ਸ਼ਹਿਰ ’ਚ ਥਾਂ-ਥਾਂ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਦਾ ਖਤਰਾ : ਗੋਸ਼ਾ
ਸ਼ਹਿਰ 'ਚ ਲੱਗੇ ਕੂੜੇ ਦੇ ਢੇਰਾਂ ਨੇ ਵਧਾਇਆ ਬਿਮਾਰੀਆਂ ਦਾ ਖਤਰਾ-ਗੋਸ਼ਾ
Publish Date: Wed, 06 May 2026 06:35 PM (IST)
Updated Date: Thu, 07 May 2026 04:09 AM (IST)
-ਐੱਨਜੀਟੀ ਵਿੱਚ ਮਾਮਲਾ ਦਰਜ ਕਰਵਾਇਆ ਗਿਆ
ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ ਲੁਧਿਆਣਾ
ਸ਼ਹਿਰ ਵਿੱਚ ਸਫਾਈ ਪ੍ਰਬੰਧ ਦੀ ਹਾਲਤ ਦਿਨੋਂ-ਦਿਨ ਬੇਹੱਦ ਖਰਾਬ ਹੁੰਦੀ ਜਾ ਰਹੀ ਹੈ। ਸ਼ਹਿਰ ਦੇ ਲਗਭਗ ਹਰ ਚੌਕ ਵਿੱਚ ਕੂੜੇ ਦੇ ਵੱਡੇ ਢੇਰ ਲੱਗੇ ਹੋਏ ਹਨ, ਜਿਸ ਕਾਰਨ ਨਾ ਸਿਰਫ਼ ਸ਼ਹਿਰ ਦੀ ਸੁੰਦਰਤਾ ਪ੍ਰਭਾਵਿਤ ਹੋ ਰਹੀ ਹੈ, ਸਗੋਂ ਆਮ ਲੋਕਾਂ ਦੀ ਜ਼ਿੰਦਗੀ ਵੀ ਮੁਸ਼ਕਲ ਬਣ ਗਈ ਹੈ, ਜੋ ਨਗਰ ਨਿਗਮ ਦੀ ਨਾਕਾਮੀ ਦਾ ਜੀਵੰਤ ਸਬੂਤ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਪੰਜਾਬ ਦੇ ਬੁਲਾਰੇ ਗੁਰਦੀਪ ਸਿੰਘ ਗੋਸ਼ਾ ਨੇ ਸਹਿਰ ਦੀ ਸੁੰਦਰਤਾ ਤੇ ਦਾਗ ਲਗਾ ਰਹੇ ਕੂੜੇ ਦੇ ਢੇਰਾਂ ਨੂੰ ਦਿਖਾਉਂਦੇ ਹੋਏ ਕੀਤਾ ।
ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਮਾਰਟ ਸਿਟੀ ਬਣਾਉਣ ਦੇ ਵਾਅਦੇ ਕੀਤੇ ਸਨ, ਪਰ ਅੱਜ ਹਕੀਕਤ ਇਹ ਹੈ ਕਿ ਸ਼ਹਿਰ ਸਮਾਰਟ ਦੀ ਜਗ੍ਹਾ ਕਬਾੜ ਸਿਟੀ ਵਿੱਚ ਤਬਦੀਲ ਹੋ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਗੰਦਗੀ ਦੇ ਢੇਰਾਂ ਕਾਰਨ ਸ਼ਹਿਰ ਵਿੱਚ ਬਿਮਾਰੀਆਂ ਤੇਜ਼ੀ ਨਾਲ ਫੈਲਣ ਦਾ ਖਤਰਾ ਵੱਧ ਰਿਹਾ ਹੈ। ਪਹਿਲਾਂ ਹੀ ਡੇਂਗੂ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ ਅਤੇ ਜੇਕਰ ਤੁਰੰਤ ਸਫਾਈ ਪ੍ਰਬੰਧ ਨਹੀਂ ਸੁਧਾਰੇ ਗਏ ਤਾਂ ਹਾਲਾਤ ਹੋਰ ਵੀ ਭਿਆਨਕ ਹੋ ਸਕਦੇ ਹਨ। ਮੱਛਰਾਂ ਦੀ ਵੱਧਦੀ ਗਿਣਤੀ ਅਤੇ ਗੰਦਗੀ ਕਾਰਨ ਲੋਕਾਂ ਦੀ ਸਿਹਤ ਖਤਰੇ ਵਿੱਚ ਹੈ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਵਿਧਾਇਕ ਅਪਣੀ ਸਰਕਾਰ ਦੇ ਸੋਹਲੇ ਗਾਊਣੋ ਪਿੱਛੇ ਨਹੀਂ ਹੱਟਦੇ ਪਰ ਹੁਣ ਸ਼ਹਿਰ ਅੰਦਰ ਲੱਗੇ ਗੰਦਗੀ ਦੇ ਢੇਰਾਂ ਨੂੰ ਵੇਖਣ ਦੇ ਬਾਵਜੂਦ ਅੱਖਾਂ ਬੰਦ ਕਰੀ ਬੈਠੇ ਹਨ। ਨਗਰ ਨਿਗਮ ਦੇ ਕਮਿਸ਼ਨਰ ਅਤੇ ਮੇਅਰ ਕੁੰਭਕਰਨੀ ਨੀਂਦ ਵਿੱਚ ਸੁੱਤੇ ਪਏ ਹਨ। ਪ੍ਰਸ਼ਾਸਨ ਦੀ ਲਾਪਰਵਾਹੀ ਅਤੇ ਕਰਪਸ਼ਨ ਦਾ ਬੋਲਬਾਲਾ ਹੋਣ ਕਾਰਨ ਲੋਕ ਬੁਨਿਆਦੀ ਸਹੂਲਤਾਂ ਤੋਂ ਵੀ ਵਾਂਝੇ ਰਹਿ ਰਹੇ ਹਨ। ਲੋਕ ਰੋਜ਼ਾਨਾ ਗੰਦਗੀ, ਬਦਬੂ ਅਤੇ ਗੰਦੇ ਮਾਹੌਲ ਵਿੱਚ ਜੀਣ ਲਈ ਮਜਬੂਰ ਹਨ। ਗੁਰਦੀਪ ਸਿੰਘ ਗੋਸ਼ਾ ਨੇ ਨਗਰ ਨਿਗਮ ਪ੍ਰਸ਼ਾਸਨ ’ਤੇ ਸਖ਼ਤ ਨਾਰਾਜ਼ਗੀ ਜਤਾਉਂਦੇ ਹੋਏ ਲਾਹਨਤ ਪਾਈ ਅਤੇ ਮੰਗ ਕੀਤੀ ਕਿ ਤੁਰੰਤ ਸਫਾਈ ਪ੍ਰਬੰਧ ਨੂੰ ਠੀਕ ਕੀਤਾ ਜਾਵੇ, ਫਾਗਿੰਗ ਅਤੇ ਸੈਨਿਟਾਈਜ਼ੇਸ਼ਨ ਮੁਹਿੰਮ ਚਲਾਈ ਜਾਵੇ ਅਤੇ ਜਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਬਾਬਤ ਐਨ.ਜੀ.ਟੀ ਵਿੱਚ ਮਾਮਲਾ ਦਰਜ ਕਰਵਾਇਆ ਗਿਆ ਹੈ।