- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਜਵਾ ਨਗਰ ਦੇ ਸ਼ਮਸ਼ਾਨਘਾਟ ਬਾਹਰ ਕੂੜੇ ਦੇ ਵੱਡੇ ਢੇਰ ਨੂੰ ਲੱਗ ਰਹੀ ਅੱਗ, ਸਵੱਛ ਭਾਰਤ ਮੁਹਿੰਮ 'ਤੇ ਉੱਠੇ ਸਵਾਲ

3 ਦੀ ਬੌਟਮ)
-ਕੰਪੈਕਟਰ ਦੇ ਬਾਵਜੂਦ ਕੂੜੇ ਦੀ ਸਮੱਸਿਆ ਬਰਕਰਾਰ, ਕਾਲਜ, ਮੰਦਰ ਤੇ ਸ਼ਮਸ਼ਾਨਘਾਟ ਨੇੜਲੇ ਲੋਕ ਪਰੇਸ਼ਾਨ
ਸੁਰੇਸ਼ ਕੁਮਾਰ, ਪੰਜਾਬੀ ਜਾਗਰਣ, ਲੁਧਿਆਣਾ
ਮਹਾਂਨਗਰ ਵਿੱਚ ਸਫ਼ਾਈ ਵਿਵਸਥਾ ਦੀ ਹਕੀਕਤ ਕਈ ਥਾਵਾਂ 'ਤੇ ਸਵੱਛ ਭਾਰਤ ਮੁਹਿੰਮ ਦੇ ਦਾਅਵਿਆਂ 'ਤੇ ਸਵਾਲ ਖੜ੍ਹੇ ਕਰਦੀ ਨਜ਼ਰ ਆ ਰਹੀ ਹੈ। ਬਾਜਵਾ ਨਗਰ ਸਥਿਤ ਸ਼ਮਸ਼ਾਨਘਾਟ ਦੇ ਬਾਹਰ ਕੂੜੇ ਦੇ ਲੱਗੇ ਵੱਡੇ-ਵੱਡੇ ਢੇਰ ਨਗਰ ਨਿਗਮ ਦੀ ਸਫ਼ਾਈ ਵਿਵਸਥਾ ਦੀ ਪੋਲ ਖੋਲ੍ਹ ਰਹੇ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਇੱਥੇ ਕੂੜੇ ਦੇ ਨਿਪਟਾਰੇ ਲਈ ਕੰਪੈਕਟਰ ਵੀ ਲਗਾਇਆ ਹੋਇਆ ਹੈ, ਪਰ ਇਸ ਦੇ ਬਾਵਜੂਦ ਕੂੜੇ ਦੇ ਢੇਰ ਲੱਗੇ ਹੋਏ ਹਨ।
ਇਲਾਕੇ ਵਿੱਚ ਕੂੜੇ ਦੇ ਢੇਰਾਂ ਨੂੰ ਅੱਗ ਲਾਉਣ ਦਾ ਮਾਮਲਾ ਵੀ ਗੰਭੀਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਕੂੜੇ ਨੂੰ ਅੱਗ ਲਾਉਣ ਕਾਰਨ ਉੱਠਣ ਵਾਲੇ ਧੂੰਏਂ ਨਾਲ ਵਾਤਾਵਰਨ ਪ੍ਰਦੂਸ਼ਿਤ ਹੋ ਰਿਹਾ ਹੈ ਅਤੇ ਆਸ-ਪਾਸ ਦੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੂੜੇ ਨੂੰ ਖੁੱਲ੍ਹੇ ਵਿੱਚ ਸਾੜਨਾ ਵਾਤਾਵਰਨ ਲਈ ਨੁਕਸਾਨਦੇਹ ਹੋਣ ਦੇ ਨਾਲ-ਨਾਲ ਨਿਯਮਾਂ ਦੀ ਉਲੰਘਣਾ ਵੀ ਹੈ।
