ਸੁਸ਼ੀਲ ਕੁਮਾਰ ਸ਼ਸ਼ੀ ,ਲੁਧਿਆਣਾ : ਬੇਟੇ ਨਾਲ ਧਾਰਮਿਕ ਅਸਥਾਨ ਤੇ ਮੱਥਾ ਟੇਕਣ ਜਾ ਰਹੀ ਔਰਤ ਦੇ ਗਲੇ ਤੇ ਦਾਤਰ ਰੱਖ ਕੇ ਦੋ ਮੁਲਜ਼ਮਾਂ ਨੇ ਉਸ ਦੇ ਕੰਨਾਂ ਵਿੱਚ ਪਾਈਆਂ ਸੋਨੇ ਦੀਆਂ ਵਾਲੀਆਂ ਲੁੱਟ ਲਈਆਂ। ਸੂਚਨਾ ਤੋਂ ਬਾਅਦ ਤੁਰੰਤ ਹਰਕਤ ਵਿਚ ਆਈ ਥਾਣਾ ਦੁੱਗਰੀ ਦੀ ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਕੇ ਉਨ੍ਹਾਂ ਦੇ ਕਬਜ਼ੇ ਚੋਂ ਸੋਨੇ ਦੀਆਂ ਵਾਲੀਆਂ ਅਤੇ ਵਾਰਦਾਤ ਵਿੱਚ ਵਰਤਿਆ ਗਿਆ ਦਾਤਰ ਬਰਾਮਦ ਕਰ ਲਿਆ ਹੈ। ਥਾਣਾ ਦੁੱਗਰੀ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਅਰਬਨ ਅਸਟੇਟ ਫੇਸ 1 ਦੁੱਗਰੀ ਦੇ ਰਹਿਣ ਵਾਲੇ ਯੋਗਰਾਜ ਨੇ ਦੱਸਿਆ ਸਵੇਰ ਵੇਲੇ ਉਹ ਆਪਣੀ ਮਾਤਾ ਕਮਲਾ ਦੇਵੀ ਨਾਲ ਦੁਰਗਾ ਮਾਤਾ ਮੰਦਰ ਵਿੱਚ ਮੱਥਾ ਟੇਕਣ ਜਾ ਰਿਹਾ ਸੀ। ਯੋਗਰਾਜ ਦੇ ਮਾਤਾ ਉਸ ਤੋਂ ਥੋੜ੍ਹਾ ਜਿਹਾ ਅੱਗੇ ਚੱਲ ਰਹੇ ਸਨ।

ਇਸੇ ਦੌਰਾਨ ਮੋਟਰਸਾਈਕਲ ਤੇ ਸਵਾਰ ਹੋ ਕੇ ਦੋ ਨੌਜਵਾਨ ਆਏ ਜਿਨ੍ਹਾਂ ਨੇ ਕਮਲਾ ਦੇਵੀ ਦੀ ਗਰਦਨ ਤੇ ਦਾਤਰ ਰੱਖ ਦਿੱਤਾ। ਮਾਤਾ ਨੂੰ ਕੋਈ ਨੁਕਸਾਨ ਨਾ ਹੋ ਜਾਵੇ ਇਸ ਲਈ ਯੋਗਰਾਜ ਸਿੰਘ ਨੇ ਮੁਲਜ਼ਮਾਂ ਦਾ ਵਿਰੋਧ ਨਾ ਕਰਕੇ ਉਨ੍ਹਾਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਨਹੀਂ ਕੀਤੀ। ਨੌਜਵਾਨਾ ਨੇ ਔਰਤ ਦੇ ਕੰਨਾਂ ਵਿੱਚ ਪਾਈਆਂ ਸੋਨੇ ਦੀਆਂ ਵਾਲੀਆਂ ਲੁੱਟੀਆਂ ਅਤੇ ਮੌਕੇ ਤੋਂ ਫਰਾਰ ਹੋ ਗਏ। ਸੂਚਨਾ ਤੋਂ ਬਾਅਦ ਹਰਕਤ ਵਿਚ ਆਈ ਥਾਣਾ ਦੁੱਗਰੀ ਦੀ ਪੁਲਿਸ ਨੇ ਮਾਮਲੇ ਦੀ ਪੜਤਾਲ ਸ਼ੁਰੂ ਕੀਤੀ। ਇਸ ਕੇਸ ਵਿੱਚ ਏਐਸਆਈ ਪਿਆਰਾ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਤਫਤੀਸ਼ ਦੇ ਦੌਰਾਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਚੋਂ ਸੋਨੇ ਦੀਆਂ ਵਾਲੀਆਂ ਅਤੇ ਦਾਤਰ ਬਰਾਮਦ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਪੁੱਛਗਿੱਛ ਦੇ ਦੌਰਾਨ ਕਈ ਹੋਰ ਵੀ ਖੁਲਾਸੇ ਹੋ ਸਕਦੇ ਹਨ।

Posted By: Seema Anand