ਗੈਂਗਸਟਰ ਅਰਸ਼ ਡੱਲਾ ਦਾ ਲੁਧਿਆਣਾ 'ਚ ਖ਼ੌਫ਼: NRI ਪਰਿਵਾਰ ਨੂੰ ਫੇਸਬੁੱਕ 'ਤੇ ਲਾਈਵ ਹੋ ਕੇ ਦਿੱਤੀ ਧਮਕੀ; ਪੁਲਿਸ ਵੱਲੋਂ ਮੁਕੱਦਮਾ ਦਰਜ
ਲੁਧਿਆਣਾ ਦੇ ਬਾੜੇਵਾਲ ਅਵਾਣਾ ਇਲਾਕੇ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਵਿਦੇਸ਼ ਤੋਂ ਪਰਤੇ ਦੋ NRI ਭਰਾਵਾਂ ਨੂੰ ਨਾਮੀ ਗੈਂਗਸਟਰ ਅਰਸ਼ ਡੱਲਾ ਵੱਲੋਂ ਸ਼ਰੇਆਮ ਧਮਕੀਆਂ ਦਿੱਤੀਆਂ ਗਈਆਂ। ਗੈਂਗਸਟਰ ਨੇ ਪਹਿਲਾਂ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਅਤੇ ਬਾਅਦ ਵਿੱਚ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਪਰਿਵਾਰ ਨੂੰ ਖ਼ਤਮ ਕਰਨ ਦੀ ਗੱਲ ਆਖੀ। ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਸ਼ਿਕਾਇਤ ਦੇ ਅਧਾਰ 'ਤੇ ਅਰਸ਼ ਡੱਲਾ ਵਿਰੁੱਧ ਕੇਸ ਦਰਜ ਕਰ ਲਿਆ ਹੈ।
Publish Date: Sat, 18 Apr 2026 03:25 PM (IST)
Updated Date: Sat, 18 Apr 2026 03:26 PM (IST)

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ: ਲੁਧਿਆਣਾ ਦੇ ਬਾੜੇਵਾਲ ਅਵਾਣਾ ਇਲਾਕੇ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਵਿਦੇਸ਼ ਤੋਂ ਪਰਤੇ ਦੋ NRI ਭਰਾਵਾਂ ਨੂੰ ਨਾਮੀ ਗੈਂਗਸਟਰ ਅਰਸ਼ ਡੱਲਾ ਵੱਲੋਂ ਸ਼ਰੇਆਮ ਧਮਕੀਆਂ ਦਿੱਤੀਆਂ ਗਈਆਂ। ਗੈਂਗਸਟਰ ਨੇ ਪਹਿਲਾਂ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਅਤੇ ਬਾਅਦ ਵਿੱਚ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਪਰਿਵਾਰ ਨੂੰ ਖ਼ਤਮ ਕਰਨ ਦੀ ਗੱਲ ਆਖੀ। ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਸ਼ਿਕਾਇਤ ਦੇ ਅਧਾਰ 'ਤੇ ਅਰਸ਼ ਡੱਲਾ ਵਿਰੁੱਧ ਕੇਸ ਦਰਜ ਕਰ ਲਿਆ ਹੈ।
ਫੇਸਬੁੱਕ ਲਾਈਵ ਰਾਹੀਂ ਦਿੱਤੀ ਚੁਣੌਤੀ
ਪੀੜਤ NRI ਤਕਦੀਰ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਅਤੇ ਉਸਦਾ ਭਰਾ ਕੁਲਦੀਪ ਸਿੰਘ ਹਾਲ ਹੀ ਵਿੱਚ ਵਿਦੇਸ਼ ਤੋਂ ਭਾਰਤ ਵਾਪਸ ਆਏ ਹਨ। ਉਨ੍ਹਾਂ ਦੇ ਮੁਤਾਬਕ, ਵਿਦੇਸ਼ ਵਿੱਚ ਬੈਠੇ ਗੈਂਗਸਟਰ ਅਰਸ਼ ਡੱਲਾ ਨੇ ਕੁਝ ਦਿਨ ਪਹਿਲਾਂ ਫੇਸਬੁੱਕ 'ਤੇ ਲਾਈਵ ਹੋ ਕੇ ਉਨ੍ਹਾਂ ਦੇ ਪਰਿਵਾਰ ਨੂੰ ਨਿਸ਼ਾਨਾ ਬਣਾਇਆ ਅਤੇ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦਿੱਤੀ।
1 ਮਿੰਟ 11 ਸੈਕਿੰਡ ਦੀ ਧਮਕੀ ਭਰੀ ਕਾਲ
ਤਕਦੀਰ ਸਿੰਘ ਅਨੁਸਾਰ, ਲਾਈਵ ਤੋਂ ਬਾਅਦ ਉਨ੍ਹਾਂ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਆਈ। ਲਗਭਗ ਸਵਾ ਮਿੰਟ ਦੀ ਇਸ ਕਾਲ ਵਿੱਚ ਗੈਂਗਸਟਰ ਨੇ ਬੇਹੱਦ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਅਤੇ ਪੂਰੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਇਸ ਕਾਲ ਤੋਂ ਬਾਅਦ ਪਰਿਵਾਰ ਬੁਰੀ ਤਰ੍ਹਾਂ ਸਹਿਮ ਗਿਆ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।
ਪੁਲਿਸ ਦੀ ਕਾਰਵਾਈ
ਥਾਣਾ ਸਰਾਭਾ ਨਗਰ ਦੇ ਐਸ.ਐਚ.ਓ. ਇੰਸਪੈਕਟਰ ਵਿਜੇ ਕੁਮਾਰ ਨੇ ਦੱਸਿਆ ਕਿ ਪੀੜਤ ਦੀ ਸ਼ਿਕਾਇਤ ਅਤੇ ਕਾਲ ਰਿਕਾਰਡਿੰਗ ਦੀ ਮੁਢਲੀ ਜਾਂਚ ਤੋਂ ਬਾਅਦ ਅਰਸ਼ ਡੱਲਾ ਵਿਰੁੱਧ FIR ਦਰਜ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ NRI ਪਰਿਵਾਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਦਮ ਚੁੱਕੇ ਜਾ ਰਹੇ ਹਨ।