ਕੂੜੇ ਨੂੰ ਲੱਗਣ ਵਾਲੀ ਅੱਗ ਕਾਰਨ ਸ਼ਮਸ਼ਾਨਘਾਟ ਦੀਆਂ ਬਾਹਰੀ ਕੰਧਾਂ ਵੀ ਕਾਲੀਆਂ ਪਈਆਂ ਦਿਖਾਈ ਦਿੰਦੀਆਂ ਹਨ। ਇਸ ਸਥਿਤੀ ਨੂੰ ਦੇਖ ਕੇ ਇਲਾਕਾ ਨਿਵਾਸੀਆਂ ਦੇ ਮਨਾਂ ਵਿੱਚ ਕਈ ਸਵਾਲ ਉੱਠ ਰਹੇ ਹਨ ਕਿ ਆਖ਼ਰ ਕੂੜੇ ਦੇ ਢੇਰਾਂ ਨੂੰ ਅੱਗ ਕੌਣ ਲਗਾ ਰਿਹਾ ਹੈ ਅਤੇ ਇਸ ਗੰਭੀਰ ਸਮੱਸਿਆ ਵੱਲ ਨਗਰ ਨਿਗਮ ਦੇ ਸਬੰਧਤ ਅਧਿਕਾਰੀਆਂ ਦਾ ਧਿਆਨ ਕਿਉਂ ਨਹੀਂ ਜਾ ਰਿਹਾ।
ਜ਼ਿਕਰਯੋਗ ਹੈ ਕਿ ਇਸੇ ਇਲਾਕੇ ਵਿਚ ਕਾਲਜ, ਮੰਦਰ ਅਤੇ ਸ਼ਮਸ਼ਾਨਘਾਟ ਵੀ ਸਥਿਤ ਹਨ। ਅਜਿਹੇ ਵਿੱਚ ਕੂੜੇ ਦੇ ਢੇਰਾਂ ਅਤੇ ਉਨ੍ਹਾਂ ਨੂੰ ਲੱਗਣ ਵਾਲੀ ਅੱਗ ਕਾਰਨ ਫੈਲਦਾ ਪ੍ਰਦੂਸ਼ਣ ਲੋਕਾਂ ਦੀ ਸਿਹਤ ਅਤੇ ਵਾਤਾਵਰਨ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।
ਇਲਾਕਾ ਨਿਵਾਸੀਆਂ ਵੱਲੋਂ ਸਵਾਲ ਚੁੱਕਿਆ ਜਾ ਰਿਹਾ ਹੈ ਕਿ ਸ਼ਮਸ਼ਾਨਘਾਟ ਦੇ ਬਾਹਰ ਕੂੜਾ ਸੁੱਟਣ ਦੀ ਇਜਾਜ਼ਤ ਕਿਸ ਦੀ ਸ਼ਹਿ 'ਤੇ ਦਿੱਤੀ ਜਾ ਰਹੀ ਹੈ। ਕੰਪੈਕਟਰ ਲੱਗਿਆ ਹੋਣ ਦੇ ਬਾਵਜੂਦ ਕੂੜੇ ਦੇ ਢੇਰ ਕਿਉਂ ਨਹੀਂ ਹਟਾਏ ਜਾ ਰਹੇ। ਲੋਕਾਂ ਦੀ ਮੰਗ ਹੈ ਕਿ ਨਗਰ ਨਿਗਮ ਇਸ ਮਾਮਲੇ ਦਾ ਗੰਭੀਰਤਾ ਨਾਲ ਨੋਟਿਸ ਲਵੇ, ਕੂੜੇ ਦੀ ਨਿਯਮਤ ਚੁਕਾਈ ਯਕੀਨੀ ਬਣਾਏ ਤੇ ਕੂੜੇ ਨੂੰ ਅੱਗ ਲਗਾਉਣ ਵਾਲਿਆਂ ਦੀ ਪਛਾਣ ਕਰਕੇ ਸਖ਼ਤ ਕਾਰਵਾਈ ਕਰੇ, ਤਾਂ ਜੋ ਇਲਾਕੇ ਨੂੰ ਗੰਦਗੀ ਅਤੇ ਪ੍ਰਦੂਸ਼ਣ ਤੋਂ ਮੁਕਤ ਕੀਤਾ ਜਾ ਸਕੇ।