ਸਰਕਾਰ ਦੁਆਰਾ ਸੋਧੀ ਗਈ ਲੈਂਡ ਪੂਲਿੰਗ ਨੀਤੀ ਕਿਸਾਨ ਵਿਰੋਧੀ : ਗਿਆਸਪੁਰਾ ਸਰਕਾਰ ਦੁਆਰਾ ਸੋਧੀ ਗਈ ਲੈਂਡ ਪੂਲਿੰਗ ਨੀਤੀ ਕਿਸਾਨ ਵਿਰੋਧੀ: ਗਿਆਸਪੁਰਾ
Publish Date: Mon, 20 Jul 2026 09:49 PM (IST)
Updated Date: Mon, 20 Jul 2026 09:52 PM (IST)
- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਲਕੇ 4 ਘੰਟੇ ਲਈ ਟੋਲ ਪਲਾਜ਼ੇ ਹੋਣਗੇ ਫਰੀ ਸਰਵਣ ਸਿੰਘ ਭੰਗਲਾਂ, ਪੰਜਾਬੀ ਜਾਗਰਣ ਸਮਰਾਲਾ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੁਝ ਸਮਾਂ ਪਹਿਲਾਂ ਲੈਂਡ ਪੂਲਿੰਗ ਨੀਤੀ ਲਿਆਂਦੀ ਸੀ ਅਤੇ ਸਰਕਾਰੀ ਮੀਡੀਆ ਰਾਹੀਂ ਇਸ ਦੇ ਲਾਭ ਵੀ ਦੱਸੇ ਸਨ ਪਰ ਕਿਸਾਨਾਂ ਵੱਲੋਂ ਕੀਤੇ ਜ਼ਬਰਦਸਤ ਵਿਰੋਧ ਕਾਰਨ ਪੰਜਾਬ ਸਰਕਾਰ ਨੂੰ ਆਪਣੇ ਫੈਸਲੇ ਤੋਂ ਪਿੱਛੇ ਹਟਣਾ ਪਿਆ ਸੀ। ਹੁਣ ਪਿਛਲੇ ਦਿਨੀਂ ਪੰਜਾਬ ਸਰਕਾਰ ਨੇ ਮੁੜ ਸੋਧ ਕੇ ਲੈਂਡ ਪੂਲਿੰਗ ਨੀਤੀ ਲਿਆਂਦੀ, ਪਰ ਇਹ ਸੋਧੀ ਨੀਤੀ ਵੀ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਵਿੱਚ ਨਹੀਂ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਰਦੀਪ ਸਿੰਘ ਗਿਆਸਪੁਰਾ ਪ੍ਰਧਾਨ ਜ਼ਿਲ੍ਹਾ ਲੁਧਿਆਣਾ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਜੋ ਇੱਕ ਖੇਤੀ ਪ੍ਰਧਾਨ ਸੂਬਾ ਹੈ, ਜਿਸ ਦੀ ਪੂਰਨ ਆਰਥਿਕਤਾ ਖੇਤੀਬਾੜੀ ਉੱਤੇ ਟਿਕੀ ਹੋਈ ਹੈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਤਿੰਨ ਕਾਲੇ ਕਾਨੂੰਨ ਪਾਸ ਕਰ ਕੇ ਪੰਜਾਬ ਨੂੰ ਤਬਾਹ ਕਰਨ ਦੀ ਸਾਜਿਸ਼ ਰਚੀ ਸੀ, ਹੁਣ ਪੰਜਾਬ ਸਰਕਾਰ ਵੀ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਲੀਹਾਂ ਉੱਤੇ ਤੁਰ ਕਿ ਪੰਜਾਬ ਦੀ ਉਪਜਾਊ ਜ਼ਮੀਨ ਨੂੰ ਵੱਡੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰ ਕੇ ਉਨ੍ਹਾਂ ਨੂੰ ਲਾਭ ਪਹੁੰਚਾਉਣ ਦੇ ਮਨਸੂਬੇ ਬਣਾ ਰਹੀ ਹੈ। ਜਿਸ ਪੰਜਾਬ ਦੇ ਕਿਰਸਾਨ ਹਰਗਿਜ਼ ਬਰਦਾਸ਼ਤ ਨਹੀਂ ਕਰਨਗੇ। ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜੋ ਪਹਿਲਾਂ ਤੋਂ ਹੀ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕ ਵਿੱਚ ਚਟਾਨ ਵਾਂਗ ਖੜ੍ਹੀ ਹੈ, ਹੁਣ ਵੀ ਪੰਜਾਬ ਸਰਕਾਰ ਦੇ ਗਲਤ ਮਨਸੂਬਿਆਂ ਨੂੰ ਅਮਲੀ ਜਾਮਾ ਨਹੀਂ ਪਹਿਨਾਉਣ ਦੇਵੇਗੀ, ਉਸ ਲਈ ਚਾਹੇ ਕੋਈ ਵੀ ਕੁਰਬਾਨੀ ਦੇਣੀ ਪਵੇ ਯੂਨੀਅਨ ਪਿੱਛੇ ਨਹੀਂ ਹਟੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਉਨ੍ਹਾਂ ਦੁਆਰਾ ਦਿੱਤੀ ਸ਼ਹਾਦਤ ਨੂੰ ਦਰਸਾਉਂਦੀ ਸਤਲੁਜ ਫਿਲਮ ਤੇ ਕੇਂਦਰ ਸਰਕਾਰ ਵੱਲੋਂ ਜਿਸ ਤਰ੍ਹਾਂ ਪਾਬੰਦੀ ਲਗਾਈ ਹੈ, ਉਹ ਬਹੁਤ ਹੀ ਨਿੰਦਣਯੋਗ ਗੱਲ ਹੈ, ਜਿਸ ਦਾ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਸਮੁੱਚੇ ਰੂਪ ਵਿੱਚ ਵਿਰੋਧ ਕਰਦੀ ਹੈ ਅਤੇ ਮੰਗ ਕਰਦੀ ਹੈ ਕਿ ਇਸ ਫਿਲਮ ਉੱਤੋਂ ਪਾਬੰਦੀ ਹਟਾਈ ਜਾਵੇ। ਉਨ੍ਹਾਂ ਇਹ ਮੰਗ ਕੀਤੀ ਕਿ ਭਾਈ ਖਾਲੜਾ ਦੇ ਜੀਵਨ ਉੱਤੇ ਬਣਾਈ ਫਿਲਮ ਨੂੰ ਪੰਜਾਬ ਦੇ ਹਰ ਪਿੰਡ ਵਿੱਚ ਦਿਖਾਉਣ ਦੇ ਉਪਰਾਲੇ ਕੀਤੇ ਜਾਣ ਤਾਂ ਜੋ ਸਮੇਂ ਦੀਆਂ ਸਰਕਾਰਾਂ ਦੁਆਰਾ ਢਾਹੇ ਅਣਮਨੁੱਖੀ ਤਸ਼ੱਦਦ ਨੂੰ ਦੁਨੀਆ ਸਾਹਮਣੇ ਦਿਖਾਇਆ ਜਾਵੇ। ਭਾਈ ਜਸਵੰਤ ਸਿੰਘ ਖਾਲੜਾ ਜਿਨ੍ਹਾਂ ਦੇ ਪੰਜਾਬ ਦੀ ਨੌਜਵਾਨੀ ਦੇ ਹੱਕ ਵਿੱਚ ਖੜ੍ਹੇ, ਜਿਨ੍ਹਾਂ ਉਨ੍ਹਾਂ ਉੱਤੇ ਪੁਲਿਸ ਦੁਆਰਾ ਢਾਹੇ ਗਏ ਅੰਨ੍ਹੇ ਤਸ਼ੱਦਦ ਨੇ ਦੁਨੀਆ ਦੇ ਹਿਰਦੇ ਵਲੂੰਦਰ ਕੇ ਰੱਖ ਦਿੱਤੇ। ਉਨ੍ਹਾਂ ਕਿਹਾ ਕਿ ਭਲਕੇ 22 ਜੁਲਾਈ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪੰਜਾਬ ਦੀਆਂ ਸਮੂਹਿਕ ਕਿਸਾਨ ਜਥੇਬੰਦੀਆਂ ਆਪੋ-ਆਪਣੇ ਹਲਕੇ ਵਿੱਚ ਪੈਂਦੇ ਟੋਲ ਪਲਾਜ਼ਿਆਂ ਨੂੰ 4 ਘੰਟੇ ਲਈ ਫਰੀ ਕਰਨਗੇ। ਉਨ੍ਹਾਂ ਬੀਕੇਯੂ (ਕਾਦੀਆਂ) ਦੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਜ਼ਦੀਕ ਪੈਂਦੇ ਟੋਲ ਪਲਾਜਿਆਂ ਦੇ ਪੁੱਜ ਕੇ ਇਸ ਸੰਘਰਸ਼ ਦਾ ਹਿੱਸਾ ਬਣਨ।