- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਨੇ ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਆਪਣੀ ਸਖ਼ਤ ਮੁਹਿੰਮ ਜਾਰੀ ਰੱਖਦਿਆਂ ਪਿੰਡ ਖਾਸੀ ਕਲਾਂ ਵਿੱਚ ਵਿਕਸਿਤ ਕੀਤੀ ਜਾ ਰਹੀ ਇੱਕ ਗੈਰ-ਅਧਿਕਾਰਤ ਕਾਲੋਨੀ 'ਤੇ ਵੱਡੀ ਕਾਰਵਾਈ ਕੀਤੀ।

ਸੁਸ਼ੀਲ ਕੁਮਾਰ ਸ਼ਸ਼ੀ,ਪੰਜਾਬੀ ਜਾਗਰਣ, ਲੁਧਿਆਣਾ : ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਨੇ ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਆਪਣੀ ਸਖ਼ਤ ਮੁਹਿੰਮ ਜਾਰੀ ਰੱਖਦਿਆਂ ਪਿੰਡ ਖਾਸੀ ਕਲਾਂ ਵਿੱਚ ਵਿਕਸਿਤ ਕੀਤੀ ਜਾ ਰਹੀ ਇੱਕ ਗੈਰ-ਅਧਿਕਾਰਤ ਕਾਲੋਨੀ 'ਤੇ ਵੱਡੀ ਕਾਰਵਾਈ ਕੀਤੀ। ਐਡੀਸ਼ਨਲ ਚੀਫ਼ ਐਡਮਿਨਿਸਟ੍ਰੇਟਰ ਵੱਲੋਂ ਜਾਰੀ ਢਾਹੁਣ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਡਿਊਟੀ ਮੈਜਿਸਟ੍ਰੇਟ, ਪੁਲਿਸ ਫੋਰਸ ਅਤੇ ਗਲਾਡਾ ਦੇ ਰੈਗੂਲੇਟਰੀ ਵਿੰਗ ਦੀ ਇਨਫੋਰਸਮੈਂਟ ਟੀਮ ਨੇ ਮੌਕੇ 'ਤੇ ਪਹੁੰਚ ਕੇ ਕਾਲੋਨੀ ਦੀਆਂ ਬਣਾਈਆਂ ਸੜਕਾਂ ਨੂੰ ਤੋੜ ਦਿੱਤਾ ਅਤੇ ਚੱਲ ਰਹੀਆਂ ਗੈਰਕਾਨੂੰਨੀ ਉਸਾਰੀਆਂ ਅਤੇ ਹੋਰ ਢਾਂਚਿਆਂ ਨੂੰ ਢਾਹ ਦਿੱਤਾ।
ਗਲਾਡਾ ਦੇ ਚੀਫ਼ ਐਡਮਿਨਿਸਟ੍ਰੇਟਰ ਵਿਕਾਸ ਹੀਰਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤੀ ਗਈ ਇਸ ਕਾਰਵਾਈ ਦੌਰਾਨ ਦੱਸਿਆ ਗਿਆ ਕਿ ਸਰਕਾਰ ਵੱਲੋਂ ਨਾਜਾਇਜ਼ ਅਤੇ ਬਿਨਾਂ ਮਨਜ਼ੂਰੀ ਵਿਕਾਸ ਪ੍ਰਤੀ 'ਜ਼ੀਰੋ ਟੋਲਰੈਂਸ' ਦੀ ਨੀਤੀ ਅਪਣਾਈ ਗਈ ਹੈ। ਇਸੇ ਤਹਿਤ ਗੈਰਕਾਨੂੰਨੀ ਕਾਲੋਨੀਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।
