ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਵਿਆਹ ਦੇ ਇਕ ਮਹੀਨੇ ਬਾਅਦ ਹੀ ਵਿਆਹੁਤਾ ਵੱਲੋਂ ਆਪਣੇ ਦੋਸਤ ਦੇ ਘਰ ਜਾ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਤੋਂ ਬਾਅਦ ਥਾਣਾ ਡਾਬਾ ਦੀ ਪੁਲਿਸ ਮੌਕੇ 'ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਇਸ ਮਾਮਲੇ ਵਿੱਚ ਪੁਲਿਸ ਨੇ ਮਿ੍ਤਕਾ ਦੇ ਦਾਦੇ ਦੇ ਬਿਆਨਾਂ 'ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ।

ਜਾਣਕਾਰੀ ਦਿੰਦਿਆਂ ਥਾਣਾ ਡਾਬਾ ਦੇ ਏਐੱਸਆਈ ਰਣਜੀਤ ਸਿੰਘ ਨੇ ਦੱਸਿਆ ਕਿ ਦੁੱਗਰੀ ਇਲਾਕੇ ਦੀ ਰਹਿਣ ਵਾਲੀ ਮਨੂ ਸ਼ਰਮਾ (25) ਦਾ ਵਿਆਹ ਕਰੀਬ 1 ਮਹੀਨਾ ਪਹਿਲਾਂ ਮਾਨਸਾ ਦੇ ਰਹਿਣ ਵਾਲੇ ਨੌਜਵਾਨ ਨਾਲ ਹੋਇਆ ਸੀ। ਲੜਕੀ ਦੇ ਪਤੀ ਨੇ ਕੁਝ ਦਿਨਾਂ ਬਾਅਦ ਉਸ ਦੇ ਮੋਬਾਈਲ 'ਚ ਕੁਝ ਤਸਵੀਰਾਂ ਦੇਖੀਆਂ, ਜਿਸ ਤੋਂ ਬਾਅਦ ਦੋਵਾਂ ਦਾ ਆਪਸ ਵਿੱਚ ਝਗੜਾ ਹੋ ਗਿਆ। ਰਣਜੀਤ ਸਿੰਘ ਨੇ ਦੱਸਿਆ ਕਿ ਤਕਰੀਬਨ ਹਫ਼ਤਾ ਪਹਿਲਾਂ ਲੜਕੀ ਕਿਸੇ ਨੂੰ ਦੱਸੇ ਬਿਨਾਂ ਘਰੋਂ ਚਲੀ ਗਈ। ਲੜਕੀ ਦੇ ਸਹੁਰੇ ਪਰਿਵਾਰ ਨੇ ਮਾਨਸਾ 'ਚ ਉਸ ਦੀ ਗੁੰਮਸ਼ੁਦਗੀ ਰਿਪੋਰਟ ਲਿਖਵਾਈ। ਲੜਕੀ ਲੁਧਿਆਣਾ ਦੇ ਰਹਿਣ ਵਾਲੇ ਆਪਣੇ ਦੋਸਤਾਂ ਨਾਲ ਲਗਾਤਾਰ ਫੋਨ 'ਤੇ ਸੰਪਰਕ ਵਿਚ ਰਹੀ। ਸ਼ਨਿੱਚਰਵਾਰ ਨੂੰ ਉਹ ਡਾਬਾ ਇਲਾਕੇ ਵਿਚ ਪੈਂਦੇ ਗਗਨ ਨਗਰ ਵਿੱਚ ਆਪਣੇ ਦੋਸਤ ਦੇ ਘਰ ਆ ਗਈ। ਦੋਸਤ ਵੱਲੋਂ ਕੰਮ 'ਤੇ ਜਾਣ ਤੋਂ ਬਾਅਦ ਉਸ ਨੇ ਘਰ 'ਚ ਪੱਖੇ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਮੌਤ ਨੂੰ ਗਲੇ ਲਗਾਉਣ ਤੋਂ ਪਹਿਲਾਂ ਲੜਕੀ ਨੇ ਇਕ ਸੁਸਾਈਡ ਨੋਟ ਲਿਖਿਆ, ਜਿਸ ਵਿੱਚ ਉਸ ਨੇ ਖ਼ੁਦ ਨੂੰ ਆਪਣੀ ਮੌਤ ਦਾ ਜ਼ਿੰਮੇਵਾਰ ਦੱਸਿਆ।

ਦੱਸਣਯੋਗ ਹੈ ਕਿ ਪਿਤਾ ਦੀ ਮੌਤ ਤੋਂ ਬਾਅਦ ਲੜਕੀ ਦੀ ਮਾਂ ਵੱਖਰੀ ਰਹਿਣ ਲੱਗ ਪਈ ਸੀ। ਦਾਦੇ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਨੇ ਲੜਕੀ ਨੂੰ ਐੱਮਬੀਏ ਤਕ ਪੜ੍ਹਾਈ ਕਰਵਾਈ ਤੇ ਉਸ ਦਾ ਵਿਆਹ ਕਰ ਦਿੱਤਾ। ਜਾਂਚ ਅਧਿਕਾਰੀ ਰਣਜੀਤ ਸਿੰਘ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਕੇ ਲੜਕੀ ਦੇ ਦਾਦੇ ਦੇ ਬਿਆਨਾਂ 'ਤੇ ਧਾਰਾ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।