- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਨਰਲ ਲਈ-ਕੌਮੀ ਇਨਸਾਫ ਮੋਰਚੇ ਵੱਲੋਂ ਪੰਥਕ ਤੇ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਆਰ-ਪਾਰ ਦੀ ਲੜਾਈ ਵਿੱਢਣ ਦਾ ਐਲਾਨ

-4 ਜੁਲਾਈ ਨੂੰ ਸਰਹਿੰਦ ਵਿਖੇ ਰੇਲਾਂ ਰੋਕਣ ਤੇ 11 ਨੂੰ ਭਾਜਪਾ ਪ੍ਰਧਾਨ ਢਿੱਲੋਂ ਦਾ ਘਰ ਘੇਰਨ ਦਾ ਕੀਤਾ ਫ਼ੈਸਲਾ
ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ
ਕੌਮੀ ਇਨਸਾਫ ਮੋਰਚੇ ਦੇ ਸੱਦੇ ’ਤੇ ਅੱਜ ਲੁਧਿਆਣਾ ਵਿਖੇ ਪੰਥਕ ਅਤੇ ਕਿਸਾਨ ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਕੌਮੀ ਇਨਸਾਫ਼ ਮੋਰਚਾ ਵੱਲੋਂ ਪੰਥਕ ਤੇ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਆਰ-ਪਾਰ ਦੀ ਲੜਾਈ ਵਿੱਢਣ ਦਾ ਐਲਾਨ ਕੀਤਾ ਗਿਆ।
ਮੀਟਿੰਗ ਵਿੱਚ ਬੋਲਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਮਸਲਿਆਂ ਦਾ ਹੱਲ ਹੁਣ ਕੇਵਲ ਇੱਕ ਵੱਡੇ ਲੋਕ ਅੰਦੋਲਨ ਰਾਹੀਂ ਹੀ ਸੰਭਵ ਹੈ,ਪੰਜਾਬ ਨੂੰ ਦਰਪੇਸ਼ ਰਾਜਨੀਤਿਕ, ਸਮਾਜਿਕ ਤੇ ਧਾਰਮਿਕ ਚੁਣੌਤੀਆਂ ਦੇ ਮੱਦੇਨਜ਼ਰ ਸੂਬੇ ਭਰ ਵਿੱਚ ਵੱਡਾ ਜਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਦੇਸ਼ ਦੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਦੇ ਪੰਜਾਬ ਦੌਰਿਆਂ ਦੌਰਾਨ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ 11 ਜੁਲਾਈ ਨੂੰ ਭਾਜਪਾ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਰਿਹਾਇਸ਼ ਦੇ ਬਾਹਰ ਰੋਸ ਧਰਨਾ ਦਿੱਤਾ ਜਾਵੇਗਾ, ਜਦਕਿ 4 ਜੁਲਾਈ ਨੂੰ ਸਰਹਿੰਦ ਵਿਖੇ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ। ਇਸ ਤੋਂ ਇਲਾਵਾ 15 ਅਗਸਤ ਨੂੰ ਐਲਾਨੀ ਗਈ ਆਰ-ਪਾਰ ਦੀ ਲੜਾਈ ਲਈ ਤਿਆਰੀਆਂ ਸਬੰਧੀ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਵੀ ਪ੍ਰਮੁੱਖਤਾ ਨਾਲ ਚੁੱਕਿਆ ਗਿਆ ਹੈ।
ਇਸ ਸਬੰਧੀ ਫੈਸਲਾ ਕੀਤਾ ਗਿਆ ਕਿ ਦੁਨੀਆ ਭਰ ਦੇ ਦੂਤਾਂਵਾਸਾਂ, ਸੰਸਦ ਮੈਂਬਰਾਂ ਅਤੇ ਸੰਯੁਕਤ ਰਾਸ਼ਟਰ ਸੰਘ (ਯੂਐੱਨਓ) ਨੂੰ ਪੱਤਰ ਲਿਖ ਕੇ ਇਸ ਮਾਮਲੇ ਵੱਲ ਧਿਆਨ ਦਿਵਾਇਆ ਜਾਵੇਗਾ। ਇਸ ਮੌਕੇ ਭਾਈ ਜਸਵੀਰ ਸਿੰਘ ਰੋਡੇ, ਭਾਈ ਮੋਹਕਮ ਸਿੰਘ, ਭਾਈ ਸਤਨਾਮ ਸਿੰਘ ਮਨਾਵਾਂ, ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਜਥੇਦਾਰ ਗੁਰਦੀਪ ਸਿੰਘ ਬਠਿੰਡਾ, ਬਾਪੂ ਗੁਰਚਰਨ ਸਿੰਘ ਹਵਾਰਾ, ਗੁਰਜੰਤ ਸਿੰਘ ਕੱਟੂ, ਭਰਪੂਰ ਸਿੰਘ, ਭੁਪਿੰਦਰ ਸਿੰਘ ਗਦਲੀ, ਕੁਲਦੀਪ ਸਿੰਘ ਡੱਲਾ, ਸੰਤ ਚਰਨਜੀਤ ਸਿੰਘ ਜਸੋਵਾਲ, ਸਰਦੂਲ ਸਿੰਘ ਝਾੜ ਸਾਹਿਬ, ਜਥੇਦਾਰ ਬੂਟਾ ਸਿੰਘ ਰਣਸੀਹ, ਪਾਲ ਸਿੰਘ ਘਢੋਵਾਂ, ਬਲਵਿੰਦਰ ਸਿੰਘ ਝਾੜ ਸਾਹਿਬ, ਗੁਰਿੰਦਰ ਸਿੰਘ ਭੰਗੂ, ਡਾ. ਦਰਸ਼ਨ ਪਾਲ, ਸੁੱਖ ਗਿੱਲ ਮੋਗਾ, ਜੀਤ ਔਲਖ, ਬਲਵਿੰਦਰ ਸਿੰਘ ਪਿਆਰੇਆਣਾ, ਇੰਦਰਵੀਰ ਸਿੰਘ ਪਟਿਆਲਾ, ਭਾਈ ਪਾਲ ਸਿੰਘ ਫਰਾਂਸ, ਰੇਸ਼ਮ ਸਿੰਘ ਖਰੜ, ਲੀਡਰ ਨੰਬਰਦਾਰ ਧਰਮਕੋਟ, ਲਖਬੀਰ ਸਿੰਘ ਸੋਟੀ ਅਤੇ ਪ੍ਰੋ. ਬਲਿੰਦਰ ਸਿੰਘ ਸਮੇਤ ਵੱਖ-ਵੱਖ ਪੰਥਕ ਅਤੇ ਕਿਸਾਨ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ,ਮੀਟਿੰਗ ਵਿੱਚ ਵਾਰਸ ਪੰਜਾਬ, ਅਕਾਲੀ ਦਲ ਅੰਮ੍ਰਿਤਸਰ, ਯੂਨਾਈਟਿਡ ਅਕਾਲੀ ਦਲ, ਸ਼ੇਰੇ-ਏ-ਪੰਜਾਬ ਕਿਸਾਨ ਯੂਨੀਅਨ, ਕਰਾਂਤੀਕਾਰੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਅਤੇ ਕਿਸਾਨ ਯੂਨੀਅਨ ਅੰਮ੍ਰਿਤਸਰ ਦੇ ਨੁਮਾਇੰਦਿਆਂ ਨੇ ਵੀ ਸ਼ਮੂਲੀਅਤ ਕੀਤੀ। ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਹੱਕਾਂ, ਬੰਦੀ ਸਿੰਘਾਂ ਦੀ ਰਿਹਾਈ ਅਤੇ ਕਿਸਾਨੀ ਮਸਲਿਆਂ ਨੂੰ ਲੈ ਕੇ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।