ਗਲਾਡਾ ਅਧਿਕਾਰੀਆਂ ਮੁਤਾਬਕ ਕਾਲੋਨੀ ਦੇ ਡਿਵੈਲਪਰਾਂ ਨੂੰ ਪਹਿਲਾਂ ਹੀ ਨੋਟਿਸ ਜਾਰੀ ਕਰਕੇ ਗੈਰਕਾਨੂੰਨੀ ਵਿਕਾਸ ਤੁਰੰਤ ਬੰਦ ਕਰਨ ਲਈ ਕਿਹਾ ਗਿਆ ਸੀ ਪਰ ਇਸ ਦੇ ਬਾਵਜੂਦ ਉਸਾਰੀ ਦਾ ਕੰਮ ਜਾਰੀ ਰੱਖਿਆ ਗਿਆ। ਇਸ ਤੋਂ ਬਾਅਦ ਵਿਸ਼ੇਸ਼ ਟੀਮ ਨੇ ਮੌਕੇ 'ਤੇ ਪਹੁੰਚ ਕੇ ਢਾਹੁਣ ਦੀ ਕਾਰਵਾਈ ਕੀਤੀ, ਜਿਸ ਦੌਰਾਨ ਕਿਸੇ ਕਿਸਮ ਦਾ ਵਿਰੋਧ ਸਾਹਮਣੇ ਨਹੀਂ ਆਇਆ।
ਗਲਾਡਾ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਨਾਜਾਇਜ਼ ਕਾਲੋਨੀਆਂ ਨੂੰ ਸ਼ੁਰੂਆਤੀ ਪੜਾਅ ਵਿੱਚ ਹੀ ਰੋਕਣ ਲਈ ਆਉਣ ਵਾਲੇ ਹਫ਼ਤਿਆਂ ਵਿੱਚ ਵੀ ਅਜਿਹੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ। ਇਸ ਦੇ ਨਾਲ ਹੀ ਪੰਜਾਬ ਰੀਜਨਲ ਐਂਡ ਟਾਊਨ ਪਲਾਨਿੰਗ ਐਂਡ ਡਿਵੈਲਪਮੈਂਟ ਐਕਟ ਤਹਿਤ ਗੈਰ-ਅਧਿਕਾਰਤ ਵਿਕਾਸ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਵੀ ਜਾਰੀ ਰਹੇਗੀ।
ਮੁੱਖ ਪ੍ਰਸ਼ਾਸਕ ਨੇ ਆਮ ਲੋਕਾਂ ਨੂੰ ਕੀਤੀ ਅਪੀਲ
ਚੀਫ਼ ਐਡਮਿਨਿਸਟ੍ਰੇਟਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਨਾਜਾਇਜ਼ ਕਾਲੋਨੀ ਵਿੱਚ ਪਲਾਟ, ਮਕਾਨ ਜਾਂ ਹੋਰ ਜਾਇਦਾਦ ਖਰੀਦਣ ਤੋਂ ਪਹਿਲਾਂ ਪੂਰੀ ਜਾਂਚ-ਪੜਤਾਲ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਗੈਰ-ਅਧਿਕਾਰਤ ਕਾਲੋਨੀਆਂ ਨੂੰ ਗਲਾਡਾ ਵੱਲੋਂ ਪਾਣੀ, ਸੀਵਰੇਜ, ਬਿਜਲੀ ਜਾਂ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਨਹੀਂ ਕਰਵਾਈਆਂ ਜਾਣਗੀਆਂ। ਮਨਜ਼ੂਰਸ਼ੁਦਾ ਅਤੇ ਰੈਗੂਲਰਾਈਜ਼ਡ ਕਾਲੋਨੀਆਂ ਦੀ ਸੂਚੀ ਅਤੇ ਪ੍ਰਵਾਨਿਤ ਨਕਸ਼ੇ ਗਲਾਡਾ ਦੀ ਅਧਿਕਾਰਤ ਵੈੱਬਸਾਈਟ 'ਤੇ ਉਪਲਬਧ ਹਨ, ਜਿਨ੍ਹਾਂ ਦੀ ਜਾਂਚ ਕਰਕੇ ਹੀ ਜਾਇਦਾਦ ਦੀ ਖਰੀਦ ਕੀਤੀ ਜਾਵੇ।