹੀ ਸੂਬਾਈ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।