13 ਅਗਸਤ ਨੂੰ ਪੀਏਯੂ ’ਚ ਹੋਵੇਗੀ ਫੁੱਲ ਡਰੈੱਸ ਰਿਹਰਸਲ, ਡੀਸੀ ਨੇ ਕਿਹਾ- 15 ਅਗਸਤ ਨੂੰ ਵਿੱਤ ਮੰਤਰੀ ਚੀਮਾ ਲਹਿਰਾਉਣਗੇ ਤਿਰੰਗਾ
ਡਿਪਟੀ ਕਮਿਸ਼ਨਰ ਨੇ ਸੀਨੀਅਰ ਅਧਿਕਾਰੀਆਂ ਨੂੰ ਆਪੋ-ਆਪਣੇ ਵਿਭਾਗਾਂ ਨਾਲ ਤਾਲਮੇਲ ਕਰਕੇ ਤਿਆਰੀਆਂ ਦੀ ਲਗਾਤਾਰ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨਗਰ ਨਿਗਮ ਲੁਧਿਆਣਾ ਨੂੰ ਸਮਾਗਮ ਸਥਾਨ ਅਤੇ ਆਲੇ-ਦੁਆਲੇ ਦੇ ਖੇਤਰ ਵਿੱਚ ਵਿਸ਼ੇਸ਼ ਸਫ਼ਾਈ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ। ਪਹੁੰਚ ਸੜਕਾਂ ’ਤੇ ਧੂੜ ਨੂੰ ਕੰਟਰੋਲ ਕਰਨ ਲਈ ਨਿਯਮਤ ਪਾਣੀ ਦਾ ਛਿੜਕਾਅ ਕਰਨ ਤੋਂ ਇਲਾਵਾ ਹਾਜ਼ਰੀਨ ਦੀ ਸਹੂਲਤ ਲਈ ਅਸਥਾਈ ਬਾਥਰੂਮ ਅਤੇ ਮੋਬਾਈਲ ਪਖਾਨਿਆਂ ਦਾ ਪ੍ਰਬੰਧ ਵੀ ਕੀਤਾ ਜਾਵੇਗਾ।
Publish Date: Mon, 10 Aug 2026 07:47 PM (IST)
Updated Date: Tue, 11 Aug 2026 10:54 AM (IST)
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਲੁਧਿਆਣਾ ਦੇ ਮੈਦਾਨ ਵਿੱਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ, ਕਰ ਤੇ ਆਬਕਾਰੀ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਸਮਾਗਮ ਦੀ ਪ੍ਰਧਾਨਗੀ ਕਰਨਗੇ। ਇਸ ਮੌਕੇ ਉਹ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕਰਨਗੇ ਅਤੇ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਨਗੇ।
ਜੈਨ ਨੇ ਕਿਹਾ ਕਿ ਆਜ਼ਾਦੀ ਦਿਵਸ ਦੇ ਇਸ ਮਹੱਤਵਪੂਰਨ ਰਾਸ਼ਟਰੀ ਸਮਾਗਮ ਨੂੰ ਪੂਰੇ ਦੇਸ਼ ਭਗਤੀ ਦੇ ਜਜ਼ਬੇ, ਅਨੁਸ਼ਾਸਨ ਅਤੇ ਸਨਮਾਨ ਨਾਲ ਮਨਾਉਣ ਲਈ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਮੀਟਿੰਗ ਦੌਰਾਨ ਤਿਰੰਗਾ ਲਹਿਰਾਉਣ ਦੀ ਰਸਮ, ਸੁਰੱਖਿਆ ਪ੍ਰਬੰਧ, ਟ੍ਰੈਫਿਕ ਕੰਟਰੋਲ, ਪਾਰਕਿੰਗ, ਸੱਭਿਆਚਾਰਕ ਪ੍ਰੋਗਰਾਮ, ਬਿਜਲੀ ਦੀ ਨਿਰਵਿਘਨ ਸਪਲਾਈ, ਸਾਫ਼-ਸਫ਼ਾਈ ਅਤੇ ਮੈਡੀਕਲ ਸਹੂਲਤਾਂ ਸਮੇਤ ਵੱਖ-ਵੱਖ ਪਹਿਲੂਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਸੀਨੀਅਰ ਅਧਿਕਾਰੀਆਂ ਨੂੰ ਆਪੋ-ਆਪਣੇ ਵਿਭਾਗਾਂ ਨਾਲ ਤਾਲਮੇਲ ਕਰਕੇ ਤਿਆਰੀਆਂ ਦੀ ਲਗਾਤਾਰ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨਗਰ ਨਿਗਮ ਲੁਧਿਆਣਾ ਨੂੰ ਸਮਾਗਮ ਸਥਾਨ ਅਤੇ ਆਲੇ-ਦੁਆਲੇ ਦੇ ਖੇਤਰ ਵਿੱਚ ਵਿਸ਼ੇਸ਼ ਸਫ਼ਾਈ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ। ਪਹੁੰਚ ਸੜਕਾਂ ’ਤੇ ਧੂੜ ਨੂੰ ਕੰਟਰੋਲ ਕਰਨ ਲਈ ਨਿਯਮਤ ਪਾਣੀ ਦਾ ਛਿੜਕਾਅ ਕਰਨ ਤੋਂ ਇਲਾਵਾ ਹਾਜ਼ਰੀਨ ਦੀ ਸਹੂਲਤ ਲਈ ਅਸਥਾਈ ਬਾਥਰੂਮ ਅਤੇ ਮੋਬਾਈਲ ਪਖਾਨਿਆਂ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਕਮਿਸ਼ਨਰੇਟ ਪੁਲਿਸ ਨੂੰ ਸਮਾਗਮ ਦੌਰਾਨ ਸਖ਼ਤ ਸੁਰੱਖਿਆ ਪ੍ਰਬੰਧ, ਟ੍ਰੈਫਿਕ ਦੀ ਸੁਚਾਰੂ ਆਵਾਜਾਈ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਗਏ।
ਇਸ ਤੋਂ ਇਲਾਵਾ ਮੈਡੀਕਲ ਟੀਮਾਂ, ਐਂਬੂਲੈਂਸ ਅਤੇ ਹੋਰ ਜ਼ਰੂਰੀ ਸੇਵਾਵਾਂ ਦੀ ਉਪਲਬਧਤਾ ਵੀ ਯਕੀਨੀ ਬਣਾਈ ਜਾਵੇਗੀ। ਸੱਭਿਆਚਾਰਕ ਪ੍ਰੋਗਰਾਮਾਂ, ਪਰੇਡ ਅਤੇ ਹੋਰ ਗਤੀਵਿਧੀਆਂ ਦੀ ਤਿਆਰੀ ਨੂੰ ਅੰਤਿਮ ਰੂਪ ਦੇਣ ਲਈ 13 ਅਗਸਤ ਨੂੰ ਫੁੱਲ ਡਰੈੱਸ ਰਿਹਰਸਲ ਕਰਵਾਈ ਜਾਵੇਗੀ। ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ 15 ਅਗਸਤ ਦੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸਫ਼ਲ ਅਤੇ ਯਾਦਗਾਰ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇ।