ਲੁਧਿਆਣਾ ਦੇ ਸਰਕਾਰੀ ਹਸਪਤਾਲਾਂ ਨੂੰ ਮਿਲੇਗੀ ਨਵੀਂ ਰਫ਼ਤਾਰ
ਲੁਧਿਆਣਾ ਦੇ ਸਰਕਾਰੀ ਹਸਪਤਾਲਾਂ ਨੂੰ ਮਿਲੇਗੀ ਨਵੀਂ ਰਫ਼ਤਾਰ
Publish Date: Sat, 27 Jun 2026 07:02 PM (IST)
Updated Date: Sun, 28 Jun 2026 04:05 AM (IST)

ਸਿਹਤ ਵਿਭਾਗ ਲਿਆਏਗਾ ਵਿਸ਼ੇਸ਼ ਪੈਕੇਜ : ਪ੍ਰਿੰਸੀਪਲ ਸਕੱਤਰ ਕੁਮਾਰ ਰਾਹੁਲ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੁਧਿਆਣਾ : ਸਿਹਤ ਵਿਭਾਗ ਦੇ ਪ੍ਰਿੰਸਿਪਲ ਸਕੱਤਰ ਕੁਮਾਰ ਰਾਹੁਲ ਨੇ ਸ਼ਨੀਵਾਰ ਨੂੰ ਲੁਧਿਆਣਾ ਦੇ ਦੌਰੇ ਦੌਰਾਨ ਜ਼ਿਲ੍ਹਾ ਸਰਕਾਰੀ ਹਸਪਤਾਲ ਦਾ ਦੌਰਾ ਕਰਕੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਹਸਪਤਾਲ ਦੇ ਸੀਨੀਅਰ ਅਧਿਕਾਰੀਆਂ ਨਾਲ ਬੰਦ ਕਮਰਾ ਮੀਟਿੰਗ ਕਰਕੇ ਸਿਹਤ ਸੇਵਾਵਾਂ ਦੀ ਮੌਜੂਦਾ ਸਥਿਤੀ, ਚੁਣੌਤੀਆਂ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਮੀਟਿੰਗ ਵਿੱਚ ਸਿਹਤ ਸੇਵਾਵਾਂ ਦੀ ਡਾਇਰੈਕਟਰ ਡਾ. ਹਤਿੰਦਰ ਕੌਰ, ਲੁਧਿਆਣਾ ਦੀ ਸਿਵਲ ਸਰਜਨ ਡਾ. ਰਮਨਦੀਪ ਕੌਰ, ਜ਼ਿਲ੍ਹਾ ਸਰਕਾਰੀ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਅਖਿਲ ਸਰੀਨ, ਸੀਨੀਅਰ ਮੈਡੀਕਲ ਅਫਸਰ ਡਾ. ਰੋਹਿਤ ਰਾਮ ਪਾਲ ਸਮੇਤ ਹੋਰ ਕਈ ਅਧਿਕਾਰੀ ਹਾਜ਼ਰ ਰਹੇ। ਮੀਟਿੰਗ ਤੋਂ ਬਾਅਦ ਪ੍ਰਿੰਸਿਪਲ ਸਕੱਤਰ ਨੇ ਸਿਵਲ ਸਰਜਨ ਦਫ਼ਤਰ ਦੇ ਕਲੈਰੀਕਲ ਸਟਾਫ ਤੋਂ ਇਲਾਵਾ ਹੋਰ ਅਧਿਕਾਰੀਆਂ ਨਾਲ ਵੀ ਵੱਖਰੀ ਮੀਟਿੰਗ ਕਰਕੇ ਪ੍ਰਸ਼ਾਸਨਿਕ ਕੰਮਕਾਜ ਅਤੇ ਸਿਹਤ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਸੁਝਾਅ ਲਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਿੰਸਿਪਲ ਸਕੱਤਰ ਕੁਮਾਰ ਰਾਹੁਲ ਨੇ ਕਿਹਾ ਕਿ ਸਿਹਤ ਵਿਭਾਗ ਲੁਧਿਆਣਾ ਲਈ ਇੱਕ ਵਿਸ਼ੇਸ਼ ਸਿਹਤ ਪੈਕੇਜ ਲਿਆਉਣ ਦੀ ਤਿਆਰੀ ਕਰ ਰਿਹਾ ਹੈ। ਇਸ ਪੈਕੇਜ ਤਹਿਤ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਹੋਰ ਬਿਹਤਰ ਅਤੇ ਆਧੁਨਿਕ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਕਰਨਾ ਹੈ ਤਾਂ ਜੋ ਹਰ ਲੋੜਵੰਦ ਨੂੰ ਮਿਆਰੀ ਅਤੇ ਸਸਤਾ ਇਲਾਜ ਮਿਲ ਸਕੇ। ਉਨ੍ਹਾਂ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਲੁਧਿਆਣਾ ਦੇ ਲੋਕਾਂ ਲਈ ਸਿਹਤ ਵਿਭਾਗ ਵੱਲੋਂ ਕਈ ਹੋਰ ਵੱਡੀਆਂ ਯੋਜਨਾਵਾਂ ਅਤੇ ਪ੍ਰੋਜੈਕਟ ਵੀ ਸ਼ੁਰੂ ਕੀਤੇ ਜਾਣਗੇ, ਜਿਨ੍ਹਾਂ ਨਾਲ ਇਲਾਜ ਦੀ ਗੁਣਵੱਤਾ ਵਿੱਚ ਸੁਧਾਰ, ਆਧੁਨਿਕ ਮੈਡੀਕਲ ਸਾਜ਼ੋ-ਸਾਮਾਨ ਦੀ ਉਪਲਬਧਤਾ ਅਤੇ ਮਰੀਜ਼ਾਂ ਨੂੰ ਬਿਹਤਰ ਸਹੂਲਤਾਂ ਯਕੀਨੀ ਬਣਾਈਆਂ ਜਾਣਗੀਆਂ। ਪ੍ਰਿੰਸਿਪਲ ਸਕੱਤਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ, ਸਾਫ਼-ਸੁਥਰਾ ਮਾਹੌਲ ਤੇ ਪਾਰਦਰਸ਼ੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਪਹਿਲ ਦਿੱਤੀ ਜਾਵੇ, ਤਾਂ ਜੋ ਸਰਕਾਰੀ ਹਸਪਤਾਲ ਲੋਕਾਂ ਦੀ ਪਹਿਲੀ ਪਸੰਦ ਬਣ ਸਕਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਮਕਸਦ ਹਰ ਨਾਗਰਿਕ ਤੱਕ ਉੱਚ ਪੱਧਰੀ ਸਿਹਤ ਸੇਵਾਵਾਂ ਪਹੁੰਚਾਉਣਾ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।